ਚੰਡੀਗੜ੍ਹ: ਕੋਰੋਨਾ ਵਾਇਰਸ ਦੇ ਕਾਰਨ ਦੇਸ਼ ਭਰ ਵਿੱਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਾਰਨ ਦੇਸ਼ ਭਰ 'ਚ ਸਕੂਲ, ਕਾਲਜ, ਸੈਰ-ਸਪਾਟਾ ਕੇਂਦਰ, ਮੀਟਿੰਗਾਂ, ਇਕੱਠ, ਰੈਲੀਆਂ, ਖੇਡ ਮੁਕਾਬਲੇ ਰੱਦ ਕੀਤੇ ਜਾ ਰਹੇ ਹਨ। ਉਥੇ ਹੀ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਅਗਲੇ ਹੁਕਮਾਂ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਵਿਰਾਸਤ-ਏ-ਖਾਲਸਾ ਬੰਦ ਕਰਨ ਦੇ ਆਦੇਸ਼ ਦੇ ਦਿੱਤੇ ਹਨ।
ਸੂਬਾ ਸਰਕਾਰ ਵੱਲੋਂ ਲਏ ਗਏ ਫ਼ੈਸਲੇ ਦੇ ਅਨੁਸਾਰ ਪੰਜਾਬ ਦੇ ਸੱਭਿਆਚਾਰਕ ਤੇ ਸੈਰ-ਸਪਾਟਾ ਵਿਭਾਗ ਅਧੀਨ ਆਉਂਦੇ ਵਿਸ਼ਵ ਪ੍ਰਸਿੱਧ ਵਿਰਾਸਤ-ਏ-ਖਾਲਸਾ ਨੂੰ ਅਗਲੇ ਹੁਕਮਾਂ ਤੱਕ ਸੈਲਾਨੀਆਂ ਲਈ ਬੰਦ ਰੱਖਿਆ ਜਾ ਰਿਹਾ ਹੈ।
ਸੂਬਾ ਸਰਕਾਰ ਨੇ ਵਿਰਾਸਤ-ਏ-ਖਾਲਸਾ ਵੇਖਣ ਆਉਣ ਵਾਲੇ ਸੈਲਾਨੀਆਂ ਨੂੰ ਇਹ ਬੇਨਤੀ ਕੀਤੀ ਹੈ ਕਿ ਆਪਣਾ ਪ੍ਰੋਗਰਾਮ ਬਣਾਉਣ ਤੋਂ ਪਹਿਲਾਂ ਵਿਰਾਸਤ-ਏ-ਖਾਲਸਾ ਦੇ ਖੁੱਲ੍ਹੇ ਹੋਣ ਬਾਰੇ ਜਾਣਕਾਰੀ ਹਾਸਲ ਕਰ ਲੈਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਆਵੇ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਸਰ ਜ਼ਿਲ੍ਹਾ ਪ੍ਰਸ਼ਾਸਨ ਨੇ ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ਦੀ ਬੇਸਮੈਂਟ ’ਚ ਸ਼ਰਧਾਲੂਆਂ ਦੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਸੀ।
ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਸੂਬਾ ਸਰਕਾਰ ਨੇ ਸੂਬੇ ਦੇ ਸਾਰੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜੋ: ਕੋਵਿਡ-19 ਨੂੰ ਲੈ ਕੇ ਪੰਜਾਬ ਸਰਕਾਰ ਅਲਰਟ, ਜਾਰੀ ਕੀਤਾ ਹੁਣ ਤੱਕ ਦਾ ਵੇਰਵਾ
ਦੱਸ ਦੇਈਏ ਕਿ ਵਿਸ਼ਵ ਸਿਹਤ ਸੰਗਠਨ ਮੁਤਾਬਕ 15 ਮਾਰਚ ਤੱਕ ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਦੇ 1,50,000 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ ਦੁਨੀਆਂ ਭਰ ਵਿੱਚ 5,700 ਮੌਤਾਂ ਹੋ ਚੁੱਕੀਆਂ ਹਨ। ਉਥੇ ਹੀ ਭਾਰਤ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 107 ਹੋ ਚੁੱਕੀ ਹੈ।