ਚੰਡੀਗੜ੍ਹ: ਦੇਸ਼ ਭਰ ਵਿੱਚ ਨਾਗਰਿਕ ਸੋਧ ਕਾਨੂੰਨ ਲਾਗੂ ਕਰ ਦਿੱਤਾ ਗਿਆ ਹੈ, ਜਿਸ ਦੇ ਬਾਰੇ ਬੋਲਦੇ ਹੋਏ ਕੇਂਦਰੀ ਵਿੱਤ ਰਾਜ ਮੰਤਰੀ ਅਨੁਰਾਗ ਠਾਕੁਰ ਨੇ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਨਾਗਰਿਕ ਸੋਧ ਕਾਨੂੰਨ ਦੇ ਤਹਿਤ ਇਹ ਧਾਰਨਾ ਗ਼ਲਤ ਫੈਲਾਈ ਜਾ ਰਹੀ ਹੈ ਕਿ ਮੁਸਲਮਾਨਾਂ ਨੂੰ ਇਸ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਉਨ੍ਹਾਂ ਕਿਹਾ ਇਹ ਬਿੱਲ ਕਿਸੇ ਦੀ ਨਾਗਰਿਕਤਾ ਖੋਹਣ ਲਈ ਨਹੀਂ ਬਲਕਿ ਨਾਗਰਿਕਤਾ ਦੇਣ ਦੇ ਲਈ ਬਣਾਇਆ ਗਿਆ ਹੈ।
ਅਨੁਰਾਗ ਠਾਕੁਰ ਨੇ ਕਿਹਾ ਕਿ ਸੀਏਏ ਬਾਰੇ ਗ਼ਲਤ ਅਫਵਾਹਾਂ ਫੈਲਾਉਣ ਦੇ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ, ਮਮਤਾ ਬੈਨਰਜੀ ਅਤੇ ਕੇਜਰੀਵਾਲ ਦਾ ਹੱਥ ਹੈ। ਉਨ੍ਹਾਂ ਕਿਹਾ ਕਿ ਮੈਂ ਚੁਣੌਤੀ ਦੇਣਾ ਚਾਹੁੰਦਾ ਹਾਂ ਕਿ ਜੇਕਰ ਕੋਈ ਵੀ ਇਸ ਬਿੱਲ ਦੇ ਵਿੱਚੋਂ ਇੱਕ ਸ਼ਬਦ ਵੀ ਅਜਿਹਾ ਕੱਢ ਕੇ ਦਿਖਾਵੇ ਜੋ ਕਿ ਹਿੱਤਾਂ ਦੇ ਖ਼ਿਲਾਫ਼ ਹੋਵੇ ਅਤੇ ਕਿਸੇ ਜਾਤੀ ਧਰਮ ਦੇ ਖਿਲਾਫ ਹੋਵੇ। ਉਨ੍ਹਾਂ ਨੇ ਕਿਹਾ ਕਿ ਭਾਜਪਾ ਸ਼ੁਰੂ ਤੋਂ ਹੀ ਸਾਰੇ ਧਰਮਾਂ ਨੂੰ ਨਾਲ ਲੈ ਕੇ ਚੱਲਣ ਵਾਲੀ ਪਾਰਟੀ ਰਹੀ ਹੈ, ਇਸ ਨੂੰ ਗ਼ਲਤ ਢੰਗ ਨਾਲ ਪ੍ਰਚਾਰ ਕਰ ਕੇ ਦਿਖਾਇਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਵਿੱਚ ਜੋ ਡਿਟੈਂਸ਼ਨ ਸੈਂਟਰ ਬਣਾਏ ਜਾ ਰਹੇ ਹਨ ਉਸ ਦਾ ਝੂਠ ਵੀ ਸਾਰਿਆਂ ਦੇ ਸਾਹਮਣੇ ਆ ਚੁੱਕਿਆ ਹੈ। ਉਨ੍ਹਾਂ ਨੇ ਕਿਹਾ ਕਿ ਡਿਟੈਨਸ਼ਨ ਸੈਂਟਰ ਬਣਵਾਉਣ ਦੀ ਸ਼ੁਰੂਆਤ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਾਰਜਕਾਲ 'ਚ ਹੋਈ ਸੀ, ਇਹ ਸਭ ਕਾਂਗਰਸ ਸਰਕਾਰ ਦੇ ਵੱਲੋਂ ਸ਼ੁਰੂ ਕੀਤਾ ਗਿਆ ਸੀ ਜਿਸ ਨੂੰ ਅਮਲੀ ਜਾਮਾ ਭਾਜਪਾ ਨੇ ਪਵਾਇਆ ਹੈ ਅਤੇ ਇਸ ਵਿੱਚ ਭਾਜਪਾ ਦਾ ਕੋਈ ਵੀ ਰੋਲ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਮੁਸਲਮਾਨਾਂ ਨੂੰ ਵੋਟ ਬੈਂਕ ਦੀ ਤਰ੍ਹਾਂ ਇਸਤੇਮਾਲ ਕਰਦੀ ਹੈ ਅਤੇ ਭਾਰਤੀ ਜਨਤਾ ਪਾਰਟੀ ਹੁਣ ਰਿਫਿਊਜੀਆਂ ਨੂੰ ਨਾਗਰਿਕਤਾ ਦੇ ਕੇ ਕਾਂਗਰਸ ਦਾ ਇਹ ਨਕਾਬ ਵੀ ਉਤਾਰ ਦਵੇਗੀ।