ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਵਿਭਾਗ ਵੱਲੋਂ ਮੰਗਲਵਾਰ ਨੂੰ ਤਰਸ ਦੇ ਆਧਾਰ 'ਤੇ ਯੋਗ ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ। ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਵੱਲੋਂ ਪੰਜਾਬ ਭਵਨ ਵਿਖੇ 76 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਨਿਯੁਕਤੀ ਪੱਤਰ ਲੈਣ ਵਾਲਿਆਂ ਵਿਚ ਇੱਕ ਮਾਸਟਰ ਕੈਡਰ, 28 ਕਲਰਕਾਂ, 26 ਲਾਇਬਰੇਰੀ ਰਿਸਟੋਰਰਜ਼ ਅਤੇ 21 ਦਰਜਾ ਚਾਰ ਕਰਮਚਾਰੀ ਸ਼ਾਮਲ ਹਨ।
ਇਸ ਮੌਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲੀ ਸਿੱਖਿਆ ਨੇ ਪੂਰੀ ਤਰ੍ਹਾਂ ਧਿਆਨ ਕੇਂਦਰਤ ਕੀਤਾ ਹੋਇਆ ਹੈ, ਕਿਉਂਕਿ ਇਹ ਦੇਸ਼ ਦੀ ਤਕਦੀਰ ਨੂੰ ਤਰਾਸ਼ਣ ਅਤੇ ਬੱਚਿਆਂ ਦੇ ਭਵਿੱਖ ਦੀ ਬੁਨਿਆਦ ਰੱਖਣ ਲਈ ਬਹੁਤ ਅਹਿਮ ਹੈ।
ਉਨ੍ਹਾਂ ਕਿਹਾ ਸੂਬਾ ਸਰਕਾਰ ਦੀਆਂ ਸਕੀਮਾਂ ਵਿੱਚ ਸਕੂਲ ਸਿੱਖਿਆ ’ਤੇ ਮੁੱਖ ਜ਼ੋਰ ਦਿੱਤਾ ਗਿਆ ਹੈ ਅਤੇ ਅਧਿਆਪਕਾਂ, ਕਲੈਰੀਕਲ ਸਟਾਫ਼ ਤੇ ਦਰਜਾ ਚਾਰ ਮੁਲਾਜ਼ਮਾਂ ਸਣੇ ਕਰਮਚਾਰੀਆਂ ਦੀਆਂ ਸਾਰੀਆਂ ਸ਼੍ਰੇਣੀਆਂ ’ਤੇ ਪੂਰਾ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸਾਰੇ ਨਵੇਂ ਨਿਯੁਕਤ ਹੋਏ ਮੁਲਾਜ਼ਮਾਂ ਨੂੰ ਆਉਣੀ ਡਿਊਟੀ ਪੂਰੀ ਜ਼ਿੰਮੇਵਾਰੀ, ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਹੈ।