ਚੰਡੀਗੜ੍ਹ: ਅਜਨਾਲਾ ਥਾਣੇ ਦੇ ਬਾਹਰ ਹੋਈ ਹਿੰਸਕ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੇ ਵੱਡਾ ਐਕਸ਼ਨ ਲੈਂਦੇ ਹੋਏ ਗੁਪਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਹੈ ਕੇ ਪੰਜਾਬ ਪੁਲਿਸ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 9 ਸਾਥੀਆਂ ਦੇ ਅਸਲਾ ਲਾਇਸੈਂਸ ਰੱਦ ਕਰ ਦਿੱਤੇ ਹਨ। ਖ਼ਬਰ ਇਹ ਹੈ ਕਿ ਇਹ ਕਾਰਵਾਈ ਗੁਪਤ ਤਰੀਕੇ ਨਾਲ ਕੀਤੀ ਗਈ ਹੈ ਤੇ ਇਸ ਕਾਰਵਾਈ ਨੂੰ ਲੈ ਕੇ ਪੰਜਾਬ ਪੁਲਿਸ ਦੇ ਅਧਿਕਾਰੀ ਪੂਰੀ ਤਰ੍ਹਾਂ ਮੁਸਤੈਦ ਹਨ। ਹਾਲਾਂਕਿ ਇਸ ਦੀ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੈ।
ਅਜਨਾਲਾ ਵਿੱਚ ਵਾਪਰੀ ਸੀ ਹਿੰਸਕ ਘਟਨਾ: ਦੱਸ ਦਈਏ ਕਿ ਪਿਛਲੇ ਮਹੀਨੇ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਨੇ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਛੁਡਾਉਣ ਲਈ ਹਥਿਆਰਾਂ ਨਾਲ ਲੈਂਸ ਥਾਣੇ ਉੱਤੇ ਹਮਲਾ ਕਰ ਦਿੱਤਾ ਸੀ। ਇਸ ਘਟਨਾ ਦੌਰਾਨ ਕਈ ਪੁਲਿਸ ਮੁਲਾਜ਼ਮ ਜਖਮੀ ਵੀ ਹੋ ਗਏ ਸਨ। ਲਵਪ੍ਰੀਤ ਸਿੰਘ ਤੂਫਾਨ ਕੁੱਟਮਾਰ ਦੇ ਮਾਮਲੇ ਵਿੱਚ ਅਜਨਾਲਾ ਥਾਣੇ ਵਿੱਚ ਬੰਦ ਸੀ, ਜਿਸ ਨੂੰ ਛੁਡਾਉਣ ਲਈ ਇਹ ਹਿੰਸਕ ਘਟਨਾ ਵਾਪਸੀ ਸੀ। ਇਸ ਹਿੰਸਾ ਤੋਂ ਬਾਅਦ ਪੁਲਿਸ ਅਤੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਿਚਾਲੇ ਸਮਝੌਤਾ ਹੋ ਗਿਆ ਸੀ ਤੇ ਪੁਲਿਸ ਲਵਪ੍ਰੀਤ ਸਿੰਘ ਤੂਫਾਨ ਨੂੰ ਛੱਡਣ ਲਈ ਸਹਿਮਤ ਹੋ ਗਈ ਸੀ।
ਅੰਮ੍ਰਿਤਪਾਲ ਉੱਤੇ ਉੱਠੇ ਕਈ ਸਵਾਲ: ਅਜਨਾਲਾ ਹਿੰਸਕ ਘਟਨਾ ਤੋਂ ਬਾਅਦ ਅੰਮ੍ਰਿਤਪਾਲ ਉੱਤੇ ਕਈ ਸਵਾਲ ਖੜ੍ਹੇ ਹੋ ਰਹੇ ਹਨ। ਸਰਕਾਰ ਅਤੇ ਵਿਰੋਧੀਆਂ ਵੱਲੋਂ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਉਤੇ ਇਲਜ਼ਾਮ ਲਾਇਆ ਜਾ ਰਿਹਾ ਹੈ ਕਿ ਉਹਨਾਂ ਨੂੰ ਪਾਕਿਸਤਾਨ ਫੰਡਿੰਗ ਕਰ ਰਿਹਾ ਹੈ। ਹਾਲਾਂਕਿ ਇਸ ਸਬੰਧੀ ਕੋਈ ਵੀ ਅਧਿਕਾਰਿਕ ਪੁਸ਼ਟੀ ਨਹੀਂ ਹੈ ਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵੱਲੋਂ ਵੀ ਖਦਸ਼ੇ ਜਤਾਏ ਜਾ ਰਹੇ ਹਨ ਕਿ ਅੰਮ੍ਰਿਤਪਾਲ ਪਿੱਛੇ ਏਜੰਸੀਆਂ ਦਾ ਹੱਥ ਹੈ। ਇਸ ਦੇ ਨਾਲ ਹੀ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰੀ ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਤੋਂ ਸਮਰਥਨ ਮਿਲ ਰਿਹਾ ਹੈ।
ਕੌਣ ਹੈ ਅੰਮ੍ਰਿਤਪਾਲ ਸਿੰਘ ?: ਲਗਾਤਾਰ ਚਰਚਾ ਵਿੱਚ ਰਹਿ ਰਹੇ ਅਮ੍ਰਿਤਪਾਲ ਸਿੰਘ 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਹਨ। ਦੱਸ ਦਈਏ ਕਿ ਅਦਾਕਾਰ ਦੀਪ ਸਿੱਧੂ ਦੀ ਮੌਤ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੂੰ 'ਵਾਰਿਸ ਪੰਜਾਬ ਦੇ' ਜਥੇਬੰਦੀ ਦਾ ਮੁਖੀ ਬਣਾਇਆ ਗਿਆ ਹੈ ਜੋ ਕਿ ਦੁਬਈ ਤੋਂ ਆਇਆ ਹੈ। ਅੰਮ੍ਰਿਤਪਾਲ ਸਿੰਘ ਦਾ ਜਨਮ ਅੰਮ੍ਰਿਤਸਰ ਦੇ ਜੱਦੂਖੇੜ੍ਹਾ ਪਿੰਡ ਵਿੱਚ ਹੋਇਆ ਹੈ। ਅੰਮ੍ਰਿਤਪਾਲ ਸਿੰਘ ਨੇ ਪਿਛਲੇ ਦਿਨੀਂ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਉਹ ਭਾਰਤ ਦਾ ਨਾਗਰਿਕ ਨਹੀਂ ਹੈ, ਪਾਸਪੋਰਟ ਸਿਰਫ਼ ਇੱਕ ਕਾਗਜ਼ੀ ਦਸਤਾਵੇਜ਼ ਹੈ।
ਇਹ ਵੀ ਪੜੋ: Today Hukamnama 7 March, 2023 : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ