ਚੰਡੀਗੜ੍ਹ: ਆਲ ਇੰਡੀਆ ਆਸ਼ਾ ਵਰਕਰਜ਼ ਅਤੇ ਆਸ਼ਾ ਫੈਸਿਲੀਟੇਟਰਜ਼ ਯੂਨੀਅਨ ਪੰਜਾਬ ਦੇ ਇੱਕ ਵਫ਼ਦ ਵੱਲੋਂ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨਾਲ ਆਪਣੀਆਂ ਮੰਗਾਂ ਨੂੰ ਲੈ ਕੇ ਮੁਲਾਕਾਤ ਕੀਤੀ।
ਇਸ ਮੁਲਾਕਾਤ ਤੋਂ ਬਾਅਦ ਈਟੀਵੀ ਭਾਰਤ ਨਾਲ ਖਾਸ ਗੱਲਬਾਤ ਕਰਦਿਆਂ ਯੂਨੀਅਨ ਦੇ ਚੇਅਰਮੈਨ ਸੱਜਣ ਸਿੰਘ ਨੇ ਦੱਸਿਆ ਕਿ ਕਈ ਮੰਗਾਂ ਨੂੰ ਲੈ ਕੇ ਸਿਹਤ ਮੰਤਰੀ ਨਾਲ ਮੁਲਾਕਾਤ ਕੀਤੀ ਗਈ। ਇਨ੍ਹਾਂ ਮੰਗਾਂ ਵਿੱਚ ਇੱਕ ਮੰਗ ਕੋਰੋਨਾ ਮਹਾਂਮਾਰੀ ਦੇ ਦੌਰ ਵਿੱਚ ਸੋਸ਼ਲ ਮੀਡੀਆ 'ਤੇ ਆਸ਼ਾ ਵਰਕਰਾਂ ਬਾਰੇ ਹੋ ਰਹੇ ਗਲਤ ਪ੍ਰਚਾਰ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਇਸ ਖਿਲਾਫ਼ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਜੋ ਆਸ਼ਾ ਵਰਕਾਰਾਂ ਨੂੰ ਪਿੰਡਾਂ ਜਾ ਸ਼ਹਿਰਾਂ ਵਿੱਚ ਵੜ੍ਹਨ ਤੋਂ ਰੋਕੇਗਾ, ਉਨ੍ਹਾਂ ਖਿਲਾਫ਼ ਮਾਮਲੇ ਦਰਜ ਕਰ ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ।
ਸੱਜਣ ਸਿੰਘ ਨੇ ਦੱਸਿਆ ਕਿ ਅਬੋਹਰ ਦੇ ਦਰਜਾ ਚਾਰ ਕਰਮਚਾਰੀਆਂ ਸਣੇ ਕੱਢੀਆਂ ਗਈਆਂ ਆਸ਼ਾ ਵਰਕਰਾਂ ਨੂੰ ਮੁੜ ਬਹਾਲ ਕਰ ਦਿੱਤਾ ਗਿਆ ਅਤੇ 1500 ਰੁਪਏ ਭੱਤਿਆਂ ਦੇ ਵਿੱਚ ਕੀਤੀ ਕਟੌਤੀ ਵੀ ਤਾਂ ਮੁੜ ਬਹਾਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਬਲਬੀਰ ਸਿੰਘ ਸਿੱਧੂ ਨੇ ਕਿਸੇ ਵੀ ਆਸ਼ਾ ਵਰਕਰ ਦੇ ਕੋਰੋਨਾ ਪੌਜੀਟਿਵ ਆਉਣ 'ਤੇ 10 ਹਜ਼ਾਰ ਰੁਪਏ ਦੇਣ ਦੀ ਗੱਲ ਵੀ ਆਖੀ ਹੈ।
ਉੱਥੇ ਹੀ ਆਸ਼ਾ ਵਰਕਰ ਪੰਜਾਬ ਯੂਨੀਅਨ ਦੀ ਪ੍ਰਧਾਨ ਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰਿਆਣਾ ਦੇ ਪੈਟਰਨ 'ਤੇ ਤਨਖਾਹ ਤੇ ਭੱਤੇ ਦੇਣ ਦੀ ਮੰਗ ਕੀਤੀ ਗਈ, ਜਿਸ 'ਤੇ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੀ ਫਾਈਲ ਕੇਂਦਰ ਸਰਕਾਰ ਨੂੰ ਭੇਜੀ ਗਈ ਹੈ ਅਤੇ ਜਲਦ ਕੋਈ ਫੈਸਲਾ ਕੀਤਾ ਜਾਵੇਗਾ।
ਦੱਸ ਦੇਈਏ 31 ਅਗਸਤ ਤੋਂ ਹੜਤਾਲ 'ਤੇ ਬੈਠੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰ ਮੁੜ ਆਪਣੇ ਕੰਮ 'ਤੇ ਕੱਲ੍ਹ ਤੋਂ ਹੀ ਪਰਤਣਗੀਆਂ।