ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਕਿਹਾ ਹੈ ਕਿ ਹਜ਼ੂਰ ਸਾਹਿਬ ਦੇ ਗੁਰਦੁਆਰਾ ਲੰਗਰ ਸਾਹਿਬ ਦੇ ਲਗਭਗ 20-25 ਸੇਵਾਦਾਰਾਂ ਦੇ ਕੋਰੋਨਾ ਰੋਗੀ ਹੋਣ ਦੀ ਪੁਸ਼ਟੀ ਹੋ ਜਾਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਸਾਰੇ ਉਨ੍ਹਾਂ ਸਾਰੇ ਸਿਆਸੀ ਆਗੂਆਂ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ, ਜੋ ਨਾਂਦੇੜ ਤੋਂ ਵਾਪਸ ਆਏ ਸ਼ਰਧਾਲੂਆਂ ਦੇ ਕੋਰੋਨਾ ਰੋਗੀ ਹੋਣ ਪਿੱਛੇ ਕਿਸੇ ਸਾਜ਼ਿਸ਼ ਹੋਣ ਦਾ ਝੂਠਾ ਅਤੇ ਗੁੰਮਰਾਹਕੁੰਨ ਪ੍ਰਚਾਰ ਕਰ ਕੇ ਕੋਰੋਨਾ ਵਿਰੁੱਧ ਜੰਗ ਲੜ ਰਹੇ ਸਿਹਤ ਕਰਮੀਆਂ ਦਾ ਹੌਂਸਲਾ ਤੋੜਣ ਦਾ ਗੁਨਾਹ ਕਰਦੇ ਆ ਰਹੇ ਹਨ।
ਸਿੱਧੂ ਨੇ ਕਿਹਾ ਹੈ ਕਿ ਨਾਂਦੇੜ ਦੇ ਗੁਰਦੁਆਰਾ ਲੰਗਰ ਸਾਹਿਬ ਦੇ ਹੁਣ ਤੱਕ ਆਏ ਨਤੀਜਿਆਂ ਉਪਰੰਤ ਸੇਵਾਦਾਰਾਂ ਦੇ ਕੋਰੋਨਾ ਰੋਗੀ ਹੋਣ ਦੀ ਪੁਸ਼ਟੀ ਹੋਣ ਤੋਂ ਇਹ ਸਪਸ਼ਟ ਹੋ ਗਿਆ ਹੈ ਕਿ ਸ਼ਰਧਾਲੂ ਪੰਜਾਬ ਆਉਣ ਤੋਂ ਪਹਿਲਾਂ ਹੀ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਚੁੱਕੇ ਸਨ।
ਉਨ੍ਹਾਂ ਕਿਹਾ ਕਿ ਧਾਰਮਿਕ ਸ਼ਖਸੀਅਤਾਂ ਵੱਲੋਂ ਇਹ ਵੀ ਪੁਸ਼ਟੀ ਕੀਤੀ ਗਈ ਹੈ ਕਿ ਨਾਂਦੇੜ ਵਿਖੇ ਰਹਿ ਰਹੇ ਸ਼ਰਧਾਲੂਆਂ ਦੇ ਟੈਸਟ ਕੀਤੇ ਗਏ ਸੀ ਪਰ ਪੰਜਾਬ ਸਰਕਾਰ ਨੂੰ ਮਹਾਰਾਸ਼ਟਰ ਸਰਕਾਰ ਵੱਲੋਂ ਹੁਣ ਤੱਕ ਕਿਸੇ ਕਿਸਮ ਦੀ ਟੈਸਟ ਰਿਪੋਰਟ ਪ੍ਰਾਪਤ ਨਹੀਂ ਹੋਈ।
ਸਿਹਤ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਖਾਸ ਕਰ ਕੇ ਸੁਖਬੀਰ ਬਾਦਲ, ਹਰਸਿਮਰਤ ਬਾਦਲ, ਬਿਕਰਮ ਮਜੀਠੀਆ ਅਤੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਨਾਂ ਜਾਂਚ-ਪੜਤਾਲ ਤੋਂ ਇਸ ਬਹੁਤ ਹੀ ਸੰਵੇਦਨਸ਼ੀਲ ਮਾਮਲੇ ਉੱਤੇ ਬਹੁਤ ਹੀ ਸੌੜੀ ਸਿਆਸਤ ਕਰਦਿਆਂ ਹਲਕੇ ਪੱਧਰ ਦੀ ਬਿਆਨਬਾਜ਼ੀ ਕੀਤੀ। ਇਨ੍ਹਾਂ ਆਗੂਆਂ ਵੱਲੋਂ ਇਸ ਮਾਮਲੇ ਨੂੰ ਬਿਨਾਂ ਵਜਾਂ ਤੂਲ ਦੇ ਕੇ ਇਹ ਪ੍ਰਚਾਰਿਆ ਗਿਆ ਕਿ ਸਿੱਖਾਂ ਨੂੰ ਬਦਨਾਮ ਕਰਨ ਲਈ ਨਾਂਦੇੜ ਤੋਂ ਵਾਪਸ ਆਏ ਸ਼ਰਧਾਲੂਆਂ ਨੂੰ ਇੱਕ ਸਾਜ਼ਿਸ਼ ਤਹਿਤ ਕੋਰੋਨਾ ਮਰੀਜ਼ ਐਲਾਨਿਆ ਜਾ ਰਿਹਾ ਹੈ।