ਚੰਡੀਗੜ੍ਹ: ਪੰਜਾਬ ਚ ਵੱਧ ਰਹੇ ਕੋਰੋਨਾ ਕੇਸਾ ਦੇ ਮੱਦੇ ਨਜ਼ਰ ਸੂਬੇ ਭਰ ਚ ਸਿਆਸੀ ਰੈਲੀਾਂ ਉਤੇ 30 ਅਪ੍ਰੈਲ ਤੱਕ ਲਈ ਮੁਕੰਮਲ ਰੋਕ ਲਾ ਦਿੱਤੀ ਗਈ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 30 ਅਪ੍ਰੈਲ ਤਕ ਰਾਜਨੀਤਕ ਰੈਲੀਆਂ 'ਤੇ ਪੂਰਨ ਪਾਬੰਦੀ ਲਾਉਣ ਦੇ ਆਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਅਫਸਰਾਂ ਨੂੰ ਹੁਕਮ ਦਿੱਤਾ ਹੈ ਕਿ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ 'ਤੇ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਜਾਵੇਗਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਸਿਆਸੀ ਇਕੱਠਾਂ 'ਤੇ ਪਾਬੰਦੀ ਲਾਉਣ ਦੇ ਹੁਕਮ ਦੇਣ ਲਈ ਮਜਬੂਰ ਹਨ, ਕਿਉਂਕਿ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਅਜਿਹੇ ਸਮਾਗਮ ਕਰਨ ਤੋਂ ਗੁਰੇਜ਼ ਕਰਨ ਦੀਆਂ ਉਨ੍ਹਾਂ ਦੀਆਂ ਬੇਨਤੀਆਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਿਛਲੇ ਦਿਨਾਂ 'ਚ ਸੂਬੇ ਅੰਦਰ ਕੋਈ ਰੈਲੀ ਜਾਂ ਜਨਤਕ ਪ੍ਰੋਗਰਾਮ ਨਹੀਂ ਕੀਤਾ, ਜਦਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਸਮੇਤ ਕੁਝ ਹੋਰ ਸਿਆਸੀ ਪਾਰਟੀਆਂ ਕੋਰੋਨਾ ਸੁਰੱਖਿਆ ਨਿਯਮਾਂ ਦੀ ਪਾਲਣਾ ਕੀਤੇ ਬਗੈਰ ਵੱਡੀ-ਵੱਡੀ ਸਿਆਸੀ ਰੈਲੀਆਂ ਕਰ ਰਹੇ ਹਨ।
ਮੁੱਖ ਮੰਤਰੀ ਨੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਦੇਸ਼ ਦਿੱਤੇ ਹਨ ਕਿ ਉਹ ਸਿਆਸੀ ਆਗੂਆਂ, ਪ੍ਰਬੰਧਕਾਂ ਤੇ ਰਾਜਨੀਤਕ ਇਕੱਠਾਂ 'ਚ ਹਿੱਸਾ ਲੈਣ ਵਾਲੇ ਲੋਕਾਂ ਵਿਰੁੱਧ ਡੀਐਮਏ ਤੇ ਮਹਾਂਮਾਰੀ ਐਕਟ ਤਹਿਤ ਕੇਸ ਦਰਜ ਕਰਨ। ਇਸ ਦੇ ਨਾਲ ਹੀ ਟੈਂਟ ਹਾਊਸਾਂ ਦੇ ਮਾਲਕਾਂ, ਜੋ ਅਜਿਹੇ ਇਕੱਠਾਂ ਲਈ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਂਦੇ ਹਨ, ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਿਹੜੇ ਪੈਲੇਸ ਮਾਲਕ ਜਾਂ ਹੋਰ ਲੋਕ ਸਮਾਗਮਾਂ ਲਈ ਥਾਂ ਮੁਹੱਈਆ ਕਰਵਾਉਂਦੇ ਪਾਏ ਗਏ, ਉਨ੍ਹਾਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਅਜਿਹੀ ਥਾਂ ਨੂੰ ਤਿੰਨ ਮਹੀਨਿਆਂ ਲਈ ਸੀਲ ਕਰ ਦਿੱਤੀ ਜਾਵੇਗਾ।