ਚੰਡੀਗੜ੍ਹ: ਸਰਬੱਤ ਸਿਹਤ ਬੀਮਾ ਯੋਜਨਾ ਨੂੰ ਮੀਲ ਦਾ ਪੱਥਰ ਦੱਸਿਆ 'ਤੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੇ 50 ਹਜ਼ਾਰ ਤੋਂ ਵੱਧ ਮਰੀਜ਼ ਇਸ ਯੋਜਨਾ ਤਹਿਤ 55 ਕਰੋੜ ਰੁਪਏ ਤੋਂ ਵੱਧ ਦਾ ਇਲਾਜ ਮੁਫ਼ਤ ਹੋ ਚੁੱਕਾ ਹੈ।
ਸਿੱਧੂ ਨੇ ਦਸਿਆ ਕਿ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੀ 75 ਫੀਸਦੀ ਆਬਾਦੀ ਕਵਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਯੋਜਨਾ ਤਹਿਤ 5 ਲੱਖ ਤੱਕ ਦਾ ਇਲਾਜ ਮੁਫ਼ਤ ਕਰਵਾ ਸਕਦੇ ਹਨ ਤੇ ਰਾਜ ਦੇ 600 ਤੋਂ ਵੱਧ ਹਸਪਤਾਲਾਂ ਹਨ ਜਿਨ੍ਹਾਂ 'ਚ ਪ੍ਰਾਈਵੇਟ ਹਸਪਤਾਲ ਵੀ ਸ਼ਾਮਲ ਹਨ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਰਾਜ ਦੇ ਲੋਕਾਂ ਨੂੰ ਸਿਹਤਯਾਬ ਰੱਖਣ ਲਈ ਜਿੱਥੇ ਵਾਤਾਵਰਨ ਨੂੰ ਹਰਿਆ-ਭਰਿਆ ਬਣਾਉਣ ਵਾਸਤੇ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਰੇਕ ਪਿੰਡ ਵਿੱਚ 550 ਬੂਟੇ ਲਗਾਏ ਹਨ ਉਥੇ ਹੀ ਰਾਜ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਲੋਕਾਂ ਨੂੰ ਵੱਧ ਚੜ ਕੇ ਪੁੱਜਣ ਦੀ ਅਪੀਲ ਕਰਦਿਆਂ ਸਿੱਧੂ ਨੇ ਕਿਹਾ ਕਿ ਸਾਨੂੰ ਇਹ ਸਮਾਗਮ ਸਿਆਸਤ ਤੋਂ ਉੱਪਰ ਉੱਠ ਕੇ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੁਨੇਹੇ ਨੂੰ ਮੁੱਖ ਰੱਖ ਕੇ ਮਨਾਉਣਾ ਚਾਹੀਦਾ ਹੈ।