ਚੰਡੀਗੜ੍ਹ: ਮਿਊਂਸਿਪਲ ਭਵਨ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਭਰਤੀ 271 ਸਪੈਸ਼ਲਿਸਟ ਡਾਕਟਰਾਂ, 90 ਲੈਬ ਤਕਨੀਸ਼ੀਅਨਾਂ ਅਤੇ 17 ਹੈਲਪਰਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਿਸ ਆਡੀਟੋਰੀਅਮ ਵਿੱਚ ਇਹ ਸਮਾਗਮ ਹੋ ਰਿਹਾ ਹੈ, ਉਹ ਵੱਖ-ਵੱਖ ਸਰਕਾਰੀ ਮਹਿਕਮਿਆਂ ਵਿੱਚ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਦਾ ਗਵਾਹ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਉਨ੍ਹਾਂ ਅਹੁਦਾ ਸੰਭਾਲਿਆ ਹੈ, ਉਦੋਂ ਤੋਂ ਹੁਣ ਤੱਕ ਵੱਖ-ਵੱਖ ਵਿਭਾਗਾਂ ਵਿੱਚ 25886 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਸਿਰਫ਼ 10 ਮਹੀਨਿਆਂ ਦੌਰਾਨ ਇੰਨੇ ਵੱਡੇ ਪੱਧਰ ਉਤੇ ਦਿੱਤੀਆਂ ਨੌਕਰੀਆਂ ਤੋਂ ਸੂਬਾ ਸਰਕਾਰ ਦੀ ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜਣ ਦੀ ਵਚਨਬੱਧਤਾ ਝਲਕਦੀ ਹੈ।
ਸਿਹਤ ਸੰਭਾਲ ਹੱਬ: ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਨੂੰ ਦੁਨੀਆਂ ਭਰ ਵਿੱਚੋਂ ‘ਸਿਹਤ ਸੰਭਾਲ ਹੱਬ’ ਵਜੋਂ ਉਭਾਰਨ ਲਈ ਦ੍ਰਿੜ੍ਹ ਸੰਕਲਪ ਲੈਕੇ ਤੁਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਦੇਣ ਲਈ ਆਗਾਮੀ ਪੰਜ ਸਾਲਾਂ ਵਿੱਚ 16 ਨਵੇਂ ਮੈਡੀਕਲ ਕਾਲਜ ਉਸਾਰਨ ਦਾ ਫੈਸਲਾ ਲਿਆ ਹੈ, ਜਿਸ ਨਾਲ ਸੂਬੇ ਵਿੱਚ ਮੈਡੀਕਲ ਕਾਲਜਾਂ ਦੀ ਕੁੱਲ ਗਿਣਤੀ ਵਧ ਕੇ 25 ਹੋ ਜਾਵੇਗੀ ਅਤੇ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਇਕ ਮੈਡੀਕਲ ਕਾਲਜ ਦੀ ਸਥਾਪਨਾ ਯਕੀਨੀ ਬਣੇਗੀ। ਭਗਵੰਤ ਮਾਨ ਨੇ ਕਿਹਾ ਕਿ ਇਹ ਕਾਲਜ ਇਕ ਪਾਸੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਨਗੇ, ਦੂਜੇ ਪਾਸੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੰਭਾਲ ਸਹੂਲਤਾਂ ਮੁਹੱਈਆ ਕਰਨ ਵਿੱਚ ਵੀ ਮਦਦਗਾਰ ਹੋਣਗੇ।
ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ: ਆਮ ਆਦਮੀ ਕਲੀਨਿਕਾਂ ਰਾਹੀਂ ਸੂਬੇ ਵਿੱਚ ਸਿਹਤ ਸੰਭਾਲ ਖੇਤਰ ਵਿੱਚ ਕ੍ਰਾਂਤੀ ਆਉਣ ਦਾ ਦਾਅਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਰੋਜ਼ਾਨਾ ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਕੁੱਲ ਮਰੀਜ਼ਾਂ ਵਿੱਚੋਂ 95 ਫੀਸਦੀ ਤੋਂ ਵੱਧ ਨੂੰ ਆਪਣੀਆਂ ਬਿਮਾਰੀਆਂ ਤੋਂ ਨਿਜ਼ਾਤ ਮਿਲੀ ਹੈ। ਉਨ੍ਹਾਂ ਕਿਹਾ ਕਿ 15 ਅਗਸਤ, 2022 ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਨ੍ਹਾਂ ਕਲੀਨਿਕਾਂ ਵਿੱਚ ਹੁਣ ਤੱਕ 10 ਲੱਖ ਤੋਂ ਵੱਧ ਮਰੀਜ਼ ਆਪਣੇ ਇਲਾਜ ਲਈ ਆ ਚੁੱਕੇ ਹਨ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਿਹਤ ਸੰਭਾਲ ਢਾਂਚੇ ਦੀ ਕਾਇਆ-ਕਲਪ ਕਰਨ ਵਿੱਚ ਇਹ ਕਲੀਨਿਕ ਅਹਿਮ ਭੂਮਿਕਾ ਨਿਭਾ ਰਹੇ ਹਨ।
ਰੋਜ਼ਗਾਰ ਦੇ ਖੇਤਰ ਵਿੱਚ ਮੁਕੰਮਲ ਤਬਦੀਲੀ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਿੱਖਿਆ, ਸਿਹਤ ਅਤੇ ਰੋਜ਼ਗਾਰ ਦੇ ਖੇਤਰ ਵਿੱਚ ਮੁਕੰਮਲ ਤਬਦੀਲੀ ਲਿਆਉਣ ਲਈ ਸੂਬਾ ਸਰਕਾਰ ਸ਼ਿੱਦਤ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਖੇਤਰਾਂ ਦੀ ਕਾਇਆ-ਕਲਪ ਕਰਨ ਲਈ ਵਚਨਬੱਧ ਹੈ ਅਤੇ ਇਨ੍ਹਾਂ ਖੇਤਰਾਂ ਵਿੱਚ ਸੁਧਾਰ ਉਤੇ ਜ਼ੋਰ ਦਿੱਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਲੋਕ ਇਨ੍ਹਾਂ ਖੇਤਰਾਂ ਤੋਂ ਲਾਹਾ ਲੈਣ ਦੇ ਯੋਗ ਹੋ ਸਕਣ। ਭਗਵੰਤ ਮਾਨ ਨੇ ਅਫ਼ਸੋਸ ਪ੍ਰਗਟਾਇਆ ਕਿ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਨੇ ਵੀ ਇਨ੍ਹਾਂ ਖੇਤਰਾਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਸੂਬਾ ਇਨ੍ਹਾਂ ਖੇਤਰਾਂ ਵਿੱਚ ਪਿੱਛੇ ਰਹਿ ਗਿਆ।
ਇਹ ਵੀ ਪੜ੍ਹੋ: ਸਰਕਾਰ ਦੀ ਮੁਹੱਲਾ ਕਲੀਨਿਕਾਂ ਪਿੱਛੇ ਰਣਨੀਤੀ ਕੀ? ਵਿਰੋਧੀਆਂ ਨੇ ਚੁੱਕੇ ਸਵਾਲ : ਖਾਸ ਰਿਪੋਰਟ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਗਤੀ ਦੇਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਸਨਅਤਕਾਰ ਖ਼ਾਸ ਸਿਆਸੀ ਪਰਿਵਾਰਾਂ ਨਾਲ ਹੀ ਗੱਲਬਾਤ ਅਤੇ ਸਮਝੌਤੇ ਕਰਦੇ ਸਨ, ਪਰ ਹੁਣ ਸਨਅਤਕਾਰ ਪੰਜਾਬ ਅਤੇ ਪੰਜਾਬ ਦੇ ਤਿੰਨ ਕਰੋੜ ਲੋਕਾਂ ਨਾਲ ਸਮਝੌਤੇ ਕਰਦੇ ਹਨ। ਭਗਵੰਤ ਮਾਨ ਨੇ ਉਮੀਦ ਪ੍ਰਗਟਾਈ ਕਿ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਨਾਲ ਪੰਜਾਬ ਦੇਸ਼ ਭਰ ਵਿੱਚ ਸਨਅਤੀ ਹੱਬ ਵਜੋਂ ਉੱਭਰੇਗਾ।