ਚੰਡੀਗੜ੍ਹ: ਪੰਜਾਬ ਸਰਕਾਰ ਵਿੱਤੀ ਸਾਲ 2023-24 ਲਈ ਆਪਣਾ ਸਾਲਾਨਾ ਬਜਟ 10 ਮਾਰਚ ਨੂੰ ਪੇਸ਼ ਕਰੇਗੀ ਕਿਉਂਕਿ 16ਵੀਂ ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 3 ਮਾਰਚ ਤੋਂ 24 ਮਾਰਚ ਤੱਕ ਚੱਲੇਗਾ। ਇਹ ਫੈਸਲਾ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਵਿੱਚ ਪੰਜਾਬ ਸਿਵਲ ਸਕੱਤਰੇਤ-1 ਵਿਖੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇੱਕ ਬੁਲਾਰੇ ਨੇ ਦੱਸਿਆ ਹੈ ਕਿ ਰਾਜਪਾਲ ਨੂੰ ਸੈਸ਼ਨ ਬੁਲਾਉਣ ਲਈ ਅਧਿਕਾਰਤ ਕੀਤਾ ਹੈ।
ਇਹ ਹੋਣਗੇ ਪ੍ਰੋਗਰਾਮ: ਉਨ੍ਹਾਂ ਦੱਸਿਆ ਕਿ ਬਜਟ ਸੈਸ਼ਨ 3 ਮਾਰਚ ਨੂੰ ਸਵੇਰੇ 10 ਵਜੇ ਰਾਜਪਾਲ ਦੇ ਭਾਸ਼ਣ ਨਾਲ ਸ਼ੁਰੂ ਹੋਵੇਗਾ ਅਤੇ ਬਾਅਦ ਦੁਪਹਿਰ 2 ਵਜੇ ਸ਼ਰਧਾਂਜਲੀ ਸਮਾਗਮ ਹੋਵੇਗਾ। ਇਸੇ ਤਰ੍ਹਾਂ 6 ਮਾਰਚ ਨੂੰ ਧੰਨਵਾਦ ਦਾ ਮਤਾ ਅਤੇ ਰਾਜਪਾਲ ਦੇ ਭਾਸ਼ਣ 'ਤੇ ਚਰਚਾ। ਸਾਲ 2021-22 ਲਈ ਭਾਰਤ ਦੇ ਕੰਪਟਰੋਲਰ ਅਤੇ ਆਡੀਟਰ ਜਨਰਲ ਦੀ ਰਿਪੋਰਟ, ਸਾਲ 2022-23 ਲਈ ਪੂਰਕ ਗ੍ਰਾਂਟਾਂ ਦੀ ਪੇਸ਼ਕਾਰੀ ਅਤੇ ਸਾਲ 2022-23 ਲਈ ਗ੍ਰਾਂਟਾਂ ਲਈ ਪੂਰਕ ਮੰਗਾਂ 'ਤੇ ਵਿਨਿਯੋਜਨ ਬਿੱਲ ਦੀ ਪੇਸ਼ਕਾਰੀ 7 ਮਾਰਚ ਨੂੰ ਕੀਤੀ ਜਾਵੇਗੀ। ਇਸ ਤੋਂ ਬਾਅਦ ਵਿਧਾਨਕ ਕੰਮਕਾਜ ਸ਼ੁਰੂ ਹੋਵੇਗਾ।
ਉਨ੍ਹਾਂ ਦੱਸਿਆ ਕਿ 9 ਮਾਰਚ ਨੂੰ ਗੈਰ-ਸਰਕਾਰੀ ਕੰਮ-ਕਾਜ ਹੋਵੇਗਾ ਅਤੇ ਸਾਲ 2023-24 ਲਈ ਬਜਟ ਅਨੁਮਾਨ 10 ਮਾਰਚ ਨੂੰ ਸਦਨ ਦੇ ਸਾਹਮਣੇ ਪੇਸ਼ ਕੀਤੇ ਜਾਣਗੇ ਅਤੇ ਇਸ ਤੋਂ ਬਾਅਦ ਬਜਟ 'ਤੇ ਆਮ ਚਰਚਾ ਕੀਤੀ ਜਾਵੇਗੀ। ਸਾਲ 2023-24 ਦੇ ਬਜਟ ਅਨੁਮਾਨਾਂ 'ਤੇ ਆਮ ਚਰਚਾ 11 ਮਾਰਚ ਨੂੰ ਸਵੇਰੇ 10 ਵਜੇ ਵੋਟਿੰਗ ਸ਼ੁਰੂ ਹੋਵੇਗੀ। 22 ਮਾਰਚ ਨੂੰ ਸਵੇਰੇ 10 ਵਜੇ ਗੈਰ-ਸਰਕਾਰੀ ਕੰਮਕਾਜ ਹੋਵੇਗਾ, ਜਿਸ ਤੋਂ ਬਾਅਦ 24 ਮਾਰਚ ਨੂੰ ਵਿਧਾਨ ਸਭਾ ਦਾ ਕੰਮਕਾਜ ਹੋਵੇਗਾ, ਜਿਸ ਤੋਂ ਬਾਅਦ ਸਦਨ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਜਾਵੇਗੀ।
ਐਸਓਪੀ ਤਿਆਰ ਕਰਨ ਲਈ ਕਮੇਟੀ ਨੂੰ ਪ੍ਰਵਾਨਗੀ : ਉਨ੍ਹਾਂ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਵਿੱਚ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਲਈ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ (ਐਸ.ਓ.ਪੀ.) ਬਣਾਉਣ ਲਈ ਵਿੱਤ ਵਿਭਾਗ ਵੱਲੋਂ ਬਣਾਈ ਗਈ ਅਧਿਕਾਰੀਆਂ ਦੀ ਕਮੇਟੀ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਵਿੱਤ ਵਿਭਾਗ ਨੇ ਆਪਣੇ ਨੋਟੀਫਿਕੇਸ਼ਨ ਰਾਹੀਂ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਹੈ ਉਨ੍ਹਾਂ ਦੱਸਿਆ ਕਿ ਸੂਬੇ ਵਿੱਚ ਘੱਟ ਆਮਦਨੀ ਵਾਲੇ ਵਰਗਾਂ ਨੂੰ ਸਸਤੇ ਭਾਅ 'ਤੇ ਮਕਾਨ ਦੇਣ ਲਈ ਮੰਤਰੀ ਮੰਡਲ ਨੇ ਕਿਫਾਇਤੀ ਕਲੋਨੀ ਨੀਤੀ-2023 ਨੂੰ ਵੀ ਨੋਟੀਫਾਈ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਰਾਜ ਦੇ ਲੌਜਿਸਟਿਕ ਸੈਕਟਰ ਦੇ ਸਰਵਪੱਖੀ ਵਿਕਾਸ ਦੇ ਮੰਤਵ ਨਾਲ ਮੰਤਰੀ ਮੰਡਲ ਨੇ "ਏਕੀਕ੍ਰਿਤ ਲੌਜਿਸਟਿਕਸ ਅਤੇ ਲੌਜਿਸਟਿਕ ਪਾਰਕ ਨੀਤੀ" ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਨੀਤੀ ਲੌਜਿਸਟਿਕਸ ਅਤੇ ਗੈਰ-ਈਵੀ ਰੈਫ੍ਰਿਜਰੇਟਿਡ ਵਾਹਨਾਂ (ਰੀਫਰ ਵਾਹਨਾਂ) ਲਈ ਵਪਾਰਕ ਈਵੀ ਦੀ ਵਰਤੋਂ ਨੂੰ ਉਤਸ਼ਾਹਿਤ ਕਰਦੀ ਹੈ।
ਇਹ ਵੀ ਪੜ੍ਹੋ: DSP Sekhon : ਬਰਖ਼ਾਸਤ ਡੀਐੱਸਪੀ ਸੇਖੋਂ ਨੂੰ ਪੇਸ਼ੀ ਲਈ ਲਿਆਈ ਲੁਧਿਆਣਾ ਪੁਲਿਸ, ਭਾਰੀ ਪੁਲਿਸ ਬਲ ਤਾਇਨਾਤ
'ਪੰਜਾਬ ਨੌਜਵਾਨ ਉੱਦਮੀ ਪ੍ਰੋਗਰਾਮ' ਨੂੰ ਮਨਜ਼ੂਰੀ: ਮੰਤਰੀ ਮੰਡਲ ਨੇ 'ਪੰਜਾਬ ਯੰਗ ਐਂਟਰਪ੍ਰੀਨਿਓਰ ਪ੍ਰੋਗਰਾਮ' ਨੂੰ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ, ਜੋਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਉੱਦਮੀ ਹੁਨਰ ਅਤੇ ਮਾਨਸਿਕਤਾ ਦੇ ਵਿਕਾਸ ਦੇ ਉਦੇਸ਼ ਨਾਲ ਤਿਆਰ ਕੀਤੀ ਗਈ ਹੈ। ਇਸ ਪ੍ਰੋਗਰਾਮ ਤਹਿਤ ਇੱਕ ਬਿਜ਼ਨਸ ਬਲਾਸਟਰ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ, ਜਿਸ ਦੇ ਤਹਿਤ ਵਿਭਾਗ ਵਿਦਿਆਰਥੀਆਂ ਦੇ ਇੱਕ ਸਮੂਹ ਨੂੰ ਇੱਕ ਵਪਾਰਕ ਵਿਚਾਰ ਵਿਕਸਿਤ ਕਰਨ ਅਤੇ ਲਾਗੂ ਕਰਨ ਲਈ ਸੀਡ ਮਨੀ ਪ੍ਰਦਾਨ ਕਰੇਗਾ। ਇਸ ਨਾਲ 2 ਹਜ਼ਾਰ ਰੁਪਏ ਪ੍ਰਤੀ ਵਿਦਿਆਰਥੀ ਦਿੱਤੇ ਜਾਣਗੇ।