ਚੰਡੀਗੜ੍ਹ : ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਉਹ ਰੇਲਵੇ ਮੰਤਰਾਲੇ ਨੂੰ ਤਿੰਨ ਹਫ਼ਤਿਆਂ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਫਸੇ ਸ਼ਰਧਾਲੂਆਂ ਨੂੰ ਵਾਪਸ ਪੰਜਾਬ ਲਿਆਉਣ ਲਈ ਵਿਸ਼ੇਸ਼ ਰੇਲ-ਗੱਡੀਆਂ ਦਾ ਪ੍ਰਬੰਧ ਕਰਨ ਲਈ ਕਹਿਣ।
ਪ੍ਰਧਾਨ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿੱਚ ਕੇਂਦਰੀ ਮੰਤਰੀ ਨੇ ਕਿਹਾ ਕਿ ਸ੍ਰੀ ਹਜ਼ੂਰ ਸਾਹਿਬ ਵਿਖੇ ਤਕਰੀਬਨ ਤਿੰਨ ਹਜ਼ਾਰ ਸ਼ਰਧਾਲੂ ਅਤੇ ਸ੍ਰੀ ਪਟਨਾ ਸਾਹਿਬ ਵਿਖੇ ਕਰੀਬ 2 ਹਜ਼ਾਰ ਸ਼ਰਧਾਲੂ ਫਸੇ ਹੋਏ ਹਨ।
ਉਹਨਾਂ ਕਿਹਾ ਕਿ ਤਾਲਾਬੰਦੀ ਵਿੱਚ ਵਾਧਾ ਹੋਣ ਕਰਕੇ ਇਹਨਾਂ ਸ਼ਰਧਾਲੂਆਂ, ਜਿਹਨਾਂ ਵਿਚ ਬੱਚੇ ਅਤੇ ਬਜ਼ੁਰਗ ਵੀ ਸ਼ਾਮਿਲ ਹਨ, ਨੂੰ ਭਾਰੀ ਕਠਿਨਾਈਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਬੀਬਾ ਬਾਦਲ ਨੇ ਚਿੱਠੀ ਵਿਚ ਇਸ ਗੱਲ ਉੱਤੇ ਵੀ ਜ਼ੋਰ ਦਿੱਤਾ ਕਿ ਹੁਣ 15 ਅਪ੍ਰੈਲ ਤੋਂ ਵਾਢੀ ਦਾ ਸੀਜ਼ਨ ਸ਼ੁਰੂ ਹੋ ਰਿਹਾ ਹੈ, ਜਿਸ ਕਰਕੇ ਇਹਨਾਂ ਸ਼ਰਧਾਲੂਆਂ ਦੀ ਘਰਾਂ 'ਚ ਵਾਪਸੀ ਕਰਵਾਉਣਾ ਹੋਰ ਵੀ ਮਹੱਤਵਪੂਰਨ ਹੈ। ਕਿਉਂਕਿ ਇਹਨਾਂ ਪਰਿਵਾਰਾਂ ਦੀ ਸਾਰੇ ਸਾਲ ਦੀ ਆਮਦਨ ਕਣਕ ਦੀ ਫ਼ਸਲ ਉੱਤੇ ਨਿਰਭਰ ਕਰਦੀ ਹੈ।
ਹੋਰ ਜਾਣਕਾਰੀ ਦਿੰਦਿਆਂ ਬੀਬਾ ਬਾਦਲ ਨੇ ਕਿਹਾ ਕਿ ਭਾਵੇਂ ਕਿ ਸਿੱਖ ਸ਼ਰਧਾਲੂਆਂ ਨੂੰ ਮਹਾਂਰਾਸ਼ਟਰ ਅਤੇ ਬਿਹਾਰ ਵਿਖੇ ਏਕਾਂਤਵਾਸ ਕੀਤਾ ਜਾ ਚੁੱਕਾ ਹੈ, ਪਰੰਤੂ ਪੰਜਾਬ ਲਈ ਰੇਲਗੱਡੀਆਂ ਵਿੱਚ ਚੜ੍ਹਾਉਣ ਤੋਂ ਪਹਿਲਾਂ ਉਹਨਾਂ ਦੀ ਸਕਰੀਨਿੰਗ ਕੀਤੀ ਜਾਣੀ ਚਾਹੀਦੀ ਹੈ।