ਚੰਡੀਗੜ੍ਹ: ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਗੈਂਗਸਟਰ ਜੱਗੂ ਭਗਵਾਨਪੁਰੀਆ ਤੋਂ ਪਹਿਲਾਂ ਹੀ ਆਪਣੀ ਜਾਨ ਨੂੰ ਖ਼ਤਰਾ ਦੱਸ ਚੁੱਕੇ ਹਨ। ਇਸੇ ਸਬੰਧੀ ਵੀਰਵਾਰ ਨੂੰ ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਕਰਦਿਆਂ ਆਪਣੇ ਹਲਕੇ ਦੇ ਇੱਕ ਪਿੰਡ ਦੇ ਪੰਚ ਗੁਰਦੀਪ ਸਿੰਘ ਦੇ ਕਤਲ ਬਾਰੇ ਗੱਲ ਕਰਦੇ ਹੋਏ ਕਿਹਾ ਕਿ ਉਹ ਕੁੱਝ ਦਿਨ ਪਹਿਲਾਂ ਹੀ ਗੁਰਦੀਪ ਸਿੰਘ ਨੂੰ ਮਿਲੇ ਸੀ ਅਤੇ ਬੀਤੇ ਦਿਨ ਉਨ੍ਹਾਂ ਦਾ ਕਤਲ ਕਰ ਦਿੱਤਾ ਗਿਆ। ਉਨ੍ਹਾਂ ਨੇ ਇਸ ਦੇ ਪਿੱਛੇ ਜੱਗੂ ਭਗਵਾਨਪੁਰੀਆ ਦਾ ਹੱਥ ਹੋਣ ਦਾ ਖਦਸ਼ਾ ਜਤਾਇਆ।
ਮਜੀਠੀਆ ਨੇ ਕਿਹਾ ਕਿ ਜਦੋਂ ਤੋਂ ਉਨ੍ਹਾਂ ਨੇ ਜੱਗੂ ਭਗਵਾਨਪੁਰੀਆ ਦੇ ਖਿਲਾਫ਼ ਬੋਲਣਾ ਸ਼ੁਰੂ ਕੀਤਾ ਹੈ ਉਦੋਂ ਤੋਂ ਹੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਹੁਣ ਗੁਰਦੀਪ ਸਿੰਘ ਦਾ ਕਤਲ ਹੋਣਾ ਇਸ ਗੱਲ ਦਾ ਸਬੂਤ ਹੈ ਕਿ ਕਿਵੇਂ ਡਰਾ ਧਮਕਾ ਕੇ ਮੇਰਾ ਮੂੰਹ ਬੰਦ ਕਰਾਉਣਾ ਚਾਹੁੰਦੇ ਹਨ।
ਉਨ੍ਹਾਂ ਕਿਹਾ ਕਿ ਉਹ ਪ੍ਰੈੱਸ ਦੇ ਜ਼ਰੀਏ ਜੱਗੂ ਨੂੰ ਦੱਸਣਾ ਚਾਹੁੰਦੇ ਹਨ ਕਿ ਮੈਨੂੰ ਚੁੱਪ ਕਰਵਾਉਣ ਲਈ ਉਸ ਨੂੰ ਮਜੀਠੀਆ ਹਲਕੇ ਦੇ ਘੱਟੋ ਘੱਟ ਦੋ ਲੱਖ ਲੋਕਾਂ ਨੂੰ ਮਾਰਨਾ ਪਵੇਗਾ। ਹੋਰ ਬੋਲਦਿਆਂ ਉਨ੍ਹਾਂ ਕਿਹਾ ਕਿ ਹੁਣ ਆਰ-ਪਾਰ ਦੀ ਲੜਾਈ ਹੋਵੇਗੀ ਅਤੇ ਅਸੀਂ ਚੁੱਪ ਨਹੀਂ ਬੈਠਾਂਗੇ।
ਜਾਣਕਾਰੀ ਲਈ ਦੱਸ ਦਈਏ ਕਿ ਬੀਤੇ ਦਿਨੀਂ ਅੰਮ੍ਰਿਤਸਰ ਦੇ ਹਲਕਾ ਮਜੀਠਾ ਦੇ ਪਿੰਡ ਉਮਰਪੁਰਾ ਦੇ ਅਕਾਲੀ ਦਲ ਦੇ ਸਰਪੰਚ ਬਾਬਾ ਗੁਰਦੀਪ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੱਸਣਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਹਲਕੇ ਵਿੱਚ ਬਾਬਾ ਗੁਰਦੀਪ ਸਿੰਘ ਸੱਭ ਤੋਂ ਨਜ਼ਦੀਕੀ ਸਨ ਅਤੇ ਉਹ ਹਾਲ ਹੀ ਦੇ ਵਿੱਚ ਨਵੇਂ ਸਾਲ 'ਤੇ ਬਿਕਰਮ ਮਜੀਠੀਆ ਨੂੰ ਮਿਲੇ ਵੀ ਸਨ।