ਚੰਡੀਗੜ੍ਹ: ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਚੋਣ ਨਤੀਜੇ ਆ ਗਏ ਹਨ। ਇਨ੍ਹਾਂ ਦੋਵਾਂ ਰਾਜਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਮੈਦਾਨ ਵਿੱਚ ਉਤਰੀ ਸੀ। ਹਿਮਾਚਲ ਪ੍ਰਦੇਸ਼ 'ਚ ਆਮ ਆਦਮੀ ਪਾਰਟੀ ਆਪਣਾ ਖਾਤਾ ਵੀ ਨਹੀਂ ਖੋਲ੍ਹ ਸਕੀ ਅਤੇ ਜ਼ਿਆਦਾਤਰ ਸੀਟਾਂ 'ਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋ ਗਈ।
ਗੁਜਰਾਤ ਪੰਜ ਸੀਟਾਂ 'ਤੇ ਜਿੱਤ: ਦੂਜੇ ਪਾਸੇ ਗੁਜਰਾਤ ਵਿੱਚ ਸਰਕਾਰ ਬਣਾਉਣ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਭਾਵੇਂ 5 ਸੀਟਾਂ ਜਿੱਤ ਕੇ ਕੌਮੀ ਪਾਰਟੀ ਬਣਨ ਦਾ ਸਫ਼ਰ ਤੈਅ ਕਰ ਲਿਆ ਹੋਵੇ, ਪਰ ਦਾਅਵੇ ਅਨੁਸਾਰ ਚੋਣਾਂ ਵਿੱਚ ਪਾਰਟੀ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ ਅਤੇ 125 ਤੋਂ ਵੱਧ ਉਮੀਦਵਾਰਾਂ ਦੀ ਇਥੇ ਵੀ ਜ਼ਮਾਨਤ ਜ਼ਬਤ ਹੋਈ ਹੈ।
ਮੰਤਰੀ ਮੰਡਲ ਵਿੱਚ ਫੇਰਬਦਲ ਦੀ ਸੰਭਾਵਨਾ: ਅਜਿਹੇ 'ਚ ਹੁਣ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਚੋਣ ਨਤੀਜਿਆਂ ਦਾ ਅਸਰ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਵੀ ਦੇਖਣ ਨੂੰ ਮਿਲ ਸਕਦਾ ਹੈ। ਇੱਕ ਪਾਸੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਮੰਤਰੀ ਮੰਡਲ ਵਿੱਚ ਫੇਰਬਦਲ ਕਰ ਸਕਦੀ ਹੈ। ਇਸ ਦੇ ਨਾਲ ਹੀ ਸੰਗਠਨਾਤਮਕ ਤੌਰ 'ਤੇ ਵੀ ਕਦਮ ਚੁੱਕ ਸਕਦੀ ਹੈ। ਇਸ ਤਹਿਤ ਪੰਜਾਬ ਵਿੱਚ ਮੰਤਰੀ ਮੰਡਲ ਵਿੱਚ ਫੇਰਬਦਲ ਦੀਆਂ ਸੰਭਾਵਨਾਵਾਂ ਵੱਧ ਹਨ।
ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਵਾਇਰਲ ਆਡੀਓ ਮਾਮਲਾ: ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੀ ਇਸੇ ਤਰ੍ਹਾਂ ਵਿਵਾਦਾਂ ਵਿੱਚ ਘਿਰੇ ਹੋਏ ਹਨ। ਵਿਰੋਧੀ ਧਿਰ ਲਗਾਤਾਰ ਉਨ੍ਹਾਂ ਦੇ ਅਸਤੀਫੇ ਦੀ ਮੰਗ ਕਰ ਰਹੀ ਹੈ। ਹਾਲਾਂਕਿ ਲੰਬੇ ਸਮੇਂ ਤੋਂ ਚੁੱਕੀ ਜਾ ਰਹੀ ਉਨ੍ਹਾਂ ਦੇ ਅਸਤੀਫੇ ਦੀ ਮੰਗ 'ਤੇ ਆਮ ਆਦਮੀ ਪਾਰਟੀ ਨੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਹੈ। ਇਹੀ ਉਮੀਦ ਜਤਾਈ ਜਾ ਰਹੀ ਹੈ ਕਿ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੇ ਚੋਣ ਨਤੀਜਿਆਂ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਉਨ੍ਹਾਂ 'ਤੇ ਵੀ ਕਾਰਵਾਈ ਕਰ ਸਕਦੀ ਹੈ।
ਨਗਰ ਨਿਗਮ ਚੋਣਾਂ ਦੀ ਤਿਆਰੀ: ਇਸ ਸਭ ਦੇ ਵਿਚਕਾਰ ਪੰਜਾਬ ਵਿੱਚ ਜਲਦੀ ਹੀ ਨਗਰ ਨਿਗਮ ਚੋਣਾਂ ਵੀ ਹੋਣੀਆਂ ਹਨ। ਉਨ੍ਹਾਂ ਚੋਣਾਂ ਵਿੱਚ ਪਾਰਟੀ ਦੀ ਕਾਰਗੁਜ਼ਾਰੀ ਵਧੀਆ ਰਹੇ, ਇਸ ਨੂੰ ਦੇਖਦੇ ਹੋਏ ਪਾਰਟੀ ਮੰਤਰੀ ਮੰਡਲ ਵਿੱਚ ਫੇਰਬਦਲ ਵੀ ਕਰ ਸਕਦੀ ਹੈ। ਕਿਉਂਕਿ ਲੰਬੇ ਸਮੇਂ ਤੋਂ ਸੂਬੇ ਦੀ ਅਮਨ-ਕਾਨੂੰਨ ਦੀ ਗੱਲ ਹੋਵੇ ਜਾਂ ਹੋਰ ਕਈ ਮੁੱਦੇ, ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲਗਾਤਾਰ ਸਵਾਲਾਂ ਦੇ ਘੇਰੇ 'ਚ ਰਹੀ ਹੈ। ਸਥਿਤੀ ਬਦਲਣ ਲਈ ਪਾਰਟੀ ਮੰਤਰੀ ਮੰਡਲ ਵਿੱਚ ਫੇਰਬਦਲ ਕਰ ਸਕਦੀ ਹੈ।
ਮੰਤਰੀ ਪਦ ਭਰਨੇ ਬਾਕੀ: ਇੰਨਾ ਹੀ ਨਹੀਂ ਪੰਜਾਬ ਮੰਤਰੀ ਮੰਡਲ ਵਿੱਚ ਅਜੇ ਵੀ ਦੋ ਮੰਤਰੀਆਂ ਦੀ ਥਾਂ ਬਾਕੀ ਹੈ। ਪੰਜਾਬ ਵਿੱਚ ਇਸ ਵੇਲੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ 15 ਮੰਤਰੀ ਹਨ। ਜਦਕਿ ਪੰਜਾਬ ਵਿੱਚ 17 ਮੰਤਰੀ ਬਣਾਏ ਜਾ ਸਕਦੇ ਹਨ। ਇਨ੍ਹਾਂ ਹਾਲਾਤਾਂ ਵਿੱਚ ਜਦੋਂ ਦੋ ਸੂਬਿਆਂ ਦੇ ਚੋਣ ਨਤੀਜੇ ਆਮ ਆਦਮੀ ਪਾਰਟੀ ਦੀਆਂ ਉਮੀਦਾਂ ਮੁਤਾਬਕ ਨਹੀਂ ਆਏ ਹਨ ਤਾਂ ਸੰਭਵ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਨਿਗਮ ਚੋਣਾਂ ਤੋਂ ਪਹਿਲਾਂ ਪਾਰਟੀ ਹੋਰ ਵਿਧਾਇਕਾਂ ਦੀ ਨਿਯੁਕਤੀ ਕਰ ਸਕਦੀ ਹੈ।
ਇਹ ਵੀ ਪੜ੍ਹੋ: ਜਲੰਧਰ ਦਾ ਲਤੀਫਪੁਰਾ ਇਲਾਕਾ ਪੁਲਿਸ ਛਾਉਣੀ 'ਚ ਤਬਦੀਲ, ਇਲਾਕੇ 'ਚ ਤਣਾਅ ਦਾ ਮਾਹੌਲ