ਚੰਡੀਗੜ੍ਹ: ਪੰਜਾਬ ਸਰਕਾਰ ਦੇ 4 ਸੀਨੀਅਰ ਮੰਤਰੀਆਂ ਦੀ ਸ਼ਮੂਲੀਅਤ ਵਾਲੀ ਕੈਬਿਨੇਟ ਸਬ-ਕਮੇਟੀ ਨੇ ਸੂਬੇ ਵਿੱਚ ਅਵਾਰਾ ਪਸ਼ੂਆਂ ਨਾਲ ਪੈਦਾ ਹੋਏ ਗੰਭੀਰ ਸਮਾਜਿਕ-ਆਰਥਿਕ ਖਤਰੇ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਵੱਲੋਂ ਸਾਂਝੀ ਕਾਰਵਾਈ ਕਰਨ ਦਾ ਸੱਦਾ ਦਿੱਤਾ।
ਕੈਬਿਨੇਟ ਸਬ ਕਮੇਟੀ ਦੀ ਇਹ ਪਹਿਲੀ ਮੀਟਿੰਗ ਸੀ ਜਿਸ ਦੀ ਪ੍ਰਧਾਨਗੀ ਬ੍ਰਹਮ ਮਹਿੰਦਰਾ ਨੇ ਕੀਤੀ। ਇਸ ਕਮੇਟੀ ਵਿੱਚ ਸਥਾਨਕ ਸਰਕਾਰਾਂ ਮੰਤਰੀ ਬ੍ਰਹਮ ਮਹਿੰਦਰਾ, ਪਸ਼ੂ ਪਾਲਣ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ, ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਸ਼ਾਮਲ ਹਨ।
ਸਥਾਨਕ ਸਰਕਾਰਾਂ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਬ੍ਰਹਮ ਮਹਿੰਦਰਾ ਨੇ ਪਸ਼ੂ ਪਾਲਣ ਵਿਭਾਗ ਦੇ ਸਕੱਤਰ ਨੂੰ ਅਵਾਰਾ ਪਸ਼ੂਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਦੂਜੇ ਸੂਬਿਆਂ ਵੱਲੋਂ ਅਪਣਾਈਆਂ ਵਿਊਂਤਾਂ ਦਾ ਅਧਿਐਨ ਕਰਨ ਅਤੇ ਕੈਬਿਨੇਟ ਸਬ ਕਮੇਟੀ ਕੋਲ ਵਿਚਾਰ ਲਈ ਕੋਈ ਢੁਕਵਾਂ ਹੱਲ ਪੇਸ਼ ਕਰਨ ਦੀ ਹਦਾਇਤ ਕੀਤੀ।
ਕੈਬਿਨੇਟ ਸਬ ਕਮੇਟੀ ਨੇ ਸੂਬੇ ਦੇ ਕਿਸੇ ਵੀ ਖੇਤਰ ਤੋਂ ਅਵਾਰਾ ਪਸ਼ੂਆਂ ਨਾਲ ਸਬੰਧਤ ਕਿਸੇ ਅਣਸੁਖਾਵੀਂ ਘਟਨਾ ਸਾਹਮਣੇ ਆਉਣ 'ਤੇ ਸਥਾਨਕ ਸਰਕਾਰਾਂ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਦਾ ਫ਼ੈਸਲਾ ਕੀਤਾ।
ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਕਿ ਜਿਸ ਅਧਿਕਾਰੀ ਦੇ ਅਧਿਕਾਰ ਖੇਤਰ ਵਿੱਚ ਅਜਿਹੀ ਕੋਈ ਵੀ ਅਣਸੁਖਾਵੀਂ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਤਾਂ ਸਬੰਧਤ ਅਧਿਕਾਰੀ ਨੂੰ ਨਿੱਜੀ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਸ ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ।