ਚੰਡੀਗੜ੍ਹ: ਕਰਤਾਰਪੁਰ ਲਾਂਘੇ ਰਾਹੀਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀਆਂ ਸੰਗਤਾਂ ਦੀ ਗਿਣਤੀ ਘੱਟ ਹੋਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਰਥਿਕ ਤੌਰ 'ਤੇ ਸਮਰੱਥ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਘੱਟੋ-ਘੱਟ ਪੀਲੇ ਕਾਰਡਧਾਰਕਾਂ ਦੀ ਪ੍ਰਤੀ ਯਾਤਰੀ 20 ਡਾਲਰ ਦੀ ਫੀਸ ਆਪਣੇ ਖਜ਼ਾਨਿਆਂ ਵਿੱਚੋਂ ਭਰਨ ਲਈ ਆਖਿਆ ਕਿਉਂ ਜੋ ਇਹ ਲੋਕ ਆਪਣੇ ਪੱਲਿਓਂ ਖਰਚਾ ਨਹੀਂ ਚੁੱਕ ਸਕਦੇ।
ਸ਼ਰਧਾਲੂਆਂ ਵਿੱਚ ਪਾਈ ਜਾ ਰਹੀ ਦੁਵਿਧਾ ਦੀਆਂ ਰਿਪੋਰਟਾਂ ਦੇ ਸੰਦਰਭ ਵਿੱਚ ਮੁੱਖ ਮੰਤਰੀ ਨੇ ਭਾਰਤ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੀ ਸੰਗਤ ਲਈ ਪਾਸਪੋਰਟ ਦੀ ਸ਼ਰਤ ਖ਼ਤਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਾਸਪੋਰਟ ਦੀ ਬਜਾਏ ਸ਼ਨਾਖ਼ਤ ਲਈ ਆਧਾਰ ਕਾਰਡ, ਡਰਾਈਵਿੰਗ ਲਾਇਸੰਸ ਆਦਿ ਦਸਤਾਵੇਜ਼ਾਂ ਨੂੰ ਸਬੂਤ ਵਜੋਂ ਪ੍ਰਵਾਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਦਲਵੇਂ ਦਸਤਾਵੇਜ਼ਾਂ ਦੀ ਵਿਧੀ ਨੂੰ ਅਪਣਾਇਆ ਜਾ ਸਕਦਾ ਹੈ ਕਿਉਂਕਿ ਕਿਸੇ ਵੀ ਤਰ੍ਹਾਂ ਪਾਸਪੋਰਟ 'ਤੇ ਵੀਜ਼ੇ ਦੀ ਮੋਹਰ ਦੀ ਲੋੜ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲਾਂਘਾ ਪਾਰ ਕਰਕੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਘੱਟ ਗਿਣਤੀ ਦਾ ਮਤਲਬ ਇਹ ਨਹੀਂ ਹੈ ਕਿ ਲੋਕਾਂ ਵਿੱਚ ਦਿਲਚਸਪੀ ਨਹੀਂ ਹੈ, ਸਗੋਂ ਪਾਸਪੋਰਟ ਅਤੇ 20 ਡਾਲਰ ਦੀ ਫੀਸ ਦੀਆਂ 2 ਸ਼ਰਤਾਂ ਇਸ ਦਾ ਕਾਰਨ ਬਣੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸ਼ਰਧਾਲੂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਵਿੱਚ ਹਨ ਪਰ ਇਨ੍ਹਾਂ ਰੁਕਾਵਟਾਂ ਕਾਰਨ ਉਨ੍ਹਾਂ ਨੂੰ ਵਾਪਸ ਮੁੜਨਾ ਪੈਂਦਾ ਹੈ।