ਚੰਡੀਗੜ੍ਹ: ਕੋਰੋਨਾਵਾਇਰਸ ਦੇ ਸੰਕਟ ਵਿਚਾਲੇ ਮਜ਼ਦੂਰਾਂ ਦੀ ਘਾਟ ਕਾਰਨ ਚੁਣੌਤੀਆਂ ਅਤੇ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਦਾ ਹਵਾਲਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਈ ਮੰਗਾਂ ਲਈ ਪੱਤਰ ਲਿਖਿਆ।
ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਅਨੁਮਾਨਾਂ ਮੁਤਾਬਕ ਸੂਬਾ ਸਰਕਾਰ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ 2902 ਰੁਪਏ ਪ੍ਰਤੀ ਕੁਇੰਟਲ ਮਿੱਥਣ ਦੀ ਸਿਫਾਰਸ਼ ਕਰਨ ਬਾਰੇ ਕੇਂਦਰੀ ਖੇਤੀਬਾੜੀ ਮੰਤਰਾਲੇ ਨੂੰ ਪਹਿਲਾਂ ਹੀ ਲਿਖ ਚੁੱਕੀ ਹੈ ਜੋ ਪਿਛਲੇ 1835 ਰੁਪਏ ਪ੍ਰਤੀ ਕੁਇੰਟਲ ਸੀ।
ਸਮਰਥਨ ਮੁੱਲ ਦੇ ਨਾਲ-ਨਾਲ ਬੋਨਸ ਦੇਣ ਲਈ ਪ੍ਰਧਾਨ ਮੰਤਰੀ ਦੇ ਨਿੱਜੀ ਦਖ਼ਲ ਦੀ ਮੰਗ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,‘‘ਮੌਜੂਦਾ ਮਹਾਂਮਾਰੀ ਦੇ ਸਮੇਂ ਖੁਰਾਕ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਲੋੜ ਪੂਰੀ ਕਰਨ ਲਈ ਇਹ ਬਹੁਤ ਮਹੱਤਵਪੂਰਨ ਹੈ ਕਿ ਝੋਨੇ ਲਈ ਘੱਟੋ-ਘੱਟ ਸਮਰਥਨ ਮੁੱਲ ਐਲਾਨ ਦਾ ਕਰਕੇ ਕਿਸਾਨਾਂ ਨੂੰ ਢੁਕਵੀਂ ਕੀਮਤ ਦਾ ਸੰਕੇਤ ਦਿੱਤਾ ਜਾ ਸਕਦਾ ਹੈ।’’
ਮੁੱਖ ਮੰਤਰੀ ਨੇ ਕਿਹਾ ਕਿ ਸਮਾਜਿਕ ਦੂਰੀ ਦੇ ਸਿਹਤ ਸੁਰੱਖਿਆ ਉਪਾਵਾਂ ਅਤੇ ਲੌਕਡਾਊਨ ਦੀਆਂ ਚੁਣੌਤੀਆਂ ਦੇ ਬਾਵਜੂਦ ਪੰਜਾਬ, ਦੇਸ਼ ਦੀ ਸੇਵਾ ਵਿੱਚ ਕਣਕ ਦੀ ਖਰੀਦ ਦੇ ਮਿੱਥੇ ਟੀਚੇ ਨੂੰ ਪੂਰਾ ਕਰਨ ਵੱਲ ਸਫਲਤਾ ਨਾਲ ਅੱਗੇ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਵਾਢੀ ਉਪਰੰਤ ਸੂਬੇ ਵਿੱਚ ਝੋਨੇ ਦੀ ਲੁਆਈ ਵੀ ਅੱਧ ਜੂਨ ਵਿੱਚ ਸ਼ੁਰੂ ਹੋਣੀ ਨਿਰਧਾਰਤ ਹੈ ਅਤੇ ਸੂਬੇ ਵਿੱਚ ਮਜ਼ਦੂਰਾਂ ਦੀ ਕਮੀ ਕਾਰਨ ਇਸ ਨੂੰ ਥੋੜਾ ਸਮਾਂ ਪਹਿਲਾਂ ਕਰਨ ਦੀ ਲੋੜ ਪੈ ਸਕਦੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਹੋ ਸਕਦਾ ਹੈ ਕਿ ਕੋਵਿਡ-19 ਕਾਰਨ ਉੱਤਰ ਪ੍ਰਦੇਸ਼ ਅਤੇ ਬਿਹਾਰ ਸੂਬਿਆਂ ਤੋਂ ਝੋਨੇ ਦੀ ਲੁਆਈ ਦੇ ਸੀਜ਼ਨ ਲਈ ਘੱਠ ਕਾਮੇ ਆਉਣ। ਉਨਾਂ ਕਿਹਾ ਕਿ ਇਸ ਨਾਲ ਝੋਨੇ ਦੀ ਲੁਆਈ ਦੇ ਆ ਰਹੇ ਸੀਜ਼ਨ ਦੌਰਾਨ ਖੇਤੀਬਾੜੀ ਦੇ ਕੰਮਕਾਜ ਲਈ ਕਿਸਾਨਾਂ ਨੂੰ ਗੰਭੀਰ ਚੁਣੌਤੀਆਂ ਦਰਪੇਸ਼ ਹੋਣਗੀਆਂ ਅਤੇ ਇਸ ਨਾਲ ਕਿਰਤ ਦੇ ਕੰਮ ਦੀਆਂ ਕੀਮਤਾਂ ਵੀ ਜ਼ਿਆਦਾ ਵਧਣਗੀਆਂ।
ਮੁੱਖ ਮੰਤਰੀ ਨੇ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਨਾ ਸਾੜਣ ਲਈ ਕਿਸਾਨਾਂ ਨੂੰ ਪ੍ਰਤੀ ਕੁਇੰਟਲ 100 ਰੁਪਏ ਬੋਨਸ ਦਿੱਤੇ ਜਾਣ ਨੂੰ ਮਹੱਤਵਪੂਰਨ ਦੱਸਦਿਆਂ ਕਿਹਾ ਕਿ ਇਸ ਨਾਲ ਕਿਸਾਨ ਜਿੱਥੇ ਪਰਾਲੀ ਦੀ ਸੰਭਾਲ ਦੇ ਖਰਚ ਤੋਂ ਬਚ ਸਕਣਗੇ, ਉਥੇ ਇਸ ਨਾਲ ਪਰਾਲੀ ਨੂੰ ਸਾੜੇ ਜਾਣ ਤੋਂ ਰੋਕਿਆ ਜਾ ਸਕੇਗਾ। ਇਸ ਸਬੰਧ ਵਿੱਚ ਮੁੱਖ ਮੰਤਰੀ ਨੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਦਾ ਹਵਾਲਾ ਦਿੰਦਿਆਂ ਕੇਂਦਰ ਤੇ ਸੂਬਿਆਂ ਨੂੰ ਝੋਨੇ ਦੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਵਿੱਤੀ ਰਿਆਇਤੀ ਢਾਂਚਾ ਉਸਾਰਨ ਲਈ ਆਖਿਆ।
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀ ਰਿਆਇਤ ਨੂੰ ਫਸਲ ਦੇ ਘੱਟੋ-ਘੱਟ ਸਮੱਰਥਨ ਮੁੱਲ ਦੇ ਨਾਲ ਹੀ ਐਲਾਨਿਆ ਜਾਣਾ ਚਾਹੀਦਾ ਹੈ ਜਿਸ ਨਾਲ ਜਿੱਥੇ ਕਿਸਾਨ ਇਸ ਦੇ ਪ੍ਰਬੰਧਨ ਲਈ ਤਿਆਰ ਰਹਿਣਗੇ, ਉਥੇ ਸੂਬੇ ਨੂੰ ਇਸ ਨੂੰ ਮੁਕੰਮਲ ਰੂਪ ਵਿੱਚ ਅਮਲ ਵਿੱਚ ਲਿਆਉਣ ਵਿੱਚ ਆਸਾਨੀ ਰਹੇਗੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਬੋਨਸ ਕਿਸਾਨਾਂ ਨੂੰ ਵਾਤਾਵਰਣ ਦੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਦਿਆਂ ਖੇਤੀ ਗਤੀਵਿਧੀਆਂ ਨੂੰ ਉਸਾਰੂ ਰੂਪ ਵਿੱਚ ਚਲਾਉਣ ਅਤੇ ਉਸਾਰੂ ਪ੍ਰਵਿਰਤੀ ਸਿਰਜਣ ਲਈ ਉਤਸ਼ਾਹੀ ਰੂਪ ਵਿੱਚ ਸਹਾਇਤਾ ਕਰੇਗਾ।