ਚੰਡੀਗੜ੍ਹ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਸਿਆਸਤ ਦੋ ਫਾੜ ਹੋ ਗਈ ਹੈ। ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਅਤੇ ਅਕਾਲੀ ਦਲ ਦੇ ਟੁੱਟੇ ਗਠਬੰਧਨ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ 'ਤੇ ਨਿਸ਼ਾਨੇ ਵਿੰਨ੍ਹੇ ਹਨ। ਸੀ.ਏ.ਏ. ਨੂੰ ਲੈ ਕੇ ਭਾਜਪਾ ਨਾਲ ਮਤਭੇਦ ਹੋਣ ਕਾਰਨ ਸ਼੍ਰੋਮਣੀ ਅਕਾਲੀ ਦਲ ਦੇ ਦਾਅਵੇ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਅਕਾਲੀਆਂ ਨੂੰ ਕੇਂਦਰ ਵਿੱਚ ਗੱਠਜੋੜ ਛੱਡਣ ਦੀ ਚੁਣੌਤੀ ਦਿੱਤੀ ਹੈ ਤਾਂਕਿ ਉਹ ਆਪਣੀ ਇਮਾਨਦਾਰੀ ਸਾਬਤ ਕਰਨ।
ਕੈਪਟਨ ਨੇ ਅਕਾਲੀਆਂ 'ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਤੁਸੀਂ ਗੱਲ ਕਿਉਂ ਨਹੀਂ ਕਰਦੇ ਅਤੇ ਭਾਰਤ ਦੇ ਲੋਕਾਂ ਨੂੰ ਇਹ ਨਹੀਂ ਦੱਸਦੇ ਕਿ ਤੁਸੀਂ ਸੱਚਮੁੱਚ ਵਿਵਾਦਪੂਰਨ ਅਤੇ ਵਿਨਾਸ਼ਕਾਰੀ ਸੀਏਏ ਦੇ ਵਿਰੁੱਧ ਖੜੇ ਹੋ? ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਵਿੱਚ ਅਕਾਲੀ ਦਲ ਦੇ ਮੰਤਰੀਆਂ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ।
ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਬੀਜੇਪੀ ਨੇ ਸੋਮਵਾਰ ਨੂੰ ਅਕਾਲੀ ਦਲ ਨਾਲ ਗਠਜੋੜ ਤੋੜ ਦਿੱਤਾ ਸੀ। ਜਿਸ ਤੋਂ ਬਾਅਦ ਦਿੱਲੀ ਵਿੱਚ ਅਕਾਲੀ ਆਗੂ ਅਤੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਸ ਦੀ ਪੁਸ਼ਟੀ ਕੀਤੀ ਸੀ। ਉਨ੍ਹਾਂ ਨੇ ਕਿਹਾ ਸੀ ਕਿ ਸੀਏਏ 'ਤੇ ਅਕਾਲੀ ਦਲ ਦਾ ਸਟੈਂਡ ਸਪਸ਼ਟ ਹੈ ਜਿਸ ਕਾਰਨ ਅਕਾਲੀ ਦਲ ਦਿੱਲੀ ਵਿੱਚ ਚੋਣ ਨਹੀਂ ਲੜ ਰਹੀ। ਉਨ੍ਹਾਂ ਨੇ ਚੋਣ ਨਾ ਲੜਨ ਦਾ ਕਾਰਨ ਸੀਏਏ ਨੂੰ ਦੱਸਿਆ। ਉਨ੍ਹਾਂ ਨੇ ਕਿਹਾ ਕਿ ਨਾਗਰਿਕਤਾ ਸੋਧ ਕਾਨੂੰਨ ਵਿੱਚ ਹਰ ਵਰਗ ਦੇ ਲੋਕਾਂ ਨੂੰ ਜਗਹ ਮਿਲਣੀ ਚਾਹਿਦੀ ਹੈ।