ਚੰਡੀਗੜ੍ਹ: ਸੂਬੇ ਵਿੱਚ ਅਗਸਤ 31 ਤੱਕ ਨਵੀਆਂ ਲੌਕਡਾਊਨ ਪਾਬੰਦੀਆਂ ਦੇ ਐਲਾਨ ਤੋਂ ਇੱਕ ਦਿਨ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਵਿਆਹ ਅਤੇ ਭੋਗ ਸਮਾਗਮਾਂ ਤੋਂ ਇਲਾਵਾ ਪੰਜ ਤੋਂ ਵਧੇਰੇ ਵਿਅਕਤੀਆਂ ਦੀ ਸ਼ਮੂਲੀਅਤ ਵਾਲੇ ਸਾਰੇ ਇਕੱਠਾਂ 'ਤੇ ਰੋਕ ਲਈ ਧਾਰਾ 144 ਲਾਗੂ ਕਰਨ ਦੇ ਹੁਕਮ ਦਿੱਤੇ ਹਨ ਅਤੇ ਅਜਿਹੇ ਇਕੱਠ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਸੂਬੇ ਅੰਦਰ ਕੋਵਿਡ ਮਾਮਲਿਆਂ ਦੀ ਗਿਣਤੀ 37,824 ਤੱਕ ਪੁੱਜ ਗਈ ਹੈ ਅਤੇ ਉਹ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਕੋਈ ਵੀ ਸਖਤ ਕਦਮ ਚੁੱਕਣ ਤੋਂ ਨਹੀਂ ਝਿਜਕਣਗੇ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਜ਼ਰੂਰਤ ਪਈ ਤਾਂ ਕੋਵਿਡ ਦੀ ਰੋਕਥਾਮ ਲਈ 31 ਅਗਸਤ ਤੋਂ ਬਆਦ ਹੋਰ ਸਖਤ ਕਦਮ ਵੀ ਚੁੱਕੇ ਜਾਣਗੇ। ਨਾਲ ਹੀ ਉਨ੍ਹਾਂ ਸਾਰੀਆਂ ਰਾਜਨੀਤਕ ਪਾਰਟੀਆਂ ਨੂੰ ਧਰਨਿਆਂ ਸਮੇਤ ਸਾਰੇ ਇਕੱਠਾਂ ਤੋਂ ਬਚਣ ਲਈ ਅਪੀਲ ਕੀਤੀ।
ਉਨ੍ਹਾਂ ਧਾਰਮਿਕ ਤੇ ਸਮਾਜਿਕ ਆਗੂਆਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਸੂਬੇ ਵਿੱਚ ਆਪਣੇ ਪੈਰੋਕਾਰਾਂ ਨੂੰ ਧਾਰਾ 144 ਦੀ ਉਲੰਘਣਾ ਨਾ ਕਰਨ ਅਤੇ ਲਾਗੂ ਕੀਤੇ ਗਏ ਸੁਰੱਖਿਆ ਉਪਾਵਾਂ/ਪਾਬੰਦੀਆਂ ਦੀ ਪਾਲਣਾ ਕਰਨ ਲਈ ਆਖਣ। ਇਸਦੇ ਨਾਲ ਹੀ ਪੁਲਿਸ ਨੂੰ ਵਿਆਹ ਅਤੇ ਭੋਗ ਸਮਾਗਮਾਂ ਦੌਰਾਨ ਸਮਾਜਿਕ ਦੂਰੀ ਅਤੇ ਵਿਅਕਤੀਆਂ ਦੀ ਤੈਅ ਗਿਣਤੀ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।
ਆਪਣੇ ਫ਼ੇਸਬੁੱਕ ਲਾਈਵ ਪ੍ਰੋਗਰਾਮ ਮੁੱਖ ਮੰਤਰੀ ਨੇ ਝੋਨੇ ਦੀ ਖ਼ਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਵਿਸ਼ਵਾਸ ਦਿਵਾਇਆ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਵਾਢੀ ਛੇਤੀ ਨਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਝੋਨੇ ਦੀ ਖ਼ਰੀਦ ਲਈ ਸਰਕਾਰ ਦੇ ਪੂਰੀ ਤਰ੍ਹਾਂ ਤਿਆਰ ਹੋਣ ਬਾਰੇ ਸਪੱਸ਼ਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੰਡੀਆਂ ਵਿੱਚ ਛੇਤੀ ਫ਼ਸਲ ਲਿਆਉਣਾ ਨੁਕਸਾਨਦਾਇਕ ਹੋਵੇਗਾ ਕਿਉਂਕਿ ਫ਼ਸਲ ਚੰਗੀ ਤਰ੍ਹਾਂ ਪੱਕੀ ਨਹੀਂ ਹੋਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਵਾਢੀ ਉਦੋਂ ਹੀ ਕੀਤੀ ਜਾਵੇ, ਜਦੋਂ ਤੱਕ ਫ਼ਸਲ ਪੂਰੀ ਤਰ੍ਹਾਂ ਪੱਕ ਜਾਵੇ।
ਛੇ ਲੱਖ ਨੌਕਰੀਆਂ ਦੇਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਕਿਰਿਆ ਵਿੱਤੀ ਵਰ੍ਹੇ 2021-22 ਵਿਚਕਾਰ ਸ਼ੁਰੂ ਹੋਵੇਗੀ, ਜਿਸ ਵਿੱਚੋਂ ਇੱਕ ਲੱਖ ਸਰਕਾਰੀ ਨੌਕਰੀਆਂ ਅਗਲੇ ਮਹੀਨੇ ਤੋਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਾਣਗੀਆਂ।
ਪੀ.ਐਸ.ਪੀ.ਸੀ.ਐਲ. ਦੀਆਂ ਆਸਾਮੀਆਂ, ਨਤੀਜਿਆਂ ਤੋਂ ਛੇ ਮਹੀਨੇ ਮਗਰੋਂ ਵੀ ਨਾ ਭਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਲੌਕਡਾਊਨ ਕਾਰਨ ਇਸ ਵਿੱਚ ਦੇਰੀ ਹੋਈ ਹੈ ਅਤੇ ਸਹਾਇਕ ਲਾਈਨਮੈਨ ਲਈ 2393 ਤੇ ਸਹਾਇਕ ਇੰਜਨੀਅਰ (ਇਲੈਕਟ੍ਰੀਕਲ) ਲਈ ਚੁਣੇ ਗਏ 71 ਉਮੀਦਵਾਰਾਂ ਨੂੰ ਪਹਿਲਾਂ ਹੀ ਨਿਯੁਕਤੀ ਪੱਤਰ ਜਾਰੀ ਕਰ ਦਿੱਤੇ ਗਏ ਹਨ।