ਮੋਹਾਲੀ: ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿੱਟ ਦੋ ਦਿਨਾਂ ਲਈ ਮੋਹਾਲੀ ਵਿਖੇ ਸ਼ੁਰੂ ਹੋ ਗਿਆ ਹੈ। ਜਿਸ ਵਿੱਚ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੱਘ ਸਮੇਤ ਕਈ ਨਿਵੇਸ਼ਕਾਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਕੈਪਟਨ ਅਮਰਿੰਦਰ ਸਿੱਘ ਨੇ ਪੰਜਾਬ ਦੇ ਵਿੱਤੀ ਹਾਲਾਤਾਂ, ਨਸ਼ਿਆਂ ਅਤੇ ਹੋਰ ਕਈ ਮੁੱਦਿਆਂ 'ਤੇ ਚਰਚਾ ਕੀਤੀ।
ਪੰਜਾਬ ਦੇ ਮਾੜੇ ਵਿੱਤੀ ਹਾਲਾਤਾਂ 'ਤੇ ਗੱਲ ਕਰਦੇ ਅਮਰਿੰਦਰ ਸਿੰਘ ਨੇ ਕਿਹਾ ਕਿ ਹੋਰ ਸੂਬਿਆਂ ਵਾਂਗ ਪੰਜਾਬ ਨੂੰ ਵੀ ਜੀ.ਐਸ.ਟੀ. ਦਾ ਹਿੱਸਾ ਸਮੇਂ ਸਿਰ ਨਾ ਮਿਲਣ ਕਰ ਕੇ ਵਿੱਤੀ ਸਮੱਸਿਆਵਾਂ ਤੋਂ ਗੁਜ਼ਰਨਾ ਪੈ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ 6000 ਕਰੋੜ ਜੀ.ਐਸ.ਟੀ. ਦਾ ਹਿੱਸਾ ਬਣਦਾ ਹੈ ਜੋ ਕਿ ਹੁਣ ਤੱਕ ਨਹੀਂ ਮਿਲਿਆ। ਇਸ ਦੇ ਨਾਲ ਹੀ ਅਮਰਿੰਦਰ ਸਿੰਘ ਨੇ ਕਿਸਾਨਾਂ ਵੱਲੋਂ ਪਰਾਲੀ ਸਾੜਨ ਅਤੇ ਪ੍ਰਦੂਸ਼ਣ ਦੇ ਮੁੱਦੇ 'ਤੇ ਗੱਲ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਇਸ ਸਮੱਸਿਆ ਦਾ ਪੱਕਾ ਹੱਲ ਲੱਭਣ ਦੇ ਯਤਨ ਕਰਨੇ ਚਾਹੀਦੇ ਹਨ। ਉਨਾਂ ਨੇ ਪਰਾਲੀ ਸਾੜਣ ਦੇ ਰੁਝਾਨ ਨੂੰ ਖ਼ਤਮ ਕਰਨ ਲਈ ਫਸਲ ਦੇ ਘੱਟੋ-ਘੱਟ ਸਮਰਥਨ ਮੁੱਲ ’ਤੇ ਕੇਂਦਰ ਸਰਕਾਰ ਵੱਲੋਂ 100 ਰੁਪਏ ਪ੍ਰਤੀ ਕੁਇੰਟਲ ਮੁਆਵਜ਼ਾ ਵੱਖਰੇ ਤੌਰ 'ਤੇ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਦੇ ਨਾਲ ਹੀ ਕੈਪਟਨ ਨੇ ਪੰਜਾਬ ਵਿੱਚ ਨਸ਼ਿਆਂ ਤੇ ਕੈਂਸਰ ਦੀਆਂ ਸਮੱਸਿਆਵਾਂ ਤੇ ਨਿਵੇਸ਼ਕਾਰਾਂ ਦੀਆਂ ਚਿੰਤਾਵਾਂ ਬਾਰੇ ਕਿਹਾ ਕਿ ਸਰਕਾਰ ਵੱਲੋਂ ਹਜ਼ਾਰਾਂ ਤਸਕਰਾਂ ਤੇ ਸਮਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਵਿੱਚ ਪੈਸਾ ਹੋਣ ਕਰਕੇ ਇਹ ਸਮੱਸਿਆ ਮਿਟੇਗੀ ਨਹੀਂ ਪਰ ਕੈਪਟਨ ਨੇ ਵਾਅਦਾ ਕੀਤਾ ਕਿ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਦੇ ਸਮੇਂ ਤੋਂ ਲੈ ਕੇ ਇਸ ਨੂੰ ਕਾਬੂ ਹੇਠ ਕੀਤਾ ਗਿਆ ਤੇ ਇਸ ਨਾਲ ਸਖ਼ਤੀ ਨਾਲ ਨਿਪਟਿਆ ਜਾ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਕੈਂਸਰ ਦੇ ਮਾਮਲੇ ਹੋਣ 'ਤੇ ਚਿੰਤਾ ਜ਼ਾਹਰ ਕਰਦਿਆਂ ਕੈਪਟਨ ਨੇ ਕਿਹਾ ਕਿ ਅੰਕੜੇ ਇਹ ਸਿੱਧ ਕਰਦੇ ਹਨ ਕਿ ਬਾਕੀ ਸੂਬਿਆਂ ਨਾਲੋਂ ਇਹ ਗਿਣਤੀ ਘੱਟ ਹੈ। ਉਨਾਂ ਕਿਹਾ ਕਿ ਬੀਕਾਨੇਰ ਨੂੰ ਜਾਂਦੀ ਕੈਂਸਰ ਟਰੇਨ ਕਰਕੇ ਪੰਜਾਬ ਦੇ ਕੈਂਸਰ ਕੇਸ ਵਿਆਪਕ ਰੂਪ ਵਿੱਚ ਸਾਹਮਣੇ ਆਏ ਹਨ।