ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਦਰਮਿਆਨ ਲੰਮੇ ਸਮੇਂ ਤੋਂ ਚੱਲਦੇ ਆ ਰਹੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ਦੇ ਹੱਲ ਲਈ ਸੁਪਰੀਮ ਕੋਰਟ ਨੇ ਦੋਵਾਂ ਸੂਬਾ ਸਰਕਾਰਾਂ ਨੂੰ 4 ਮਹੀਨਿਆਂ ਦਾ ਸਮਾਂ ਦਿੱਤਾ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋਵਾਂ ਸੂਬਾ ਸਰਕਾਰਾਂ ਵੱਲੋਂ ਗੱਲਬਾਤ ਰਾਹੀਂ ਮਸਲੇ ਦਾ ਚੰਗਾ ਹੱਲ ਕੱਢਣ ਦੀ ਆਸ ਜਤਾਈ ਹੈ। ਉਨ੍ਹਾਂ ਕਿਹਾ ਕਿ ਦੋਵਾਂ ਸੂਬਿਆਂ ਦੇ ਮੁੱਖ ਸਕੱਤਰਾਂ ਦੀ ਅਗਵਾਈ ਹੇਠ ਟੀਮਾਂ ਦੀ ਆਪਸੀ ਗੱਲਬਾਤ ਚੱਲ ਰਹੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨਾਂ ਨੂੰ ਪੂਰਨ ਆਸ ਹੈ ਕਿ ਸੁਪਰੀਮ ਕੋਰਟ ਵੱਲੋਂ ਦਿੱਤੇ ਚਾਰ ਮਹੀਨਿਆਂ ਦੇ ਸਮੇਂ ਅੰਦਰ ਦੋਵੇਂ ਸੂਬੇ ਗੱਲਬਾਤ ਜ਼ਰੀਏ ਇਸ ਮਾਮਲੇ ਦਾ ਹੱਲ ਕੱਢ ਲੈਣਗੇ। ਉਨਾਂ ਕਿਹਾ ਕਿ ਇਹ ਸਾਰਿਆਂ ਲਈ ਬਿਹਤਰ ਹੋਵੇਗਾ ਕਿ ਜੇ ਇਹ ਮਾਮਲਾ ਗੱਲਬਾਤ ਜ਼ਰੀਏ ਹੱਲ ਹੋ ਜਾਵੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਨਾ ਦੇਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ’ਤੇ ਸਹਿਯੋਗ ਨਾ ਕਰਨ ਦੇ ਲਾਏ ਜਾ ਰਹੇ ਦੋਸ਼ ਬੇਬੁਨਿਆਦ ਹਨ। ਧਾਰਮਿਕ ਸੰਸਥਾ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਕੋਈ ਵੀ ਸਮਾਗਮ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ, ਜਦੋਂ ਕਿ ਸੂਬਾ ਸਰਕਾਰ ਵੱਲੋਂ ਮੁੱਖ ਸਮਾਗਮ ਗੁਰਦੁਆਰਾ ਸਾਹਿਬ ਤੋਂ ਬਾਹਰ ਕਰਵਾਇਆ ਜਾ ਰਿਹਾ ਹੈ ਜਿਵੇਂ ਕਿ ਪਹਿਲਾਂ ਹੁੰਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਇਕ ਧਾਰਮਿਕ ਸੰਸਥਾ ਹੈ ਅਤੇ ਉਨ੍ਹਾਂ ਨੂੰ ਗੁਰਦੁਆਰਾ ਸਾਹਿਬ ਦੇ ਅੰਦਰ ਕੋਈ ਵੀ ਸਮਾਗਮ ਕਰਵਾਉਣ ਦਾ ਪੂਰਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਉਹ ਇਕ ਵਾਰ ਫੇਰ ਸ਼੍ਰੋਮਣੀ ਕਮੇਟੀ ਨੂੰ ਅਪੀਲ ਕਰਦੇ ਹਨ ਕਿ ਇਸ ਇਤਿਹਾਸਕ ਦਿਹਾੜੇ ਮੌਕੇ ਸਾਂਝਾ ਰਾਜ ਪੱਧਰੀ ਸਮਾਗਮ ਕਰਵਾਉਣ ਵਿੱਚ ਸੂਬਾ ਸਰਕਾਰ ਨੂੰ ਪੂਰਾ ਸਹਿਯੋਗ ਦੇਵੇ।