ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਵਲੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਦੇ ਅਸਤੀਫੇ ਨੇ ਪੰਜਾਬ ਵਿੱਚ ਵੱਖਰੀ ਤਰਾਂ ਦੀ ਚਰਚਾ ਛੇੜ ਦਿੱਤੀ ਹੈ। ਹਾਲਾਂਕਿ ਲੰਘੇ ਕੱਲ੍ਹ ਹੀ ਪੰਜਾਬ ਦੇ ਪ੍ਰਸ਼ਾਸਕੀ ਅਧਿਕਾਰੀਆਂ ਵਲੋਂ ਅਹੁਦੇ ਛੱਡਣ ਦੀ ਖਬਰ ਨੇ ਸਿਆਸੀ ਤੇ ਪ੍ਰਸ਼ਾਸਕੀ ਭੂਚਾਲ ਲਿਆਂਦਾ ਹੋਇਆ ਸੀ ਪਰ ਬੋਰਡ ਦੇ ਚੇਅਰਮੈਨ ਵਲੋਂ ਦਿੱਤੇ ਗਏ ਅਸਤੀਫੇ ਨਾਲ ਨਵੀਂ ਚਰਚਾ ਹੋ ਰਹੀ ਹੈ।
ਸਿੱਖਿਆ ਮੰਤਰੀ ਨਾਲ ਹੋਈ ਸੀ ਮੀਟਿੰਗ: ਦੱਸਿਆ ਜਾ ਰਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਯੋਗਰਾਜ ਸ਼ਰਮਾ ਨੂੰ ਹਾਲੇ 2 ਦਿਨ ਪਹਿਲਾਂ ਹੀ ਪੰਜਾਬ ਦੇ ਸਿੱਖਿਆ ਮੰਤਰੀ ਨਾਲ ਇਕ ਖਾਸ ਮੀਟਿੰਗ ਲਈ ਬੁਲਾਇਆ ਗਿਆ ਸੀ। ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਅਸਤੀਫਾ ਦੇ ਦਿੱਤਾ। ਜਦੋਂ ਕਿ ਯੋਗਰਾਜ ਸ਼ਰਮਾ ਦੇ ਕਾਰਜਕਾਲ ਨੂੰ ਮੁੱਕਣ ਵਿੱਚ ਹਾਲੇ 6 ਮਹੀਨੇ ਦਾ ਸਮਾਂ ਬਾਕੀ ਹੈ।
ਇਹ ਵੀ ਪੜ੍ਹੋ : Sunny Deol Missing Poster: ਸੜਕ ਬਣਵਾਉਣਾ ਭੁੱਲੇ ਸੰਨੀ ਦਿਓਲ ! ਲੋਕਾਂ ਨੇ ਲਾਏ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ
ਕੈਪਟਨ ਨੇ ਬਣਾਇਆ ਸੀ ਚੇਅਰਮੈਨ: ਦਰਅਸਲ ਯੋਗਰਾਜ ਸ਼ਰਮਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀਆਂ ਵਿੱਚੋਂ ਮੰਨੇ ਜਾਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਹੀ ਉਨ੍ਹਾਂ ਨੂੰ ਆਪਣੇ ਕਾਰਜਕਾਲ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਸੀ। ਜਦਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਦਾ ਕਾਰਜਕਾਲ 3 ਸਾਲ ਦਾ ਹੈ, ਪਰ ਯੋਗਰਾਜ ਸ਼ਰਮਾ ਨੇ ਛੇ ਮਹੀਨੇ ਪਹਿਲਾਂ ਹੀ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਦੂਜੇ ਪਾਸੇ ਇਸ ਮਾਮਲੇ ਨੂੰ ਲੈ ਕੇ ਯੋਗਰਾਜ ਸ਼ਰਮਾ ਦਾ ਕੋਈ ਪੱਖ ਦੱਸ ਸਾਹਮਣੇ ਨਹੀਂ ਆਇਆ ਹੈ। ਯੋਗਰਾਜ ਸ਼ਰਮਾ ਪਟਿਆਲਾ ਯੂਨੀਵਰਸਿਟੀ ਵਿੱਚ ਭਾਸ਼ਾ ਵਿਭਾਗ ਵਿੱਚ ਪ੍ਰੋਫੈਸਰ ਸਨ। ਉਨ੍ਹਾਂ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੇਲੇ 2020 ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਮੈਨ ਬਣਾਇਆ ਗਿਆ ਸੀ।
ਅਸਤੀਫੇ ਦੇ ਕਈ ਅਰਥ: ਦੂਜੇ ਪਾਸੇ ਇਸ ਅਸਤੀਫੇ ਦੇ ਹੋਰ ਵੀ ਕਈ ਅਰਥ ਕੱਢੇ ਜਾ ਰਹੇ ਹਨ। ਇਹ ਵੀ ਚਰਚਾ ਹੈ ਕਿ ਹੁਣ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹਾਲਾਂਕਿ ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੂੰ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਚੇਅਰਮੈਨ ਵਜੋਂ ਕੰਮ ਕਰਦੇ ਰਹਿਣਗੇ।