ਚੰਡੀਗੜ੍ਹ : ਪੰਜਾਬ ਵਿੱਚ ਕਣਕ ਦੀ ਖਰੀਦ ਨਿਰਵਿਘਨ ਤਰੀਕੇ ਦੇ ਨਾਲ ਚੱਲ ਰਹੀ ਹੈ ਅਤੇ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਮੰਡੀ ਵਿਚ ਕਿਸਾਨਾਂ ਤੇ ਆੜ੍ਹਤੀਆਂ ਨੂੰ ਕਿਸੇ ਵੀ ਤਰੀਕੇ ਦੀ ਕੋਈ ਪ੍ਰੇਸ਼ਾਨੀ ਨਾ ਆਵੇ ਇਸ ਗੱਲ ਦਾ ਪ੍ਰਗਟਾਵਾ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਸ਼ੁਰੂ ਵਿੱਚ ਜਦੋਂ ਆੜ੍ਹਤੀਆਂ ਨੇ ਹੜਤਾਲ ਕੀਤੀ ਸੀ ਉਸ ਵੇਲੇ ਥੋੜੀ ਪ੍ਰੇਸ਼ਾਨੀ ਆਈ ਸੀ ਪਰ ਹੁਣ ਵਧੀਆ ਢੰਗ ਨਾਲ ਕਿਸਾਨ ਮੰਡੀਆਂ ਵਿੱਚ ਆਪਣੀ ਫਸਲ ਲਿਆ ਰਹੇ ਹਨ ਅਤੇ ਜਲਦ ਤੋਂ ਜਲਦ ਉਨ੍ਹਾਂ ਨੂੰ ਫਸਲ ਦੀ ਅਦਾਇਗੀ ਕੀਤੀ ਜਾਵੇਗੀ ।
ਉਨ੍ਹਾਂ ਕਿਹਾ ਕਿ ਸਿੱਧੀ ਪੇਮੈਂਟ ਦੀ ਅਦਾਇਗੀ ਵਾਸਤੇ ਪੰਜਾਬ ਸਰਕਾਰ ਦੇ ਮੰਤਰੀ ਕੇਂਦਰ ਸਰਕਾਰ ਨੂੰ ਮਿਲੇ ਸਨ ਪਰ ਕੇਂਦਰ ਸਰਕਾਰ ਵੱਲੋਂ ਸੀਸੀ ਲਿਮਟ ਦੀ ਧਮਕੀ ਦਿੰਦੇ ਹੋਏ ਸਾਫ਼ ਕਹਿ ਦਿੱਤਾ ਸੀ ਜੇ ਕਿਸਾਨਾਂ ਦੇ ਖਾਤਿਆਂ ਵਿੱਚ ਸਿੱਧੀ ਅਦਾਇਗੀ ਨਾ ਕੀਤੀ ਗਈ ਤਾਂ ਸੀ ਕਣਕ ਨਹੀਂ ਖਰੀਦਾਂਗੇ।
ਫਿਲਹਾਲ ਇਹ ਜਾਣਕਾਰੀ ਹੈ ਕਿ ਸੂਬੇ ਵਿੱਚ 178542 ਮੀਟ੍ਰਿਕ ਟਨ ਕਣਕ ਸਰਕਾਰੀ ਏਜੰਸੀਆਂ ਵੱਲੋਂ ਖ਼ਰੀਦੀ ਜਾ ਚੁੱਕੀ ਹੈ ਜਿਨ੍ਹਾਂ ਵਿਚੋਂ ਪਨਗ੍ਰੇਨ ਵੱਲੋਂ 46599 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 44615 ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 43302 ਮੀਟ੍ਰਿਕ ਟਨ ਕਣਕ ਖਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 27089 ਮੀਟ੍ਰਿਕ ਟਨ ਖਰੀਦੀ ਗਈ ।
ਲਾਲ ਸਿੰਘ ਨੇ ਕਿਹਾ ਕਿ ਇਸ ਵਾਰ ਤਕਰੀਬਨ 130 ਲੱਖ ਮੀਟ੍ਰਿਕ ਟਨ ਕਣਕ ਖਰੀਦ ਦਾ ਟੀਚਾ ਰੱਖਿਆ ਗਿਆ ਹੈ ਜਿਸ ਲਈ ਹਰ ਵਿਭਾਗ ਨੂੰ ਜਲਦ ਤੋਂ ਜਲਦ ਖ਼ਰੀਦਦਾਰੀ ਕਰਨ ਅਤੇ ਕਿਸਾਨਾਂ ਨੂੰ ਪੇਮੈਂਟ ਕਰਨ ਦੇ ਆਦੇਸ਼ ਦਿੱਤੇ ਗਏ ਹਨ।