ਚੰਡੀਗੜ੍ਹ: ਜ਼ਹਿਰੀਲੀ ਸ਼ਰਾਬ ਨਾਲ ਹੋਣ ਵਾਲੀਆਂ ਮੌਤਾਂ ਦੇ ਚੱਲਦਿਆਂ ਮੁੱਦੇ ਦਾ ਸਿਆਸੀਕਰਨ ਹੁੰਦਾ ਜਾ ਰਿਹਾ ਹੈ। ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਨੇ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਮਾਮਲਿਆਂ ਅਤੇ ਘੁਟਾਲਿਆਂ 'ਤੇ ਪਰਦਾ ਪਾਉਣ ਤੋਂ ਇਲਾਵਾ ਕੁੱਝ ਨਹੀਂ ਕੀਤਾ।
ਹਰਪਾਲ ਚੀਮਾ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਤੋਂ ਲੈ ਕੇ ਮੁੱਖ ਮੰਤਰੀ ਸਿਰਫ਼ ਸਪੈਸ਼ਲ ਜਾਂਚ ਟੀਮ ਗਠਿਤ ਕਰਕੇ ਗੋਂਗਲੂਆਂ ਤੋਂ ਮਿੱਟੀ ਝਾੜ ਦਿੰਦੇ ਹਨ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਝੇ 'ਚ ਜ਼ਹਿਰੀਲੀ ਸ਼ਰਾਬ ਦੇ ਕਹਿਰ ਨੇ ਸਾਬਤ ਕਰ ਦਿੱਤਾ ਹੈ ਕਿ ਸਰਕਾਰ ਆਪਣੀ ਸਰਪ੍ਰਸਤੀ ਹੇਠ ਪੁਲਿਸ-ਪ੍ਰਸ਼ਾਸਨ ਰਾਹੀਂ ਇਹ ਕਾਲਾ ਧੰਦਾ ਕਰਵਾਉਂਦੀ ਹੈ। ਬਾਦਲਾਂ ਵਾਂਗ ਹੁਣ ਕਾਂਗਰਸ ਦੇ ਮੰਤਰੀ, ਵਿਧਾਇਕ ਅਤੇ ਸਥਾਨਕ ਆਗੂ ਕਰੋੜਾਂ-ਅਰਬਾਂ ਰੁਪਏ ਕਮਾ ਰਹੇ ਹਨ ਅਤੇ ਪੰਜਾਬ ਦੇ ਖ਼ਜ਼ਾਨੇ ਅਤੇ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖੇਡ ਰਹੇ ਹਨ।