ਚੰਡੀਗੜ੍ਹ: ਸੂਬਾ ਵਾਸੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਆਖਿਆ ਕਿ ਪੰਜਾਬ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਦਫ਼ਾ ਹੈ ਜਦੋਂ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦ ਕੇ ਪੁੱਠਾ ਗੇੜ ਸ਼ੁਰੂ ਕੀਤਾ ਹੈ, ਜਦੋਂ ਕਿ ਪਿਛਲੇ ਸਮੇਂ ਵਿੱਚ ਸੂਬਾ ਸਰਕਾਰਾਂ ਆਪਣੇ ਚਹੇਤਿਆਂ ਨੂੰ ਨਿਗੂਣੀਆਂ ਕੀਮਤਾਂ ਉਤੇ ਸਰਕਾਰੀ ਅਦਾਰੇ ਵੇਚਣ ਦੀਆਂ ਆਦੀ ਸਨ। ਉਨ੍ਹਾਂ ਕਿਹਾ ਕਿ ਕਿਸੇ ਸੂਬਾ ਸਰਕਾਰ ਵੱਲੋਂ ਪਾਵਰ ਪਲਾਂਟ ਦਾ ਇਹ ਸਭ ਤੋਂ ਘੱਟ ਕੀਮਤ ਉਤੇ ਕੀਤਾ ਸਮਝੌਤਾ ਹੈ ਕਿਉਂਕਿ 600 ਮੈਗਾਵਾਟ ਦੀ ਸਮਰੱਥਾ ਵਾਲੇ ਕੋਰਬਾ ਵੈਸਟ, ਝਾਬੂਆ ਪਾਵਰ ਅਤੇ ਲੈਂਕੋ ਅਮਰਕੰਟਕ ਵਰਗੇ ਪਾਵਰ ਪਲਾਂਟ ਕ੍ਰਮਵਾਰ 1804 ਕਰੋੜ ਰੁਪਏ, 1910 ਕਰੋੜ ਅਤੇ 1818 ਕਰੋੜ ਰੁਪਏ ਵਿੱਚ ਖ਼ਰੀਦੇ ਗਏ। ਉਨ੍ਹਾਂ ਕਿਹਾ ਕਿ ਇਹ 540 ਮੈਗਾਵਾਟ ਦੀ ਸਮਰੱਥਾ ਵਾਲਾ ਪਾਵਰ ਪਲਾਂਟ ਦੋ ਕਰੋੜ ਰੁਪਏ ਪ੍ਰਤੀ ਮੈਗਾਵਾਟ ਦੇ ਹਿਸਾਬ ਨਾਲ ਖ਼ਰੀਦਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸੇ ਪਾਵਰ ਪਲਾਂਟ ਲਈ ਹੁਣ ਤੱਕ ਦੀ ਸਭ ਤੋਂ ਘੱਟ ਕੀਮਤ ਹੈ, ਜਦੋਂ ਕਿ ਹੁਣ ਤੱਕ ਹੋਈਆਂ ਖ਼ਰੀਦਾਂ ਮੁਤਾਬਕ ਕੀਮਤ ਤਿੰਨ ਕਰੋੜ ਰੁਪਏ ਪ੍ਰਤੀ ਮੈਗਾਵਾਟ ਪਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਲਾਂਟ ਦਾ ਨਾਮ ਤੀਜੇ ਗੁਰੂ ਸਾਹਿਬ ਦੇ ਨਾਮ ਉਤੇ ਸ੍ਰੀ ਗੁਰੂ ਅਮਰਦਾਸ ਥਰਮਲ ਪਾਵਰ ਪਲਾਂਟ ਹੋਵੇਗਾ।
33 ਫੀਸਦੀ ਦੀ ਕਟੌਤੀ: ਮੁੱਖ ਮੰਤਰੀ ਨੇ ਕਿਹਾ ਕਿ ਇਸ ਥਰਮਲ ਪਲਾਂਟ ਦੀ ਸਮਰੱਥਾ 61 ਫੀਸਦੀ ਸੀ, ਜਦੋਂ ਕਿ ਇਸ ਵਿੱਚੋਂ ਸਿਰਫ਼ 34 ਫੀਸਦੀ ਤੱਕ ਦੀ ਹੀ ਵਰਤੋਂ ਹੁੰਦੀ ਸੀ ਪਰ ਹੁਣ ਇਸ ਪਲਾਂਟ ਦੀ ਸਮਰੱਥਾ ਨੂੰ 75 ਤੋਂ 80 ਫੀਸਦੀ ਤੱਕ ਕੀਤਾ ਜਾਵੇਗਾ, ਜਿਸ ਨਾਲ ਸੂਬੇ ਵਿੱਚ ਬਿਜਲੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਬਿਜਲੀ ਖ਼ਰੀਦ ਸਮਝੌਤਿਆਂ ਵਿੱਚੋਂ 33 ਫੀਸਦੀ ਦੀ ਕਟੌਤੀ ਹੋ ਜਾਵੇਗੀ। ਭਗਵੰਤ ਸਿੰਘ ਮਾਨ ਨੇ ਵਿਅੰਗ ਕੀਤਾ ਕਿ ਪਹਿਲੀ ਜਨਵਰੀ 2018 ਨੂੰ ਬਠਿੰਡਾ ਤੇ ਰੋਪੜ ਦੇ ਸਰਕਾਰੀ ਪਾਵਰ ਪਲਾਂਟ ਪੱਕੇ ਤੌਰ ਉਤੇ ਬੰਦ ਕਰ ਦਿੱਤੇ ਗਏ ਸਨ ਪਰ ਅੱਜ ਲੋਕ—ਪੱਖੀ ਸਰਕਾਰ ਨੇ ਸੂਬੇ ਵਿੱਚ ਬਿਜਲੀ ਸਪਲਾਈ ਵਧਾਉਣ ਲਈ ਪ੍ਰਾਈਵੇਟ ਪਾਵਰ ਪਲਾਂਟ ਖ਼ਰੀਦਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਦਾ ਕੋਲਾ ਸਿਰਫ਼ ਸਰਕਾਰੀ ਬਿਜਲੀ ਪਲਾਂਟਾਂ ਲਈ ਵਰਤਿਆ ਜਾ ਸਕਦਾ ਹੈ। ਇਸ ਕਰ ਕੇ ਹੁਣ ਇਸ ਪਲਾਂਟ ਦੀ ਖ਼ਰੀਦ ਨਾਲ ਇਹ ਕੋਲਾ ਇੱਥੇ ਬਿਜਲੀ ਉਤਪਾਦਨ ਲਈ ਵਰਤਿਆ ਜਾ ਸਕੇਗਾ, ਜਿਸ ਨਾਲ ਸੂਬੇ ਦੇ ਹਰੇਕ ਖ਼ੇਤਰ ਨੂੰ ਬਿਜਲੀ ਮੁਹੱਈਆ ਹੋਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਖ਼ਰੀਦ ਸਮਝੌਤੇ ਨਾਲ ਬਿਜਲੀ ਦੀ ਦਰ ਵਿੱਚ ਪ੍ਰਤੀ ਯੂਨਿਟ ਇਕ ਰੁਪਏ ਦੀ ਕਟੌਤੀ ਕਰਨ ਵਿੱਚ ਮਦਦ ਮਿਲੇਗੀ, ਜਿਸ ਨਾਲ ਬਿਜਲੀ ਖ਼ਰੀਦ ਉਤੇ 300 ਤੋਂ 350 ਕਰੋੜ ਰੁਪਏ ਦੀ ਬੱਚਤ ਹੋਵੇਗੀ। ਇਸ ਨਾਲ ਸੂਬੇ ਦੇ ਖ਼ਪਤਕਾਰਾਂ ਨੂੰ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲਾ ਮਿਲਣ ਕਾਰਨ ਬਿਜਲੀ ਦੀ ਉੱਚ ਪੈਦਾਵਾਰ (ਦੁੱਗਣੀ ਤੋਂ ਵੱਧ) ਕਰਨ ਵਿੱਚ ਮਦਦ ਮਿਲੇਗੀ ਕਿਉਂਕਿ ਪਲਾਂਟ ਲੋਡ ਫੈਕਟਰ ਹੁਣ ਤੱਕ ਦੇ ਔਸਤਨ 34 ਫੀਸਦੀ ਦੇ ਮੁਕਾਬਲੇ 75 ਤੋਂ 80 ਫੀਸਦੀ ਤੱਕ ਪੁੱਜਣ ਦੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ, ਜਿਸ ਨਾਲ ਉਹ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਵਿੱਚ ਬਰਾਬਰ ਭਾਈਵਾਲ ਬਣਨਗੇ।
ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖਰੀਦ ਲਿਆ: ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 540 ਮੈਗਾਵਾਟ (2x270) ਦੀ ਸਮਰੱਥਾ ਵਾਲਾ ਗੋਇੰਦਵਾਲ ਪਲਾਂਟ ਦੇ ਪ੍ਰਾਜੈਕਟ ਦਾ ਵਿਚਾਰ ਸਾਲ 1992 ਵਿੱਚ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਤੌਰ ਉਤੇ 500 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਦਾ ਸਮਝੌਤਾ ਸਾਲ 2000 ਵਿੱਚ ਹੋਇਆ ਸੀ ਜਿਸ ਤੋਂ ਬਾਅਦ 540 ਮੈਗਾਵਾਟ ਦੀ ਸਮਰੱਥਾ ਵਾਲੇ ਪਲਾਂਟ ਲਈ ਐਮ.ਓ.ਯੂ. ਸਾਲ 2006 ਵਿੱਚ ਹੋਇਆ ਸੀ ਅਤੇ ਇਸ ਉਪਰੰਤ ਸਾਲ 2009 ਵਿੱਚ 540 ਮੈਗਾਵਾਟ ਲਈ ਸੋਧਿਆ ਹੋਇਆ ਬਿਜਲੀ ਖਰੀਦ ਸਮਝੌਤਾ ਹੋਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਸਾਲ 2016 ਵਿੱਚ ਅਮਲ ਵਿੱਚ ਆਇਆ ਸੀ ਪਰ ਹੁਣ ਪੀ.ਐਸ.ਪੀ.ਸੀ.ਐਲ. ਨੇ 11 ਹੋਰ ਕੰਪਨੀਆਂ ਦੇ ਮੁਕਾਬਲੇ ਵਿੱਚ ਇਸ ਨੂੰ ਖਰੀਦ ਲਿਆ ਸੀ। ਇਨ੍ਹਾਂ 11 ਕੰਪਨੀਆਂ ਵਿੱਚ ਜਿੰਦਲ ਪਾਵਰ, ਅਦਾਨੀ ਪਾਵਰ, ਵੇਦਾਂਤਾ ਗਰੁੱਪ, ਰਸ਼ਮੀ ਮੇਟਾਲਿਕਸ, ਸ਼ੇਰੀਸ਼ਾ ਟੈਕਨਾਲੌਜਿਜ਼, ਸਾਈ ਵਰਧਾ ਪਾਵਰ, ਮੇਗਾ ਇੰਜਨੀਅਰਿੰਗ ਐਂਡ ਇਨਫ੍ਰਾਸਟਰੱਕਚਰ, ਇੰਡੀਆ ਕੋਕ ਐਂਡ ਪਾਵਰ ਪ੍ਰਾਈਵੇਟ ਲਿਮਟਡ, ਆਰ.ਕੇ.ਜੀ. ਫੰਡ (ਆਰ.ਕੇ.ਜੀ. ਟਰੱਸਟ), ਕੇ.ਐਲ.ਯੂ. ਰਿਸੋਰਸ ਅਤੇ ਕੈਪਰੀ ਗਲੋਬਲ ਹੋਲਡਿੰਗ ਐਂਡ ਪ੍ਰਾਈਵੇਟ ਲਿਮਟਡ ਨੇ ਫਰਵਰੀ, 2023 ਨੂੰ ਆਪਣੀਆਂ ਅਰਜ਼ੀਆਂ ਜਮ੍ਹਾਂ ਕਰਵਾਈਆਂ ਸਨ, ਜਿਸ ਤੋਂ ਬਾਅਦ ਆਖਰ ਵਿੱਚ ਪੀ.ਐਸ.ਪੀ.ਸੀ.ਐਲ ਨੇ ਇਸ ਨੂੰ ਖਰੀਦ ਲਿਆ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਲ 2016-2023 ਦਰਮਿਆਨ ਸੂਬਾ ਸਰਕਾਰ ਨੇ ਇਸ ਪਲਾਂਟ ਤੋਂ 7902 ਕਰੋੜ ਰੁਪਏ ਅਦਾ ਕਰਕੇ 11165 ਮਿਲੀਅਨ ਯੂਨਿਟ ਬਿਜਲੀ ਖਰੀਦੀ ਸੀ। ਉਨ੍ਹਾਂ ਕਿਹਾ ਕਿ ਦੁੱਖ ਇਸ ਗੱਲ ਦਾ ਹੈ ਕਿ ਬਿਨਾਂ ਬਿਜਲੀ ਖਰੀਦੇ ਜੀ.ਵੀ.ਕੇ. ਥਰਮਲ ਪਲਾਂਟ ਨੂੰ 1718 ਕਰੋੜ ਅਦਾ ਕਰਨੇ ਪਏ। ਪਾਵਰ ਪਲਾਂਟ ਨੂੰ 7.08 ਰੁਪਏ ਪ੍ਰਤੀ ਔਸਤਨ ਯੂਨਿਟ ਮੁਤਾਬਕ ਅਦਾਇਗੀ ਕੀਤੀ ਗਈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲ ਖਾਣ ਤੋਂ ਕੋਲੇ ਦੀ ਸਪਲਾਈ ਸ਼ੁਰੂ ਹੋਣ ਨਾਲ ਬਿਜਲੀ ਦੀ ਕੀਮਤ ਪ੍ਰਤੀ ਯੂਨਿਟ 4.50 ਰੁਪਏ ਪ੍ਰਤੀ ਯੂਨਿਟ ਹੋਵੇਗੀ ਜਿਸ ਨਾਲ ਸਾਲਾਨਾ 300-350 ਕਰੋੜ ਰੁਪਏ ਦੀ ਬੱਚਤ ਹੋਵੇਗੀ ਅਤੇ ਇਹ ਪੈਸਾ ਲੋਕਾਂ ਦੀ ਭਲਾਈ ਉਤੇ ਖਰਚਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ 31 ਦਸੰਬਰ ਤੱਕ ਪੀ.ਐਸ.ਪੀ.ਸੀ.ਐਲ. ਦੇ ਸਾਰੇ ਬਕਾਏ ਅਦਾ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਪਲਾਂਟ ਸਰਕਾਰ ਦੇ ਹੱਥਾਂ ਵਿੱਚ ਆਉਣ ਨਾਲ ਸੂਬੇ ਵਿੱਚ ਹੁਣ ਤਿੰਨ ਸਰਕਾਰੀ ਅਤੇ ਦੋ ਪ੍ਰਾਈਵੇਟ ਥਰਮਲ ਪਲਾਂਟ ਕਾਰਜਸ਼ੀਲ ਹਨ। ਭਗਵੰਤ ਸਿੰਘ ਮਾਨ ਨੇ ਚੇਤੇ ਕਰਦਿਆਂ ਕਿਹਾ ਕਿ ਸਾਲ 2009 ਵਿੱਚ ਇਸ ਪਲਾਂਟ ਦੀ ਸ਼ੁਰੂਆਤ ਮੌਕੇ ਹੋਏ ਸਮਾਗਮ ਦੌਰਾਨ ਉਨ੍ਹਾਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਸੀ ਅਤੇ ਖੁਸ਼ਕਿਸਮਤੀ ਨਾਲ ਹੁਣ ਪਰਮਾਤਮਾ ਨੇ ਇਸ ਪਲਾਂਟ ਨੂੰ ਖਰੀਦਣ ਲਈ ਵੀ ਉਨ੍ਹਾਂ ਨੂੰ ਚੁਣਿਆ ਹੈ ਅਤੇ ਇਸ ਪ੍ਰਾਜੈਕਟ ਨਾਲ ਲੋਕਾਂ ਨੂੰ ਹੋਰ ਵਧੇਰੇ ਬਿਜਲੀ ਸਪਲਾਈ ਮਿਲੇਗੀ।
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਸਮੇਤ ਮਹਾਨ ਸ਼ਹੀਦਾਂ ਨੂੰ ਰੱਦ ਕੀਤੀ ਸ਼੍ਰੇਣੀ ਵਿੱਚ ਨਹੀਂ ਰੱਖਿਆ ਜਾ ਸਕਦਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਦੀ ਪਰੇਡ ਵਿੱਚ ਪੰਜਾਬ ਦੀਆਂ ਝਾਕੀਆਂ ਨੂੰ ਸ਼ਾਮਲ ਨਾ ਕਰਕੇ ਇਨ੍ਹਾਂ ਨਾਇਕਾਂ ਦੇ ਮਹਾਨ ਯੋਗਦਾਨ ਅਤੇ ਕੁਰਬਾਨੀਆਂ ਦਾ ਮਹੱਤਵ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਵਰਤਾਰਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਹ ਕਦਮ ਸਾਡੇ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨੇਤਾਵਾਂ ਦਾ ਘੋਰ ਨਿਰਾਦਰ ਹੈ।
- Sidhu Moose Wala: ਇੱਕ ਵਾਰ ਫਿਰ ਪੰਜਾਬ ਸਰਕਾਰ 'ਤੇ ਭੜਕੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਪਿੱਛੇ ਦੱਸਿਆ ਵੱਡਾ ਹੱਥ
- ਦੇਸ਼ ਵਿੱਚ ਨਵੇਂ ਸਾਲ ਦੇ ਜਸ਼ਨ: ਲੋਕ ਧਾਰਮਿਕ ਸਥਾਨਾਂ ਉੱਤੇ ਮੱਥਾ ਟੇਕ ਨਵੇਂ ਸਾਲ 2024 ਦੀ ਕਰ ਰਹੇ ਨੇ ਸ਼ੁਰੂਆਤ
- ਨਵੇਂ ਸਾਲ ਦੀ ਆਮਦ ਤੋਂ ਮੌਕੇ ਬਾਦਲ ਪਰਿਵਾਰ ਸਣੇ ਵੱਡੀ ਗਿਣਤੀ 'ਚ ਸੰਗਤ ਸੱਚਖੰਡ ਸ੍ਰੀ ਹਰਿਮੰਦਿਰ ਸਾਹਿਬ ਹੋ ਰਹੀ ਹੈ ਨਤਮਸਤਕ
ਵਿਰੋਧੀਆਂ ਉੱਤੇ ਵਾਰ: ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਭਾਜਪਾ ਮੁਖੀ ਝਲਕੀਆਂ ਦੇ ਮਸਲੇ ਉਤੇ ਸਾਫ ਤੌਰ ਉਤੇ ਝੂਠ ਬੋਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਆਪਣੇ ਅਕਾਵਾਂ ਵਾਂਗ ਝੂਠ ਬੋਲਣ ਦੀ ਕਲਾ ਵਿੱਚ ਪ੍ਰਪੱਕ ਹੋਣ ਦੀ ਮੁਹਾਰਤ ਹਾਸਲ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜਾਖੜ ਨੇ ਹਾਲ ਹੀ ਵਿੱਚ ਭਾਜਪਾ ਦਾ ਪੱਲਾ ਫੜਿਆ ਹੈ ਜਿਸ ਕਰਕੇ ਉਹ ਅਜੇ ਹਾਈ ਕਮਾਂਡ ਵੱਲੋਂ ਤਿਆਰ ਕੀਤੀਆਂ ਸਕ੍ਰਿਪਟਾਂ ਪੜ੍ਹਨ ਦੇ ਆਦੀ ਨਹੀਂ ਹੋਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਭਾਜਪਾ ਲੀਡਰਸ਼ਿਪ ਪੰਜਾਬ ਨੂੰ ਲਾਂਭੇ ਕਰਕੇ ਝਲਕੀਆਂ ਦਿਖਾਉਣ ਬਾਰੇ ਸੋਚ ਰਹੀ ਹੈ। (ਪ੍ਰੈੱਸ ਨੋਟ)