ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਦਫ਼ਤਰ ਵਿਖੇ ਸੂਬਾ ਸਰਕਾਰ ਦੇ ਪ੍ਰਬੰਧਕੀ ਸਕੱਤਰਾਂ ਨਾਲ ਮੀਟਿੰਗ (Meeting with the administrative secretaries ) ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਬਿਨਾਂ ਕਿਸੇ ਦੇਰੀ ਦੇ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਖਰੀਦ ਅਤੇ ਚੁਕਾਈ ਕੀਤੀ ਜਾਵੇ। ਭਗਵੰਤ ਮਾਨ ਨੇ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਸੂਬੇ ਭਰ ਦੀਆਂ ਮੰਡੀਆਂ ਵਿੱਚ ਲਗਭਗ 50 ਲੱਖ ਮੀਟਰਿਕ ਟਨ ਝੋਨਾ ਆ ਚੁੱਕਾ ਹੈ ਅਤੇ ਕਿਸਾਨਾਂ ਨੂੰ 7307.93 ਕਰੋੜ ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਖ਼ਰੀਦ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾਵੇ।
ਇਕ ਹੋਰ ਏਜੰਡੇ ਉੱਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਪ੍ਰਦੂਸ਼ਿਤ (Environmental pollution) ਹੋਣ ਦੇ ਨਾਲ-ਨਾਲ ਮਨੁੱਖੀ ਜੀਵਨ ਨੂੰ ਵੀ ਭਾਰੀ ਖ਼ਤਰਾ ਪੈਦਾ ਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਸ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾ ਕੇ ਇਸ ਦੀ ਰੋਕਥਾਮ ਲਈ ਹਰ ਸੰਭਵ ਯਤਨ ਕਰਨ ਦੀ ਲੋੜ ਹੈ।
ਸੂਬੇ ਵਿੱਚ ਆਮ ਆਦਮੀ ਕਲੀਨਿਕਾਂ ਦੇ ਕੰਮਕਾਜ ਦੀ ਸਮੀਖਿਆ (Review of functioning of Aam Aadmi Clinics) ਕਰਦਿਆਂ ਮੁੱਖ ਮੰਤਰੀ ਨੇ ਇਸ ਗੱਲ ਉੱਤੇ ਤਸੱਲੀ ਪ੍ਰਗਟਾਈ ਕਿ ਰੋਜ਼ਾਨਾ 7500 ਮਰੀਜ਼ ਇਨ੍ਹਾਂ ਕਲੀਨਿਕਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਲੀਨਿਕ ਮਿਆਰੀ ਇਲਾਜ ਸਹੂਲਤਾਂ ਮੁਹੱਈਆ ਕਰਵਾ ਕੇ ਆਮ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। ਭਗਵੰਤ ਮਾਨ ਨੇ ਸਿਹਤ ਵਿਭਾਗ ਨੂੰ ਸੂਬੇ ਭਰ ਦੇ 400 ਹੋਰ ਸਿਹਤ ਸੰਭਾਲ ਕੇਂਦਰਾਂ ਨੂੰ ਮਜ਼ਬੂਤ ਕਰਨ ਲਈ ਵੀ ਕਿਹਾ।
ਸੂਬੇ ਵਿੱਚ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਨ੍ਹਾਂ ਸੇਵਾ ਕੇਂਦਰਾਂ ਵਿੱਚ ਦਿੱਤੀਆਂ ਜਾਂਦੀਆਂ ਸੇਵਾਵਾਂ (Services provided in service centers) ਲਈ ਕੀਤੀ ਜਾਣ ਵਾਲੀ ਵਾਧੂ ਵਸੂਲੀ ਸਬੰਧੀ ਸ਼ਿਕਾਇਤਾਂ ਉਤੇ ਤੁਰੰਤ ਕਾਰਵਾਈ ਕਰਨ ਲਈ ਆਖਿਆ। ਉਨ੍ਹਾਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਸਾਰੇ 531 ਸੇਵਾ ਕੇਂਦਰਾਂ ਵਿੱਚ ਨਾਗਰਿਕ ਕੇਂਦਰਿਤ ਸੇਵਾਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।
ਭ੍ਰਿਸ਼ਟਾਚਾਰ ਵਿਰੁੱਧ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਇੰਜਨੀਅਰਿੰਗ ਵਿੰਗ ਦੇ ਅਨੁਮਾਨਾਂ ਵਿੱਚ ਕੋਈ ਵਾਧਾ ਨਾ ਹੋਵੇ। ਉਨ੍ਹਾਂ ਕਿਹਾ ਕਿ ਅਨੁਮਾਨ ਸਾਰਥਿਕ ਹੋਣੇ ਚਾਹੀਦੇ ਹਨ ਅਤੇ ਗਲਤ ਕੰਮਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ `ਤੇ ਵਿਕਾਸ ਕਾਰਜਾਂ ਦੀ ਖ਼ੁਦ ਚੈਕਿੰਗ ਅਤੇ ਪੜਤਾਲ ਯਕੀਨੀ ਬਣਾਉਣ ਲਈ ਵੀ ਆਖਿਆ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕੇਂਦਰ ਵੱਲੋਂ ਸਪਾਂਸਰਡ ਸਕੀਮਾਂ ਤਹਿਤ ਫੰਡਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਫੰਡਾਂ ਦੀ ਵਰਤੋਂ ਸੂਬੇ ਵਿੱਚ ਵਿਕਾਸ ਕਾਰਜਾਂ ਨੂੰ ਹੁਲਾਰਾ ਦੇਣ ਲਈ ਕੀਤੀ ਜਾਵੇ। ਭਗਵੰਤ ਮਾਨ ਨੇ ਵਿੱਤ ਵਿਭਾਗ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਰਕਾਰ ਦੇ ਪੱਧਰ ਉਤੇ ਕੋਈ ਵੀ ਬਿੱਲ ਬਕਾਇਆ ਨਾ ਰਹੇ।
ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਥੋੜ ਚਿਰੇ ਅਤੇ ਲੰਮੇ ਸਮੇਂ ਦੇ ਟੀਚਿਆਂ ਦੀ ਪਛਾਣ ਕਰਨ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਨੇ ਸਰਕਾਰੀ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਨਿਰਵਿਘਨ ਅੰਤਰ-ਵਿਭਾਗੀ ਤਾਲਮੇਲ ਬਣਾਉਣ ਲਈ ਕਿਹਾ। ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਨਿਰਪੱਖਤਾ ਅਤੇ ਪਾਰਦਰਸ਼ੀ ਢੰਗ ਨਾਲ ਨਿਭਾਉਣ ਲਈ ਆਖਿਆ।
ਤਿਉਹਾਰਾਂ ਦੇ ਸੀਜ਼ਨ ਦੇ ਮੱਦੇਨਜ਼ਰ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਘਟੀਆ ਦਰਜੇ ਦੀਆਂ ਮਠਿਆਈਆਂ ਅਤੇ ਨਕਲੀ ਦੁੱਧ ਤੋਂ ਬਣੇ ਪਦਾਰਥਾਂ ਨੂੰ ਠੱਲ੍ਹ ਪਾਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਕਿਹਾ ਕਿ ਆਪਣੇ ਮੁਨਾਫ਼ੇ ਲਈ ਲੋਕਾਂ ਦੀ ਜਾਨ ਦਾਅ ’ਤੇ ਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਕੌਮੀ ਮਾਰਗਾਂ ਦੇ ਪ੍ਰਾਜੈਕਟਾਂ ਲਈ ਜ਼ਮੀਨ ਐਕੁਆਇਰ ਕਰਨ ਦੀ ਪ੍ਰਕਿਰਿਆ ਕਿਸਾਨਾਂ ਨੂੰ ਮੁਆਵਜ਼ਾ ਦੇ ਕੇ ਛੇਤੀ ਤੋਂ ਛੇਤੀ ਮੁਕੰਮਲ ਕੀਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਭਰ ’ਚ ਚੱਲ ਰਹੇ ਸੜਕਾਂ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵੀ ਤਾਕੀਦ ਕੀਤੀ। ਭਗਵੰਤ ਮਾਨ ਨੇ ਉਸਾਰੀ ਦੇ ਕੰਮ ਦੌਰਾਨ ਗੁਣਵੱਤਾ ਦੇ ਉੱਚ ਮਿਆਰੀ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਮੁੱਖ ਮੰਤਰੀ ਨੇ ਮਾਲ, ਸਥਾਨਕ ਸਰਕਾਰਾਂ ਅਤੇ ਸ਼ਹਿਰੀ ਇਕਾਈਆਂ ਨੂੰ ਜ਼ਮੀਨਾਂ ਦੀ ਵਿਕਰੀ-ਨਾਮਿਆਂ (ਸੇਲ ਡੀਡਜ਼) ‘ਤੇ ਲੱਗੀ ਰੋਕ ਹਟਵਾਉਣ ਲਈ ਰਣਨੀਤੀ ਬਣਾਉਣ ਵਾਸਤੇ ਇਕਜੁੱਟ ਹੋ ਕੇ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗਾਂ ਨੂੰ ਇਸ ਮਾਮਲੇ ਨੂੰ ਛੇਤੀ ਨਿਪਟਾਉਣ ਲਈ ਕਾਨੂੰਨੀ ਰਾਇ ਲੈਣੀ ਚਾਹੀਦੀ ਹੈ। ਭਗਵੰਤ ਮਾਨ ਨੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਇਸ ਨੇਕ ਕਾਰਜ ਲਈ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ।
ਇਹ ਵੀ ਪੜ੍ਹੋ: ਹਰਸਿਮਰਤ ਬਾਦਲ ਨੇ ਮਾਨਸਾ ਦੌਰੇ ਦੌਰਾਨ ਮਾਨ ਸਰਕਾਰ ਉੱਤੇ ਸਾਧੇ ਨਿਸ਼ਾਨੇ