ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਵੱਲੋਂ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਏ ਜਾਣ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਰੁਝਾਨ ਨੂੰ ਸ਼ਰਮਨਾਕ ਦੱਸਿਆ ਹੈ। ਬੁੱਧਵਾਰ ਨੂੰ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਨੇ ਸਾਫ਼ ਕਰ ਦਿੱਤਾ ਕਿ ਐੱਸ.ਸੀ. ਵਜ਼ੀਫ਼ਾ ਘੁਟਾਲੇ ਅਤੇ ਨੂਰਪੁਰ ਜ਼ਮੀਨ ਮਾਮਲਿਆਂ ਸਬੰਧੀ ਦੋਸ਼ਾਂ ਦੀ ਜਾਂਚ ਵਿੱਚ ਕੋਈ ਬੇਨਿਯਮੀ ਨਹੀਂ ਪਾਈ ਗਈ।
ਉਨ੍ਹਾਂ ਦੇ ਮੰਤਰੀਆਂ ਅਤੇ ਸਰਕਾਰ ਦੇ ਅਕਸ ਨੂੰ ਢਾਹ ਲਾਉਣ ਦੀਆਂ ਵਿਰੋਧੀ ਧਿਰ ਦੀਆਂ ਕੋਸ਼ਿਸ਼ਾਂ ਨੂੰ ਕਰੜੇ ਹੱਥੀਂ ਲੈਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਾਰਟੀਆਂ ਬੇਲੋੜੇ ਇਲਜ਼ਾਮ ਲਾ ਕੇ ਸੌੜੇ ਪੱਧਰ ਦੀ ਰਾਜਨੀਤੀ ਕਰ ਰਹੀਆਂ ਹਨ। ਮੁੱਖ ਮੰਤਰੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਦੌਰਾਨ ਦਖ਼ਲ ਦੇ ਕੇ ਆਪਣੀ ਗੱਲ ਕਹਿ ਰਹੇ ਸਨ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਐਸ.ਸੀ. ਵਜ਼ੀਫੇ ਦੇ ਮੁੱਦੇ ਦੀ ਪੜਤਾਲ ਤਿੰਨ ਵਧੀਕ ਮੁੱਖ ਸਕੱਤਰਾਂ ਵੱਲੋਂ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਨੂੰ ਫੰਡਾਂ ਦੀ ਵੰਡ ਵਿੱਚ ਕੋਈ ਬੇਨਿਯਮੀ ਨਹੀਂ ਮਿਲੀ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਵੱਲੋਂ ਅਜਿਹੀਆਂ ਮੀਡੀਆ ਰਿਪੋਰਟਾਂ ਦੇ ਆਧਾਰ 'ਤੇ ਉਨ੍ਹਾਂ ਦੇ ਮੰਤਰੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਜਿਨ੍ਹਾਂ ਦਾ ਕੋਈ ਆਧਾਰ ਨਹੀਂ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਪਵਨ ਕੁਮਾਰ ਟੀਨੂ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਲੋਕ ਇਨਸਾਫ਼ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਅੱਜ ਸਦਨ ਵਿੱਚ ਇਹ ਮੁੱਦਾ ਚੁੱਕਦੇ ਹੋਏ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਅਸਤੀਫ਼ੇ ਦੀ ਮੰਗ ਕੀਤੀ, ਜਿਨ੍ਹਾਂ ਨੂੰ ਕਿ ਤਿੰਨ ਆਈ.ਏ.ਐਸ. ਅਧਿਕਾਰੀਆਂ ਦੀ ਕਮੇਟੀ ਦੁਆਰਾ ਵਜ਼ੀਫ਼ਾ ਘੁਟਾਲੇ ਦੀ ਜਾਂਚ ਲਈ ਬਣਾਈ ਗਈ ਕਮੇਟੀ ਵੱਲੋਂ ਦਿੱਤੀ ਗਈ ਹੈ।
ਇਹ ਦੱਸਣਯੋਗ ਹੈ ਕਿ ਐਸ.ਸੀ. ਵਜ਼ੀਫਾ ਘੋਟਾਲੇ ਵਿੱਚ 64 ਕਰੋੜ ਰੁਪਏ ਦੀਆਂ ਬੇਨਿਯਮੀਆਂ ਦੇ ਇਲਜ਼ਾਮ ਸਾਹਮਣੇ ਆਉਣ ਤੋਂ ਬਾਅਦ ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਇਸ ਸਬੰਧੀ ਡੂੰਘਾਈ ਨਾਲ ਜਾਂਚ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਖੁਰਾਕ ਸਕੱਤਰ ਕੇ.ਏ.ਪੀ. ਸਿਨਹਾ ਦੀ ਅਗਵਾਈ ਵਾਲੇ ਤਿੰਨ ਅਫਸਰਾਂ ਦੇ ਪੈਨਲ ਵੱਲੋਂ ਦਿੱਤੇ ਗਏ ਸਿੱਟਿਆਂ ਦੇ ਆਧਾਰ 'ਤੇ ਮੁੱਖ ਸਕੱਤਰ ਦੀ ਰਿਪੋਰਟ ਵਿੱਚ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਸੀ।