ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਸੂਬੇ ਦੇ ਮਾਝੇ ਅਤੇ ਦੁਆਬਾ ਖੇਤਰਾਂ ਵਿੱਚ ਦੋ ਦਿਨ ਪਹਿਲਾਂ ਹੋਈ ਗੜੇਮਾਰੀ ਕਰਕੇ ਨੁਕਸਾਨੀ ਗਈ ਕਣਕ ਦੀ ਫ਼ਸਲ ਦੀ ਤੁਰੰਤ ਗਿਰਦਾਵਰੀ ਦਿੱਤੀ ਜਾਵੇ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸੂਬੇ ਦੇ ਵੱਖ-ਵੱਖ ਭਾਗਾਂ ਵਿੱਚੋਂ ਆ ਰਹੀਆਂ ਰਿਪੋਰਟਾਂ ਅਨੁਸਾਰ ਗੜੇਮਾਰੀ ਅਤੇ ਹਨੇਰੀ ਕਰਕੇ ਕਣਕ ਦੀ ਫ਼ਸਲ ਦਾ ਭਾਰੀ ਨੁਕਸਾਨ ਹੋਇਆ ਹੈ। ਉਹਨਾਂ ਕਿਹਾ ਕਿ ਬਹੁਤ ਸਾਰੀਆਂ ਥਾਂਵਾਂ ਉੱਤੇ ਕਣਕ ਦੀ ਫ਼ਸਲ ਪੂਰੀ ਤਰ੍ਹਾਂ ਵਿੱਛ ਗਈ ਹੈ ਅਤੇ ਇਸ ਦੀ ਕੰਬਾਇਨਾਂ ਨਾਲ ਕਟਾਈ ਕਰਨੀ ਸੰਭਵ ਨਹੀਂ ਹੋਵੇਗੀ। ਉਹਨਾਂ ਕਿਹਾ ਕਿ ਇਸ ਕਣਕ ਦੀ ਵਾਢੀ ਉੱਤੇ ਆਉਣ ਵਾਲੇ ਵਾਧੂ ਖਰਚੇ ਲਈ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ।
ਮਜੀਠੀਆ ਨੇ ਮੁੱਖ ਮੰਤਰੀ ਨੂੰ ਕਿਹਾ ਕਿ ਉਹ ਪੂਰੀ ਤਰ੍ਹਾਂ ਨੁਕਸਾਨੀ ਗਈ ਫ਼ਸਲ ਲਈ 20 ਹਜ਼ਾਰ ਰੁਪਏ ਪ੍ਰਤੀ ਏਕੜ ਅਤੇ ਘੱਟ ਨੁਕਸਾਨੀ ਗਈ ਫ਼ਸਲ ਲਈ 10 ਹਜ਼ਾਰ ਰੁਪਏ ਪ੍ਰਤੀ ਏਕੜ ਦਾ ਮੁਆਵਜ਼ਾ ਦੇਣ। ਉਹਨਾਂ ਕਿਹਾ ਕਿ ਇਸ ਕੁਦਰਤੀ ਬਿਪਤਾ ਦੇ ਸਮੇਂ ਕਿਸਾਨਾਂ ਦੀ ਮਦਦ ਕਰਨਾ ਸਰਕਾਰ ਦੀ ਨੈਤਿਕ ਜ਼ਿੰਮੇਵਾਰੀ ਹੈ ਅਤੇ ਸਰਕਾਰ ਨੂੰ ਇਸ ਮਾਮਲੇ ਵਿੱਚ ਕਿਸੇ ਕਿਸਮ ਦੀ ਢਿੱਲ ਨਹੀਂ ਵਿਖਾਉਣੀ ਚਾਹੀਦੀ।
ਅਕਾਲੀ ਆਗੂ ਨੇ ਸਰਕਾਰ ਨੂੰ ਇਹ ਵੀ ਕਿਹਾ ਕਿ ਉਹ ਪਿਛਲੇ ਹਾੜੀ ਦੇ ਸੀਜ਼ਨ ਦੌਰਾਨ ਕਿਸਾਨਾਂ ਦੇ ਹੋਏ ਫ਼ਸਲੀ ਨੁਕਸਾਨ ਦਾ ਮੁਆਵਜ਼ਾ ਜਾਰੀ ਕਰੇ , ਜੋ ਕਿ ਬਹੁਤ ਸਾਰੇ ਕਿਸਾਨਾਂ ਨੂੰ ਅਜੇ ਤਕ ਨਹੀਂ ਮਿਲਿਆ ਹੈ।