ਚੰਡੀਗੜ੍ਹ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਨਕਲੀ ਕੀਟਨਾਸ਼ਕਾਂ/ਖਾਦਾਂ ਦੀ ਵਿਕਰੀ ਨੂੰ ਰੋਕਣ ਲਈ ਮਹੀਨਾ ਭਰ ਚੱਲਣ ਵਾਲੀ ਵਿਸ਼ੇਸ਼ ਮੁਹਿੰਮ ਵਿੱਢਣ ਦਾ ਐਲਾਨ ਕੀਤਾ। ਉਨ੍ਹਾਂ ਇਹ ਐਲਾਨ ਆਪਣੇ ਫੇਸਬੁੱਕ ਲਾਈਵ ਪ੍ਰੋਗਰਾਮ 'ਕੈਪਟਨ ਨੂੰ ਸਵਾਲ' ਦੌਰਾਨ ਇੱਕ ਕਿਸਾਨ ਵੱਲੋਂ ਕੀਤੀ ਸ਼ਿਕਾਇਤ ਦੇ ਜਵਾਬ ਵਿੱਚ ਕੀਤਾ। ਕੋਟਸੁਖੀਆ ਦੇ ਜਸਵਿੰਦਰ ਬਰਾੜ ਨੇ ਕਿਹਾ ਸੀ ਕਿ ਸਮਾਜ ਵਿਰੋਧੀ ਅਨਸਰ ਨਕਲੀ ਖਾਦਾਂ ਵੇਚ ਕੇ ਕਿਸਾਨਾਂ ਦੀ ਲੁੱਟ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਅਜਿਹੀਆਂ ਸ਼ਿਕਾਇਤਾਂ ਪਿਛਲੇ ਹਫਤੇ ਵੀ ਮਿਲੀਆਂ ਸਨ ਅਤੇ ਹੁਣ ਉਨ੍ਹਾਂ ਫੈਸਲਾ ਕੀਤਾ ਹੈ ਕਿ ਸੂਬੇ ਵਿੱਚ ਨਕਲੀ ਖਾਦਾਂ/ਕੀਟਨਾਸ਼ਕਾਂ ਦੀ ਵਿਕਰੀ ਨੂੰ ਸਖ਼ਤੀ ਨਾਲ ਰੋਕਣ ਲਈ ਇੱਕ ਮਹੀਨੇ ਲਈ ਵਿਸ਼ੇਸ਼ ਮੁਹਿੰਮ ਵਿੱਢੀ ਜਾਵੇ।
ਉਨ੍ਹਾਂ ਸਾਰੇ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਉਹ ਜਦੋਂ ਵੀ ਖਾਦ ਜਾਂ ਕੀਟਨਾਸ਼ਕ ਖਰੀਦ ਤਾਂ ਬਿੱਲ ਜ਼ਰੂਰ ਲੈਣ, ਇਹ ਬਿੱਲ ਅਜਿਹੇ ਡੀਲਰਾਂ ਖ਼ਿਲਾਫ਼ ਕਾਰਵਾਈ ਵਿੱਚ ਬਹੁਤ ਸਹਾਈ ਸਿੱਧ ਹੋਣਗੇ, ਜਿਹੜੇ ਨਕਲੀ ਉਤਪਾਦਾਂ ਨੂੰ ਵੇਚਦੇ ਹਨ। ਬਠਿੰਡਾ ਦੇ ਇੱਕ ਵਸਨੀਕ ਵੱਲੋਂ ਵਿਰੋਧੀਆਂ ਵੱਲੋਂ ਕਾਂਗਰਸੀ ਵਿਧਾਇਕਾਂ 'ਤੇ ਨਾਜਾਇਜ਼ ਸ਼ਰਾਬ ਦੇ ਕਾਰੋਬਾਰ ਵਿੱਚ ਸ਼ਮੂਲੀਅਤ ਦੇ ਦੋਸ਼ ਲਗਾ ਕੇ ਸੂਬੇ ਭਰ ਵਿੱਚ ਦਿੱਤੇ ਜਾ ਰਹੇ ਧਰਨਿਆਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਵਾਰ-ਵਾਰ ਇਹ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਵੱਡਾ ਹੋਵੇ ਜਾਂ ਛੋਟਾ ਪਰ ਵਿਰੋਧੀ ਪਾਰਟੀਆਂ ਇਸ ਨਕਲੀ ਸ਼ਰਾਬ ਦੇ ਦੁਖਾਂਤ ਤੋਂ ਰਾਜਸੀ ਲਾਹਾ ਖੱਟਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਵਿਰੋਧੀ ਪਾਰਟੀਆਂ ਕੋਲ ਇਸ ਤੋਂ ਵਧੀਆ ਕਰਨ ਨੂੰ ਕੁਝ ਨਹੀਂ, ਉਹ ਲੋਕਾਂ ਨੂੰ ਗੁੰਮਰਾਹ ਕਰਨ ਲਈ ਨਿਰਾ ਝੂਠ ਬੋਲ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵਿਰੋਧੀਆਂ ਵੱਲੋਂ ਕੀਤੇ ਜਾ ਰਹੇ ਇਸ ਕੂੜ ਪ੍ਰਚਾਰ ਦੇ ਭਰਮ ਵਿੱਚ ਨਾ ਆਉਣ। ਉਨ੍ਹਾਂ ਪੁੱਛਿਆ, ਉਹ (ਅਕਾਲੀ ਦਲ ਤੇ ਹੋਰ) ਕਿਵੇਂ ਕਹਿ ਸਕਦੇ ਹਨ ਕਿ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸ਼ਾਮਲ ਕਈ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।