ਮੋਹਾਲੀ: ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਤੋੋਂ ਰੋਕਿਆ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਹੀ ਰੁਜ਼ਗਾਰ ਦੇ ਮੌਕੇ ਪੈਂਦਾ ਕਰਨ ਦੀ ਹਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਬੁੱਧਵਾਰ ਨੂੰ ਸਥਾਨਕ ਸਨਅਤ ਨੂੰ ਦੁਨੀਆ ਭਰ ਵਿੱਚੋਂ ਸਨਅਤੀ ਹੱਬ ਵਜੋਂ ਉੱਭਰਦੇ ਸੂਬੇ ਦੇ ਬਰਾਂਡ ਅੰਬੈਸਡਰ ਬਣਨ ਦਾ ਸੱਦਾ ਦਿੱਤਾ।
ਸੂਬੇ ਲਈ ਨਿਵੇਸ਼ ਨੂੰ ਆਕਰਸ਼ਿਤ ਕਰਨਾ ਚਾਹੀਦਾ:- ਇੱਥੇ ਬੁੱਧਵਾਰ ਨੂੰ ਇਨਵੈਸਟ ਪੰਜਾਬ ਸੈਸ਼ਨ ਦੌਰਾਨ ਸਥਾਨਕ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਦੇ ਪੱਖ ਵਿੱਚ ਸਭ ਤੋਂ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਨਅਤਕਾਰਾਂ ਨੂੰ ਇਸ ਦਾ ਵੱਡੇ ਪੱਧਰ ਉਤੇ ਫਾਇਦਾ ਹੋ ਰਿਹਾ ਹੈ ਅਤੇ ਇਨ੍ਹਾਂ ਸਨਅਤਕਾਰਾਂ ਨੂੰ ਹੁਣ ਅੱਗੇ ਵੱਧਦਿਆਂ ਪੰਜਾਬ ਦੇ ਬਰਾਂਡ ਅੰਬੈਸਡਰ ਬਣਦਿਆਂ ਸੂਬੇ ਲਈ ਨਿਵੇਸ਼ ਨੂੰ ਆਕਰਸ਼ਿਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਮਾਲਕ ਹਨ ਅਤੇ ਹਰੇਕ ਪੰਜਾਬੀ ਆਪਣੇ ਸੂਬੇ ਨੂੰ ਸਨਅਤੀ ਤਰੱਕੀ ਦੇ ਪੰਧ ਉੱਤੇ ਪਾਉਣ ਲਈ ਜ਼ਰੂਰ ਕੋਸ਼ਿਸ਼ ਕਰੇ।
ਪੰਜਾਬੀ ਉੱਦਮੀਆਂ ਨੂੰ ਸੂਬੇ ਦੀ ਤਰੱਕੀ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ:- ਮੁੱਖ ਮੰਤਰੀ ਭਗਵੰਤ ਮਾਨ ਨੇ ਉੱਦਮੀਆਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿੱਤੇ ਵੀ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੇ ਕਾਰੋਬਾਰ ਨੂੰ ਵਧਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਨਅਤ ਦੇ ਪੱਖ ਵਿੱਚ ਅਨੁਕੂਲ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।
ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਨਅਤ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਦੇ ਪ੍ਰਾਜੈਕਟਾਂ ਨੂੰ ਛੇਤੀ ਮਨਜ਼ੂਰੀਆਂ ਦੇਣ ਲਈ ਉਨ੍ਹਾਂ ਦੀ ਸਹੂਲਤ ਵਾਸਤੇ ਜਲਦ ਹੀ ਰੰਗਦਾਰ ਅਸ਼ਟਾਮ ਪੇਪਰ ਦੀ ਸਹੂਲਤ ਦੇਣ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।
ਸਰਕਾਰ ਪੰਜਾਬ ਵਿੱਚ ਫੂਡ ਪ੍ਰਾਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ:-ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਫੂਡ ਪ੍ਰਾਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸਰਕਾਰ ਜਲਦ ਹੀ 20 ਸਮਰਪਿਤ ਸਨਅਤੀ ਹੱਬ ਸਥਾਪਤ ਕਰੇਗੀ:- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਰਾਜ ਭਰ ਵਿੱਚ 20 ਸਮਰਪਿਤ ਸਨਅਤੀ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਲਈ ਸਨਅਤੀ ਇਕਾਈਆਂ ਸਥਾਪਤ ਕਰਨ ਵਾਸਤੇ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਇਨ੍ਹਾਂ ਸਨਅਤੀ ਹੱਬਾਂ ਵਿੱਚ ਆਪਣੀਆਂ ਇਕਾਈਆਂ ਸ਼ੁਰੂ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਹ ਵੀ ਪੜੋ:- Budget 2023: ਸੀਐਮ ਭਗਵੰਤ ਮਾਨ 'ਦੇਸ਼ ਦੇ ਬਜਟ ਤੋਂ ਨਾ ਖੁਸ਼, 'ਬਦਲਾਖੋਰੀ ਦੀ ਭਾਵਨਾ ਨਾਲ ਚੱਲ ਰਹੀ ਕੇਂਦਰ ਸਰਕਾਰ'