ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਪੁੱਛਿਆ ਕਿ ਉਹ ਦੱਸਣ ਕਿ ਉਹ ਕਾਂਗਰਸੀਆਂ ਨੂੰ ਸਿੱਖ ਭਾਵਨਾਵਾਂ ਭੜਕਾਉਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੋ ਕੇ ਸੂਬੇ ਵਿੱਚ ਬਹੁਤ ਮੁਸ਼ਕਿਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਭੰਗ ਕਰਨ ਅਤੇ ਪੰਜਾਬ ਵਿੱਚ ਅੱਗ ਲਾਉਣ ਦਾ ਯਤਨ ਕਿਉਂ ਕਰ ਰਹੇ ਹਨ?
ਇਥੇ ਜਾਰੀ ਕੀਤੇ ਇੱਕ ਬਿਆਨ ਵਿੱਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸੀ ਜੋ ਸੋਨੀਆ ਗਾਂਧੀ ਦੇ ਵਫਾਦਾਰ ਹਨ ਨੇ ਜਗਦੀਸ਼ ਟਾਈਟਲਰ ਜੋ ਕਿ 1984 ਦੇ ਸਿੱਖ ਕਤਲੇਆਮ ਵਿੱਚ ਸ਼ਾਮਲ ਸੀ, ਦਾ ਜਨਮ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਮਨਾਇਆ ਤੇ ਸ਼ਹਿਰ ਵਿੱਚ ਉਸਦੇ ਪੋਸਟਰ ਵੀ ਲਗਾਏ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵੱਲ ਧੱਕਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ ਤੇ ਸੋਨੀਆ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਹਾਈ ਕਮਾਂਡ ਨੇ ਇਸ ਸਾਜ਼ਿਸ਼ ਨੂੰ ਪਵਿੱਤਰ ਸ਼ਹਿਰ ਵਿੱਚ ਸਭ ਤੋਂ ਵਧ ਨਫਰਤ ਦੇ ਪਾਤਰ ਦਾ ਜਨਮ ਦਿਨ ਮਨਾ ਕੇ ਹਰੀ ਝੰਡੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਨੇ ਸੱਜਣ ਕੁਮਾਰ ਅਤੇ ਕਮਲਨਾਥ ਜਿਹਨਾਂ ਦੇ ਹੱਥ ਮਾਸੂਮਾਂ ਦੇ ਕਤਲ ਨਾਲ ਰੰਗੇ ਹਨ, ਨੂੰ ਬਚਾਇਆ ਤੇ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰਾ ਅਜਿਹੀਆਂ ਸਾਜਿਸ਼ਾਂ ਨੂੰ ਕਦੇ ਵੀ ਸਫਲ ਨਹੀਂ ਹੋਣ ਦੇਵੇਗਾ।ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਦੇਸ਼ ਕਾਂਗਸ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪ੍ਰਧਾਨ ਦੀਆਂ ਹਦਾਇਤਾਂ ਨੂੰ ਲਾਗੂ ਕੀਤਾ ਤੇ ਐਸ ਸੀ ਸੈਲ ਦੇ ਵਾਈਸ ਚੇਅਰਮੈਨ ਨੂੰ ਇਸ ਭੜਕਾਊ ਪ੍ਰੋਗਰਾਮ ਦੀ ਮੇਜ਼ਬਾਨੀ ਕਰਨ ਦਿੱਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਦੇ ਆਸ਼ੀਰਵਾਦ ਦੇ ਬਗੈਰ ਪੰਜਾਬ ਵਿੱਚ ਅਜਿਹਾ ਪ੍ਰੋਗਰਾਮ ਹੋ ਨਹੀਂ ਸਕਦਾ ਸੀ।ਮਜੀਠੀਆ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਜੋ ਕਾਂਗਰਸੀ ਅੱਗ ਨਾਲ ਖੇਡ ਰਹੇ ਹਨ, ਉਨ੍ਹਾਂ ਦੀ ਉਹ ਪੁਸ਼ਤ ਪਨਾਹੀ ਨਾ ਕਰਨ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਨੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਸਤੇ ਇਹ ਪ੍ਰੋਗਰਾਮ ਕੀਤਾ, ਉਨ੍ਹਾਂ ਖਿਲਾਫ ਫੌਜਦਾਰੀ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪ੍ਰਦੇਸ਼ ਕਾਂਗਰਸ ਪ੍ਰਧਾਨ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਕਾਂਗਰਸੀਆਂ ਨੂੰ ਪਾਰਟੀ ਵਿਚੋਂ ਕੱਢਣ। ਉਨ੍ਹਾਂ ਕਿਹਾ ਕਿ ਜਿਹੜੇ ਪੁਲਿਸ ਤੇ ਖੁਫੀਆ ਏਜੰਸੀ ਅਫਸਰ ਆਪਣੀ ਜ਼ਿੰਮੇਵਾਰੀ ਵਿੱਚ ਫੇਲ੍ਹ ਹੋ ਗਏ ਤੇ ਸਿੱਖਾਂ ਦੇ ਸਮੂਹਿਕ ਕਤਲੇਆਮ ਦੇ ਦੋਸ਼ੀ ਵਿਅਕਤੀ ਦਾ ਸਨਮਾਨ ਕਰਨ ਦਾ ਇਹ ਪ੍ਰੋਗਰਾਮ ਕਰਨ ਦਿੱਤਾ, ਉਨ੍ਹਾਂ ਨੂੰ ਵੀ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਫੋਰਸ ਦੀ ਮਦਦ ਦੇ ਬਗੈਰ ਅਜਿਹਾ ਪ੍ਰੋਗਰਾਮ ਹੋ ਨਹੀਂ ਸਕਦਾ।