ਜੁੱਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫੁਰਮਾਨ: ਧਨਾਸਰੀ ਮਹਲਾ ੪ ॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥ ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥ ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥ ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥ ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥ ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥ ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥
ਅਰਥ: ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ-) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥ ਹੇ ਪ੍ਰਭੂ! ਤੂੰ (ਗੁਣਾਂ ਦਾ) ਬੜਾ ਹੀ ਡੂੰਘਾ ਸਮੁੰਦਰ ਹੈਂ, ਅਸੀਂ ਤੇਰੀ ਡੂੰਘਾਈ ਦਾ ਅੰਤ ਰਤਾ ਭਰ ਭੀ ਨਹੀਂ ਲੱਭ ਸਕਦੇ। ਤੂੰ ਪਰੇ ਤੋਂ ਪਰੇ ਹੈਂ, ਤੂੰ ਬੇਅੰਤ ਹੈਂ। ਹੇ ਸੁਆਮੀ! ਤੂੰ ਕਿਹੋ ਜਿਹਾ ਹੈਂ ਤੇ ਕਿਤਨਾ ਵੱਡਾ ਹੈਂ-ਇਹ ਭੇਤ ਤੂੰ ਆਪ ਹੀ ਜਾਣਦਾ ਹੈਂ ॥੨॥ ਹੇ ਭਾਈ! ਪਰਮਾਤਮਾ ਦੇ ਜਿਨ੍ਹਾਂ ਸੰਤ ਜਨਾਂ ਨੇ ਪਰਮਾਤਮਾ ਦਾ ਨਾਮ ਜਪਿਆ, ਉਹ ਗੁਰੂ ਦੇ (ਬਖ਼ਸ਼ੇ ਹੋਏ) ਗੂੜ੍ਹੇ ਪ੍ਰੇਮ-ਰੰਗ ਵਿਚ ਰੰਗੇ ਗਏ, ਉਹਨਾਂ ਦੇ ਅੰਦਰ ਪਰਮਾਤਮਾ ਦੀ ਭਗਤੀ ਦਾ ਰੰਗ ਬਣ ਗਿਆ, ਉਹਨਾਂ ਨੂੰ (ਲੋਕ ਪਰਲੋਕ ਵਿਚ) ਬੜੀ ਸੋਭਾ ਮਿਲੀ। ਜਿਨ੍ਹਾਂ ਨੇ ਪ੍ਰਭੂ ਦਾ ਨਾਮ ਜਪਿਆ, ਉਹਨਾਂ ਨੂੰ ਉੱਤਮ ਇੱਜ਼ਤ ਪ੍ਰਾਪਤ ਹੋਈ ॥੩॥ ਪਰ, ਹੇ ਭਾਈ! ਭਗਤੀ ਕਰਨ ਦੀ ਵਿਓਂਤ ਪ੍ਰਭੂ ਆਪ ਹੀ ਬਣਾਂਦਾ ਹੈ (ਢੋ ਆਪ ਹੀ ਢੁਕਾਂਦਾ ਹੈ), ਉਹ ਆਪ ਹੀ ਮਾਲਕ ਹੈ ਆਪ ਹੀ ਸੇਵਕ ਹੈ। ਹੇ ਪ੍ਰਭੂ! ਤੇਰਾ ਦਾਸ ਨਾਨਕ ਤੇਰੀ ਸਰਨ ਆਇਆ ਹੈ। ਤੂੰ ਆਪ ਹੀ ਆਪਣੇ ਭਗਤਾਂ ਦੀ ਇੱਜ਼ਤ ਰੱਖਦਾ ਹੈਂ ॥੪॥੫॥ (ਐੱਸਜੀਪੀਸੀ)
- ICC WORLD CUP 2023 : ਆਈਸੀਸੀ ਵਿਸ਼ਵ ਕੱਪ 2023 ਦੇ ਸਾਰੇ 12 ਸਟੇਡੀਅਮਾਂ ਦਾ ਸਰਵੇਖਣ ਕਰਨ ਲਈ ਆਈਸੀਸੀ ਟੀਮ ਭਾਰਤ ਪਹੁੰਚੀ
- Sonia Gandhi On Rahul Marriage: ਜਦੋਂ ਹਰਿਆਣਾ ਦੀ ਮਹਿਲਾ ਕਿਸਾਨ ਨੇ ਰਾਹੁਲ ਦੇ ਵਿਆਹ ਬਾਰੇ ਪੁੱਛਿਆ ਤਾਂ ਸੋਨੀਆ ਨੇ ਕਿਹਾ- "ਕੁੜੀ ਲੱਭੋ"
- Government For Animals : ਸਰਕਾਰ ਦੇ ਪਾਇਲਟ ਪ੍ਰੋਜੈਕਟ ਨਾਲ ਕੀ ਬੇਜ਼ੁਬਾਨਾਂ 'ਤੇ ਬੰਦ ਹੋਵੇਗਾ ਜ਼ੁਲਮ ?