ਚੰਡੀਗੜ੍ਹ: ਪੰਜਾਬ ਦੇ ਜਾਗਰੂਕ ਅਤੇ ਚੇਤੰਨ ਲੋਕਾਂ ਨੂੰ ਮੋਦੀ ਹਕੂਮਤ ਦੀਆਂ ਫਾਸੀਵਾਦੀ ਅਤੇ ਫੁੱਟ-ਪਾਉ ਫੈਸਲਿਆਂ ਨੂੰ ਰੱਦ ਕਰਨ ਦੀ ਅਪੀਲ ਕਰਦਿਆਂ ਪੰਥਕ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਭਾਰਤ ਦੇ 70ਵੇਂ ਗਣਤੰਤਰ ਦਿਵਸ ਤੋਂ ਇੱਕ ਦਿਨ ਪਹਿਲਾਂ 25 ਜਨਵਰੀ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ।
ਦਲ ਖਾਲਸਾ ਤੇ ਅਕਾਲੀ ਦਲ ਅੰਮ੍ਰਿਤਸਰ ਨੇ ਪੰਜਾਬ ਦੇ ਮੁਸਲਮਾਨਾਂ, ਇਸਾਈਆਂ, ਹਿੰਦੂਆਂ, ਦਲਿਤਾਂ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ 25 ਜਨਵਰੀ ਨੂੰ ਆਪਣੇ ਵਿਦਿਅਕ ਅਤੇ ਵਪਾਰਕ ਅਦਾਰਿਆਂ, ਬੈਂਕ, ਪੈਟਰੋਲ ਪੰਪਾਂ ਨੂੰ ਬੰਦ ਰੱਖਣ ਤਾਂ ਜੋ ਦਿੱਲੀ ਦੀ ਮੋਦੀ-ਸ਼ਾਹ ਸਰਕਾਰ ਨੂੰ ਕਰਾਰਾ ਸੁਨੇਹਾ ਦਿੱਤਾ ਜਾ ਸਕੇ ਕਿ ਪੰਜਾਬ ਭਾਜਪਾ ਦੀ ਫਾਸੀਵਾਦੀ ਵਿਚਾਰਧਾਰਾ ਦੇ ਵਿਰੋਧ ਵਿੱਚ ਖੜ੍ਹਾ ਹੈ।
ਹਾਲਾਂਕਿ ਹੜਤਾਲ ਸ਼ਾਂਤਮਈ ਰੱਖਣ ਦਾ ਭਰੋਸਾ ਦਿੱਤਾ ਗਿਆ ਹੈ ਅਤੇ ਇਹ ਵੀ ਕਿਹਾ ਗਿਆ ਹੈ ਕਿ ਰੇਲ ਆਵਾਜਾਈ ਵਿੱਚ ਰੁਕਾਵਟ ਨਹੀਂ ਪਾਈ ਜਾਵੇਗੀ। ਹਸਪਤਾਲ ਅਤੇ ਦਵਾਈਆਂ ਦੀਆਂ ਦੁਕਾਨਾਂ ਸਮੇਤ ਡਾਕਟਰੀ ਸਹੂਲਤਾਂ ਵਾਲੇ ਅਦਾਰੇ ਬੰਦ ਦੇ ਸੱਦੇ ਤੋਂ ਬਾਹਰ ਰਹਿਣਗੇ।
ਸੀਏਏ ਦੇ ਵਿਰੋਧ ਦੇ ਨਾਲ-ਨਾਲ ਇਨ੍ਹਾਂ ਜਥੇਬੰਦੀਆਂ ਨੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦੀ ਵੀ ਮੰਗ ਕੀਤੀ ਹੈ ਤੇ ਨਾਲ ਹੀ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਮੰਦਰ ਢਹਿ ਢੇਰੀ ਕਰਨ, ਜਾਮੀਆ ਤੇ ਜੇਐਨਯੂ ਦੇ ਵਿਦਿਆਰਥੀਆਂ ‘ਤੇ ਪੁਲਿਸ ਵੱਲੋਂ ਕੀਤੀ ਕੁੱਟਮਾਰ ਦਾ ਵੀ ਵਿਰੋਧ ਕੀਤਾ ਹੈ।