ਚੰਡੀਗੜ੍ਹ: ਦਿੱਲੀ ਵਿੱਚ ਜਿੱਥੇ ਅੱਜ ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰ ਖ਼ਿਲਾਫ਼ ਮੋਰਚਾ ਖੋਲਦਿਆਂ ਹੜ੍ਹ ਪੀੜਤ ਪੰਜਾਬ ਲਈ ਵਿਸ਼ੇਸ਼ ਰਾਹਤ ਪੈਕੇਜ ਦੀ ਮੰਗ ਕੀਤੀ ਉੱਥੇ ਹੀ ਇਸ ਦੇ ਉਲਟ ਅੱਜ ਸ਼੍ਰੋਮਣੀ ਅਕਾਲੀ ਦਲ ਨੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਹੋਰ ਸੀਨੀਅਰ ਲੀਡਰਾਂ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਅਤੇ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ ਹੁਣ ਆਪ ਅਤੇ ਕਾਂਗਰਸ ਦਾ ਸਮਝੋਤਾ ਹੋ ਗਿਆ ਹੈ ਇਸ ਲਈ ਕਾਂਗਰਸੀ ਹੜ੍ਹ ਪੀੜਤਾਂ ਦੀ ਮਦਦ ਲਈ ਪੰਜਾਬ ਸਰਕਾਰ ਨੂੰ ਨਹੀਂ ਆਖ ਰਹੇ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਅਤੇ ਕਾਂਗਰਸ ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਮੰਗ ਪੱਤਰ ਦੇਣ ਲਈ ਪਹੁੰਚੇ ਨੇ ਕਿਉਂਕਿ ਮੰਗ ਪੱਤਰ ਦੋਵਾਂ ਵਿੱਚੋਂ ਕਿਸੇ ਨੂੰ ਵੀ ਦਿੱਤਾ ਜਾਵੇ ਇੱਕੋ ਗੱਲ ਹੈ।
ਪੁਲਿਸ ਨਾਲ ਧੱਕਾ-ਮੁੱਕੀ,ਫਿਰ ਸੌਂਪਿਆ ਮੰਗ ਪੱਤਰ: ਜਦੋਂ ਅਕਾਲੀ ਆਗੂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧੇ ਤਾਂ ਪੁਲਿਸ ਮੁਲਾਜ਼ਮਾਂ ਨਾਲ ਮਾਮੂਲੀ ਝੜਪ ਵੀ ਹੋਈ। ਪੁਲਿਸ ਉਨ੍ਹਾਂ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦੀ ਰਹੀ ਪਰ ਅਕਾਲੀ ਕਾਰਕੁਨ ਲੋਕਾਂ ਨੂੰ ਮੁਆਵਜ਼ਾ ਜਾਰੀ ਕਰਨ ਦੀ ਮੰਗ ਕਰਦੇ ਹੋਏ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਰਹੇ। ਯੂਥ ਆਗੂ ਸਰਬਜੀਤ ਸਿੰਘ ਨੇ ਕਿਹਾ ਕਿ ਹੜ੍ਹਾਂ ਕਾਰਨ ਪੂਰੇ ਸੂਬੇ ਦਾ ਨੁਕਸਾਨ ਹੋਇਆ ਹੈ ਪਰ ਸਰਕਾਰ ਵੱਲੋਂ ਆਮ ਲੋਕਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾ ਰਹੀ। ਇਸ ਤੋਂ ਬਾਅਦ ਜਦੋਂ ਚੰਡੀਗੜ੍ਹ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਅੱਗੇ ਨਹੀਂ ਵਧਣ ਦਿੱਤਾ ਤਾਂ ਅਕਾਲੀ ਦਲ ਦੇ ਯੂਥ ਪ੍ਰਧਾਨ ਨੇ ਚੰਡੀਗੜ੍ਹ ਪੁਲਿਸ ਦੇ ਹੱਥ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਨਾਮ ਮੰਗ ਪੱਤਰ ਸੌਂਪ ਦਿੱਤਾ। ਅਕਾਲੀ ਆਗੂਆਂ ਨੇ ਇਹ ਚਿਤਾਵਨੀ ਵੀ ਦਿੱਤੀ ਕਿ ਜੇਕਰ ਮੰਗ ਪੱਤਰ ਸਬੰਧਿਤ ਲੋਕਾਂ ਕੋਲ ਨਾ ਪਹੁੰਚੇ ਤਾਂ ਉਹ ਆਉਣ ਵਾਲੇ ਸਮੇਂ ਵਿੱਚ ਜੰਗੀ ਪੱਧਰ ਉੱਤੇ ਪ੍ਰਦਰਸ਼ਨ ਉਲੀਕਣਗੇ।
ਮੁਆਵਜ਼ਾ ਰਾਸ਼ੀ ਦੇਣ ਦੀ ਮੰਗ : ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਸਰਬਜੀਤ ਸਿੰਘ ਅਤੇ ਹੋਰਨਾਂ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਆਵਜ਼ਾ ਰਾਸ਼ੀ ਦੇਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਫ਼ਸਲਾਂ ਦਾ ਨੁਕਸਾਨ ਹੋਇਆ ਹੈ, ਉਨ੍ਹਾਂ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ, ਪਸ਼ੂਆਂ ਦੀ ਮੌਤ ਲਈ ਇੱਕ ਲੱਖ ਰੁਪਏ, ਮਕਾਨ ਡਿੱਗਣ ਲਈ 5 ਲੱਖ ਰੁਪਏ ਅਤੇ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਰੁਪਏ ਪੰਜਾਬ ਸਰਕਾਰ ਦੇਵੇ।