ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਆਬਕਾਰੀ ਨੀਤੀ ਮਾਮਲੇ ਵਿੱਚ ਸੀਬੀਆਈ ਵਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਿਕ ਅਰਵਿੰਦ ਕੇਜਰੀਵਾਲ ਦੇ ਸਮਰਥਨ 'ਚ ਆਮ ਆਦਮੀ ਪਾਰਟੀ ਪੰਜਾਬ ਦੇ ਆਗੂਆਂ ਨੇ ਸਿੰਘੂ ਬਾਰਡਰ 'ਤੇ ਇਸ ਪੁੱਛਗਿੱਛ ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਹੈ। ਜਾਣਕਾਰੀ ਮੁਤਾਬਿਕ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ, ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਸਮੇਤ ਕਈ ਵਿਧਾਇਕਾਂ ਨੂੰ ਦਿੱਲੀ ਵਿੱਚ ਦਾਖ਼ਲ ਹੋਣ ਤੋਂ ਰੋਕਿਆ ਗਿਆ ਹੈ।ਇਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਬਾਰਡਰ ਉੱਤੇ ਹੀ ਬਹਿ ਕੇ ਸਰਕਾਰ ਦੇ ਖਿਲਾਫ ਨਾਅਰੇਬਾਜੀ ਕੀਤੀ ਹੈ।
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਇਸ ਸੰਬੰਧੀ ਟਵੀਟ ਕੀਤਾ ਹੈ ਕਿ ਅਸੀਂ ਆਪਣੀ ਰਾਜਧਾਨੀ ਵਿੱਚ ਵੀ ਨਹੀਂ ਜਾ ਸਕਦੇ? ਦਿੱਲੀ ਪੁਲਿਸ ਮੇਰੀ ਕਾਰ ਨੂੰ ਦਿੱਲੀ ਵਿੱਚ ਦਾਖਲ ਨਹੀਂ ਹੋਣ ਦੇ ਰਹੀ। ਦੂਜੇ ਪਾਸੇ ਇਸੇ ਮਸਲੇ ਉੱਤੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਨੇ ਇਲਜਾਮ ਲਾਇਆ ਕਿ ਦੇਸ਼ ਵਿੱਚ ਲੋਕਤੰਤਰ ਦਾ ਕਤਲ ਕੀਤਾ ਜਾ ਰਿਹਾ ਹੈ। ਉਨ੍ਹਾਂ ਟਵੀਟ ਕੀਤਾ ਕਿ ਸੰਵਿਧਾਨ ਅਤੇ ਸੁਪਰੀਮ ਕੋਰਟ ਨੇ ਸਾਨੂੰ ਦੇਸ਼ 'ਚ ਆਜ਼ਾਦੀ ਨਾਲ ਘੁੰਮਣ-ਫਿਰਨ ਅਤੇ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਦਾ ਅਧਿਕਾਰ ਦਿੱਤਾ ਹੈ। ਇਨ੍ਹਾਂ ਵਿੱਚੋਂ ਕੁਝ ਵੀ ਨਹੀਂ ਹੋਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੇਰੇ ਕਈ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਵਲੰਟੀਅਰਾਂ ਨੂੰ ਬਾਦਲੀ ਵਿੱਚ ਗੈਰ-ਕਾਨੂੰਨੀ ਤੌਰ 'ਤੇ ਨਜ਼ਰਬੰਦ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੰਗਰੂਰ ਦੇ ਹਿਤੇਸ਼ ਕੁਮਾਰ ਨੇ ਵਧਾਇਆ ਪੰਜਾਬੀਆਂ ਦਾ ਮਾਣ, ਜਰਮਨੀ ਕੰਪਨੀ ਵਿੱਚ ਵੱਡੇ ਅਹੁਦੇ ਉਤੇ ਚੋਣ, ਪ੍ਰਧਾਨ ਮੰਤਰੀ ਨੇ ਕੀਤਾ ਸਨਮਾਨਿਤ
ਆਮ ਆਦਮੀ ਪਾਰਟੀ ਨੇ ਟਵੀਟ ਕਰ ਕੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਆਵਾਜ਼ ਨੂੰ ਬੰਦ ਕਰਨ ਲਈ ਕੇਂਦਰ ਸਰਕਾਰ ਵੱਲੋਂ ਸੀਬੀਆਈ ਦੀ ਦੁਰਵਰਤੋਂ ਦਾ ਵਿਰੋਧ ਕਰਦੇ ਹੋਏ ਕੈਬਿਨੇਟ ਮੰਤਰੀ ਬੀ ਜ਼ਿੰਪਾ, ਵਿਧਾਇਕ ਦਿਨੇਸ਼ ਚੱਢਾ, ਵਿਧਾਇਕ ਕੁਲਜੀਤ ਰੰਧਾਵਾ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਗਿਆ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਸੀਬੀਆਈ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਸਬੰਧੀ ਐਤਵਾਰ ਨੂੰ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।