ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਕੀਲਾਂ ਦੀ ਟੀਮ ਦਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਮੁਲਾਕਾਤ ਕਰਨ ਲਈ ਪਹੁੰਚੀ ਹੈ। ਇੱਥੇ ਉਹ ਅੰਮ੍ਰਿਤਪਾਲ ਸਿੰਘ ਦੇ 8 ਸਾਥੀਆਂ ਨੂੰ ਮਿਲਣਗੇ। ਸ਼੍ਰੋਮਣੀ ਕਮੇਟੀ ਪਹਿਲਾਂ ਹੀ ਐਲਾਨ ਕਰ ਚੁੱਕੀ ਹੈ ਕਿ ਉਹ ਪਿਛਲੇ ਦਿਨੀਂ ਅੰਮ੍ਰਿਤਪਾਲ ਕਾਂਡ ਵਿੱਚ ਗ੍ਰਿਫ਼ਤਾਰ ਕੀਤੇ ਗਏ ਸਾਰੇ ਸਿੱਖ ਨੌਜਵਾਨਾਂ ਦੇ ਕੇਸ ਲੜਨਗੇ।
ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਬਣੀ ਟੀਮ: ਸ਼੍ਰੋਮਣੀ ਕਮੇਟੀ ਤੋਂ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਦੀ ਅਗਵਾਈ ਹੇਠ ਇਹ ਟੀਮ ਦਿਬਰੂਗੜ੍ਹ ਪਹੁੰਚੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਾਬ ਤੋਂ ਗ੍ਰਿਫ਼ਤਾਰ ਕੀਤੇ ਇਹ ਨੌਜਵਾਨ ਪਿਛਲੇ ਦਿਨੀਂ ਦਿਬਰੂਗੜ੍ਹ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਆਪਣੇ ਕੇਸ ਦੀ ਪੈਰਵੀ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਵਕੀਲਾਂ ਦੀ ਟੀਮ ਭੇਜਣ ਦਾ ਵਾਅਦਾ ਕੀਤਾ ਸੀ।
ਦੀਪ ਸਿੱਧੂ ਦੇ ਭਰਾ ਵੀ ਦਿਬਰੂਗੜ੍ਹ ਪਹੁੰਚੇ : ਮਰਹੂਮ ਦੀਪ ਸਿੱਧੂ ਦੇ ਭਰਾ ਮਨਦੀਪ ਸਿੱਧੂ ਨੂੰ ਵੀ ਸ਼੍ਰੋਮਣੀ ਕਮੇਟੀ ਦੇ ਕਹਿਣ 'ਤੇ ਇਸ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਦੀਪ ਸਿੱਧੂ ਦਾ ਭਰਾ ਮਨਦੀਪ ਸਿੰਘ ਸਿੱਧੂ ਭਾਵੇਂ ਅੰਮ੍ਰਿਤਪਾਲ ਸਿੰਘ ਦਾ ਵਿਰੋਧ ਕਰਦਾ ਰਿਹਾ ਹੋਵੇ ਪਰ ਸ਼੍ਰੋਮਣੀ ਕਮੇਟੀ ਦੇ ਕਹਿਣ 'ਤੇ ਉਹ ਗ੍ਰਿਫਤਾਰ ਸਿੱਖ ਨੌਜਵਾਨਾਂ ਨੂੰ ਮਿਲਣ ਦਿਬਰੂਗੜ੍ਹ ਜੇਲ੍ਹ ਪਹੁੰਚ ਗਏ ਹਨ। ਇਸ ਦੇ ਨਾਲ ਹੀ ਐਡਵੋਕੇਟ ਰੋਹਿਤ ਸ਼ਰਮਾ ਵੀ ਉਨ੍ਹਾਂ ਦੇ ਨਾਲ ਹਨ।
18 ਮਾਰਚ ਨੂੰ ਹੋਈ ਸੀ ਗ੍ਰਿਫਤਾਰੀ : ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇ 18 ਮਾਰਚ ਨੂੰ ਸ਼ਾਹਕੋਟ ਤੋਂ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਤੁਰੰਤ ਬਾਅਦ ਚਾਰਟਿਡ ਪਲੇਨ ਰਾਹੀਂ ਅਸਾਮ ਦੇ ਦਿਬੜੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : Guru Kirpa Yatra Train: ‘ਗੁਰੂ ਕਿਰਪਾ’ ਟਰੇਨ ਕਰਵਾ ਰਹੀ ਹੈ ਗੁਰੂਧਾਮਾਂ ਦੇ ਦਰਸ਼ਨ, ਜਾਣੋ ਕਿੰਨੇ ਦਿਨਾਂ ਦੀ ਯਾਤਰਾ ਤੇ ਕਿੰਨਾ ਹੈ ਕਿਰਾਇਆ
ਅਦਾਲਤ ਨੇ ਵਕੀਲਾਂ ਨੂੰ ਪਾਈ ਸੀ ਝਾੜ : ਇਥੇ ਯਾਦ ਰਹੇ ਕਿ ਬੀਤੇ ਕੁਝ ਦਿਨ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਵਕੀਲ ਇਮਾਨ ਸਿੰਘ ਖਾਰਾ ਵੱਲੋਂ ਉਸ ਦੇ ਸਾਥੀਆਂ ਦੀ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਸਬੰਧੀ ਹੈਬੀਅਸ ਕਾਰਪਸ ਦੀ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਅਦਾਲਤ ਨੇ ਵਕੀਲ ਨੂੰ ਝਾੜ ਪਾਈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਉਤੇ ਐੱਨਐੱਸਏ ਲੱਗੀ ਹੋਵੇ ਉਸ ਲਈ ਪਟੀਸ਼ਨ ਕਿਵੇਂ ਦਾਇਰ ਕੀਤੀ ਜਾ ਸਕਦੀ ਹੈ। ਉਨ੍ਹਾਂ ਵਕੀਲ ਨੂੰ ਤਾੜਨਾ ਕਰਦਿਆਂ ਕਿਹਾ ਕਿ ਤੁਹਾਨੂੰ ਕਾਨੂੰਨ ਦੀ ਕੋਈ ਜਾਣਕਾਰੀ ਨਹੀਂ ਹੈ। ਅਦਾਲਤ ਨੇ ਅਗਲੀ ਸੁਣਵਾਈ ਉਤੇ ਵਕੀਲ ਨੂੰ ਇਸ ਸਬੰਧੀ ਜਵਾਬ ਦੇਣ ਲਈ ਕਿਹਾ ਹੈ।
ਇਹ ਵੀ ਪੜ੍ਹੋ : Statue of Sidhu Musewala: ਸਿੱਧੂ ਮੂਸੇਵਾਲਾ ਦਾ ਬੁੱਤ ਲੈ ਕੇ ਹਵੇਲੀ ਪਹੁੰਚਿਆ ਇਹ ਸਟੈਚੂ ਆਰਟਿਸਟ, ਮਾਪਿਆਂ ਦੀਆਂ ਅੱਖਾਂ ਹੋਈਆਂ ਨਮ