ਚੰਡੀਗੜ੍ਹ: ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਤੰਬਰ 2019 ਨੂੰ ਖਤਮ ਹੋਈ ਤਿਮਾਹੀ ਤੱਕ 307 ਕੇਸਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਗਈ। ਇਹ ਜਾਣਕਾਰੀ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਿਵੇਕ ਪੁਰੀ ਨੇ ਜ਼ਿਲ੍ਹਾ ਕੋਰਟ ਕੰਪਲੈਕਸ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਦੌਰਾਨ ਸਾਂਝੀ ਕੀਤੀ।
ਵਿਵੇਕ ਪੁਰੀ ਨੇ ਦੱਸਿਆ ਕਿ 14 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ, ਜਿਸ ਵਿੱਚ ਵੱਧ ਤੋਂ ਵੱਧ ਲੋੜਵੰਦਾਂ ਨੂੰ ਕੇਸ ਲਗਾਉਣ ਲਈ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਸਾਂਝ ਕੇਂਦਰਾਂ ਵਿੱਚ ਪੈਰਾ ਲੀਗਲ ਵਲੰਟੀਅਰਾਂ ਦੇ ਬੈਠਣ ਲਈ ਢੁਕਵੀਂ ਵਿਵਸਥਾ ਨਹੀਂ ਹੈ, ਉਨ੍ਹਾਂ ਵਿੱਚ ਪੈਰਾ ਲੀਗਲ ਵਲੰਟੀਅਰਜ਼ ਦੇ ਬੈਠਣ ਦਾ ਯੋਗ ਪ੍ਰਬੰਧ ਕੀਤਾ ਜਾਵੇ। ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਇਸ ਦੌਰਾਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਥਾਰਟੀ ਦੇ ਕਾਰਜਾਂ ਬਾਰੇ ਲੋਕ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਵੀ ਵਿਸਥਾਰ ਵਿੱਚ ਚਰਚਾ ਕੀਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਬਣਾਏ ਗਏ ਲੀਗਲ ਲਿਟਰੇਸੀ ਕਲੱਬਾਂ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਦੀ ਰਿਪੋਰਟ ਰੈਗੂਲਰ ਆਧਾਰ ‘ਤੇ ਭੇਜੀ ਜਾਵੇ।
ਮੀਟਿੰਗ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਮ ਸੀ. ਜੇ. ਐਮ. ਸ਼ਿਖਾ ਗੋਇਲ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।