ਚੰਡੀਗੜ੍ਹ: ਕੋਵਿਡ-19 ਦੀ ਮਹਾਂਮਾਰੀ ਦੇ ਮੱਦੇਨਜ਼ਰ ਕਣਕ ਦੀ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਰਾਜ ਮੰਡੀ ਬੋਰਡ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫ਼ਸਲ ਲਿਆਉਣ ਲਈ ਹੁਣ ਤੱਕ ਲਗਪਗ 2 ਲੱਖ 85 ਹਜ਼ਾਰ ਪਾਸ ਜਾਰੀ ਕੀਤੇ ਜਾ ਚੁੱਕੇ ਹਨ।
ਵਧੀਕ ਮੁੱਖ ਸਕੱਤਰ ਵਿਕਾਸ ਵਿਸ਼ਵਾਜੀਤ ਖੰਨਾ ਨੇ ਦੱਸਿਆ ਕਿ ਮੰਡੀਆਂ ਵਿੱਚ ਭੀੜ-ਭੜੱਕਾ ਰੋਕਣ ਲਈ ਇਸ ਵਾਰ 3691 ਮੰਡੀਆਂ ਬਣਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਆਰਜ਼ੀ ਤੌਰ ’ਤੇ ਬਣਾਈਆਂ 1824 ਮੰਡੀਆਂ ਵੀ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੰਡੀਆਂ ਵਿੱਚ ਕਣਕ ਦੀ ਫੌਰੀ ਖ਼ਰੀਦ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਾਰਕੀਟ ਕਮੇਟੀਆਂ ਵੱਲੋਂ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਪਾਸ ਜਾਰੀ ਕੀਤੇ ਜਾ ਰਹੇ ਹਨ ਅਤੇ ਹੁਣ ਤੱਕ 2,84,285 ਪਾਸ ਕਿਸਾਨਾਂ ਨੂੰ ਹਾਸਲ ਹੋ ਚੁੱਕੇ ਹਨ।
ਕਿਸਾਨਾਂ ਲਈ ਮੰਡੀਆਂ ਵਿੱਚ ਸਿਹਤ ਸੁਰੱਖਿਆ ਉਪਾਵਾਂ ਲਈ ਚੁੱਕੇ ਕਦਮਾਂ ਦਾ ਜ਼ਿਕਰ ਕਰਦਿਆਂ ਖੰਨਾ ਨੇ ਦੱਸਿਆ ਕਿ ਸਾਰੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਹੱਥਾਂ ਨੂੰ ਸਾਫ਼ ਰੱਖਣ ਲਈ 27,000 ਲਿਟਰ ਸੈਨੀਟਾਈਜ਼ਰ ਮੁਹੱਈਆ ਕਰਵਾਇਆ ਗਿਆ ਹੈ ਤਾਂ ਕਿ ਕਰੋਨਾ ਵਾਇਰਸ ਦੇ ਰੋਗ ਨੂੰ ਪੂਰੀ ਤਰਾਂ ਅਸਰਹੀਣ ਬਣਾਈ ਰੱਖਿਆ ਜਾ ਸਕੇ।
ਉਨ੍ਹਾਂ ਦੱਸਿਆ ਕਿ ਸਾਰੇ ਮੁੱਖ ਯਾਰਡ ਅਤੇ ਸਬ-ਯਾਰਡ ਵਿੱਚ 500 ਲਿਟਰ ਪਾਣੀ ਦੀ ਸਮਰਥਾ ਵਾਲੀਆਂ ਟੈਂਕੀਆਂ ਵਾਲੇ 1300 ਹੱਥ ਧੋਣ ਵਾਲੇ ਬੇਸ਼ਨ ਲਾਏ ਜਾ ਚੁੱਕੇ ਹਨ ਜੋ ਕਿ ਪੈਰਾਂ ਨਾਲ ਚਲਦੇ ਹਨ।