ਚੰਡੀਗੜ੍ਹ: ਪੰਜਾਬ ਵਿੱਚ ਇਕ ਵਾਰ ਫਿਰ ਕਿਸਾਨ ਜਥੇਬੰਦੀਆਂ ਵਲੋਂ ਵੱਡਾ ਸੰਘਰਸ਼ ਵਿੱਢਣ ਦੀ ਤਿਆਰੀ ਚੱਲ ਰਹੀ ਹੈ। ਪੰਜਾਬ ਦੇ ਟੌਲ ਪਲਾਜ਼ੇ ਮੁੜ ਕਿਸਾਨਾਂ ਵਲੋਂ ਬੰਦ ਕੀਤੇ ਜਾਣਗੇ। ਉੱਤਰ ਭਾਰਤ ਦੀਆਂ 20 ਕਿਸਾਨ ਜਥੇਬੰਦੀਆਂ ਨੇ ਐਲਾਨ ਕੀਤਾ ਹੈ ਕਿ 15 ਨਵੰਬਰ ਤੋਂ ਸੂਬੇ ਦੇ ਟੌਲ ਪਲਾਜ਼ਿਆਂ ਨੂੰ ਬੰਦ ਕਰਦੇ ਹੋਏ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਦੁਸਹਿਰੇ ਵਾਲੇ ਦਿਨ ਮੋਦੀ ਸਰਕਾਰ ਦੇ ਪੁਤਲੇ ਸਾੜਨ ਦਾ ਐਲਾਨ ਕੀਤਾ ਗਿਆ ਹੈ।
23 ਤੇ 24 ਨੂੰ ਪੁਤਲਾ ਫੂਕ ਮੁਜ਼ਾਹਰਾ: ਕਿਸਾਨ ਆਗੂ ਸਰਵਨ ਸਿੰਘ ਪੰਧੇਰ, ਜਰਨੈਲ ਸਿੰਘ ਕਾਲੇਕੇ ਤੇ ਅਮਰਜੀਤ ਸਿੰਘ ਮੋਹਰੀ ਵਲੋਂ ਕਿਹਾ ਗਿਆ ਹੈ ਕਿ 23-24 ਅਕਤੂਬਰ ਨੂੰ ਸੂਬੇ ਭਰ ਵਿੱਚ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਦੁਸਹਿਰਾ ਮਨਾਇਆ ਜਾਵੇਗਾ।
ਕਿਸਾਨਾਂ ਦੀਆਂ ਮੰਗਾਂ: ਕਿਸਾਨ ਜਥੇਬੰਦੀਆਂ ਦੀ ਮੰਗ ਹੈ ਕਿ ਸਾਰੀਆਂ ਫ਼ਸਲਾਂ ਦੀ ਖ਼ਰੀਦ ਐਮਐਸਪੀ ਉੱਤੇ ਕਰਵਾਉਣ ਲਈ ਯਕੀਨੀ ਬਣਾਉਣ ਦਾ ਗਾਰੰਟੀ ਕਾਨੂੰਨ ਬਣਾਇਆ ਜਾਵੇ। ਸਾਰੀਆਂ ਫਸਲਾਂ ਦਾ ਭਾਅ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਹੀ ਤੈਅ ਕੀਤੇ ਜਾਣ। ਇਸ ਤੋਂ ਇਲਾਵਾ, ਮਨਰੇਗਾ ਤਹਿਤ ਮਜ਼ਦੂਰਾਂ ਨੂੰ 200 ਦਿਨ ਦਾ ਰੁਜ਼ਗਾਰ ਦਿੱਤਾ ਜਾਵੇ, ਨਸ਼ਿਆਂ ਉੱਤੇ ਰੋਕ ਲਾਈ ਜਾਵੇ। ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦੇ ਨੁਕਸਾਨਾਂ ਦੀ ਭਰਪਾਈ ਲਈ 50 ਹਜ਼ਾਰ ਕਰੋੜ ਰੁਪਏ ਦਾ ਵਿਸ਼ੇਸ਼ ਪੈਕੇਜ ਜਾਰੀ ਕੀਤਾ ਜਾਵੇ। ਦਿੱਲੀ ਮੋਰਚੇ ਦੌਰਾਨ ਕਿਸਾਨਾਂ ਉੱਤੇ ਦਰਜ ਕੀਤੇ ਪੁਲਿਸ ਕੇਸ ਰੱਦ ਕੀਤੇ ਜਾਣ ਅਤੇ ਲਖੀਮਪੁਰ ਖੀਰੀ ਕਤਲਕਾਂਡ ਵਿੱਚ ਇਨਸਾਫ਼ ਦਿੱਤਾ ਜਾਵੇ।
ਕਿਸਾਨਾਂ ਨੂੰ ਮੰਗਾਂ ਮੰਨਵਾਉਣ ਲਈ ਸਾਰੇ ਕਿਸਾਨਾਂ ਜਥੇਬੰਦੀਆਂ ਦਾ ਏਕਾ ਹੋਣਾ ਜ਼ਰੂਰੀ ਹੈ।ਇਸ ਲਈ 4 ਮੈਂਬਰੀ ਕਮੇਟੀ ਨੇ ਜਗਜੀਤ ਸਿੰਘ ਡੱਲੇਵਾਲ ਦੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਕ ਮੋਰਚਾ ਅਤੇ 32 ਕਿਸਾਨ ਸੰਗਠਨਾਂ ਨਾਲ ਬੈਠਕ ਕੀਤੀ ਗਈ ਜਿਸ ਤੋਂ ਬਾਅਦ ਇਹ ਸਾਰੇ ਐਲਾਨ ਕੀਤੇ ਗਏ ਹਨ।