ਚੰਡੀਗੜ੍ਹ : 5 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਸੰਸਦ ਵੱਲ ਕੂਚ ਕੀਤਾ ਜਾਵੇਗਾ। ਕਿਸਾਨਾਂ ਵੱਲੋਂ ਕਿਸਾਨਾਂ ਉਤੇ ਦਰਜ ਕੇਸ ਵਾਪਸ ਲੈਣ, ਐੱਮਐਸਪੀ, ਪੰਜਾਬ ਦੇ ਸੰਘੀ ਢਾਂਚੇ, ਪਾਣੀ ਦੇ ਮੁੱਦੇ ਸਮੇਤ ਕਈ ਮੰਗਾਂ ਨੂੰ ਲੈ ਕੇ ਸੰਸਦ ਦਾ ਘਿਰਾਓ ਕੀਤਾ ਜਾਵੇਗਾ। ਕਿਸਾਨ ਜਥੇਬੰਦੀਆਂ ਦੇ ਆਗੂ ਬੰਗਲਾ ਸਾਹਿਬ ਵਿਖੇ ਇਕੱਠੇ ਹੋ ਰਹੇ ਹਨ। ਕਾਬਿਲੇਗੌਰ ਹੈ ਕਿ ਸੰਸਦ ਕੂਚ ਕਰਨ ਵਾਲੀਆਂ ਕਿਸਾਨ ਜਥੇਬੰਦੀਆਂ ਵਿਚ ਭਾਰਤੀ ਕਿਸਾਨ ਫੈੱਡਰੇਸ਼ਨ, ਭਾਰਤੀ ਕਿਸਾਨ ਯੂਨੀਅਨ ਮਾਨਸਾ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਜਥੇਬੰਦੀ ਸ਼ਾਮਲ ਹੈ।
ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਕਿਸਾਨ: ਅੱਜ ਪਾਰਲੀਮੈਂਟ ਦਾ ਦੂਜਾ ਸੈਸ਼ਨ ਹੈ, ਜਿਸ ਦੇ ਮੱਦੇਨਜ਼ਰ ਰਾਜਧਾਨੀ ਦਿੱਲੀ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਗੱਲ ਦੀ ਪ੍ਰਸ਼ਾਸਨ ਨੂੰ ਪਹਿਲਾਂ ਤੋਂ ਸੰਭਾਵਨਾ ਸੀ ਕਿ 2 ਤੋਂ 3 ਹਜ਼ਾਰ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾਵੇਗਾ। ਦਿੱਲੀ ਪੁਲਿਸ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਨੂੰ ਪੁਲਿਸ ਛਾਉਣੀ ਵਿਚ ਤਬਦੀਲ ਕੀਤਾ ਗਿਆ ਹੈ। ਹਾਲਾਂਕਿ ਕਿਸਾਨਾਂ ਨੂੰ ਜੰਤਰ-ਮੰਤਰ ਜਾਣ ਲਈ ਮਨਜ਼ੂਰੀ ਦਿੱਤੀ ਗਈ ਸੀ, ਫਿਰ ਵੀ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਲਿਸ ਬਲ ਚੌਕਸ ਹੈ। ਪੁਲਿਸ ਪ੍ਰਸ਼ਾਸਨ ਦੇ ਵੱਡੇ ਅਧਿਕਾਰੀ ਵੀ ਮੌਕੇ ਉਤੇ ਮੌਜੂਦ ਹਨ। ਕਿਸਾਨਾਂ ਵੱਲੋਂ ਜੰਤਰ-ਮੰਤਰ ਵਿਖੇ ਆਪਣੀ ਆਵਾਜ਼ ਉਠਾਈ ਜਾ ਰਹੀ ਹੈ। ਇਸ ਦੌਰਾਨ ਪੰਜ ਮੈਂਬਰੀ ਵਫ਼ਦ ਪੀਐੱਮਓ ਲਈ ਰਵਾਨਾ ਹੋ ਗਿਆ ਹੈ।
ਕੀ ਹਨ ਮੰਗਾ ? : ਕਿਸਾਨ ਸੰਗਠਨਾਂ ਦੀ ਸਭ ਤੋਂ ਵੱਡੀ ਮੰਗ MSP 'ਤੇ ਕਾਨੂੰਨ ਬਣਾਉਣ ਦੀ ਹੈ। MSP ਦਾ ਮਤਲਬ ਹੈ ਘੱਟੋ-ਘੱਟ ਸਮਰਥਨ ਮੁੱਲ। ਸੰਗਠਨਾਂ ਦਾ ਦਾਅਵਾ ਹੈ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ 'ਤੇ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ ਹੈ। ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਮੁਤਾਬਕ MSP ਦੀ ਗਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੀ ਇਹ ਵੀ ਮੰਗ ਹੈ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸਨ, ਉਨ੍ਹਾਂ ਨੂੰ ਵਾਪਸ ਲਿਆ ਜਾਵੇ। ਇਸ ਤੋਂ ਇਲਾਵਾ ਪਾਣੀਆਂ ਦਾ ਮੁੱਦਾ ਵੀ ਕਿਸਾਨਾਂ ਦੀਆਂ ਮੰਗਾਂ ਵਿਚ ਸ਼ਾਮਲ ਹੈ।
ਇਹ ਵੀ ਪੜ੍ਹੋ: Amritpal on Raja waring: "ਲੀਡਰ ਵਿਧਾਨ ਸਭਾ 'ਚ ਕੁੱਕੜ ਖੇਹ ਉਡਾਉਣ ਦੀ ਥਾਂ ਲੋਕ ਮੁੱਦਿਆਂ ਉਤੇ ਗੱਲ ਕਰਨ"
1 ਮਾਰਚ ਨੂੰ ਕੀਤੀ ਗਈ ਸੀ ਮੀਟਿੰਗ: ਸੰਯੁਕਤ ਕਿਸਾਨ ਮੋਰਚਾ ਦੀਆਂ 5 ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿਚ ਸੰਸਦ ਦਾ ਘਿਰਾਓ ਕਰਨ ਸਬੰਧੀ ਅਹਿਮ ਬੈਠਕ ਕੀਤੀ ਗਈ ਸੀ। ਇਸ ਮੀਟਿੰਗ ਵਿਚ ਕਈ ਅਹਿਮ ਮੁੱਦਿਆਂ ਉੱਤੇ ਵਿਚਾਰ ਚਰਚਾ ਹੋਈ ਸੀ। ਪੰਜਾਬ ਦੇ ਮੌਜੂਦਾ ਹਾਲਾਤ, ਕੇਂਦਰ ਸਰਕਾਰ ਦੇ ਬਜਟ ਅਤੇ ਪੰਜਾਬ ਸਰਕਾਰ ਦੇ ਆਗਾਮੀ ਬਜਟ ਸਬੰਧੀ ਗੱਲਬਾਤ ਕੀਤੀ ਗਈ। ਇਸ ਤੋਂ ਇਲਾਵਾ ਪੰਜਾਬ ਦੇ ਪਾਣੀਆਂ, ਪ੍ਰਦੂਸ਼ਣ ਅਤੇ ਕਿਸਾਨ ਮੋਰਚੇ ਦੀ ਅਗਲੀ ਰਣਨੀਤੀ ਬਾਰੇ ਜਾਣਕਾਰੀ ਦਿੱਤੀ ਗਈ ਸੀ।