ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਸੰਗਤਾਂ ਨੂੰ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਦੇ ਦਰਸ਼ਨ ਕਰਵਾਉਣ ਲਈ ਮੁਫਤ ਬੱਸ ਸੇਵਾ ਸ਼ੁਰੂ ਕੀਤੀ ਗਈ ਹੈ। ਜੋ ਕਿ ਸੂਬੇ ਦੇ ਵੱਖ ਵੱਖ ਹਿੱਸਿਆਂ ਤੋਂ 5 ਤੋਂ 12 ਨਵੰਬਰ ਤੱਕ ਹਰ ਰੋਜ਼ ਚੱਲਣਗੀਆਂ।
ਇਸ ਸਬੰਧੀ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ.ਚਰਨਜੀਤ ਸਿੰਘ ਚੰਨੀ ਨੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਅਤੇ ਟ੍ਰਾਸਪੋਰਟ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਹਿਲਕਦਮੀ ‘ਤੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਵਿਭਾਗ, ਪੰਜਾਬ ਵਲੋਂ ਟ੍ਰਾਂਸਪੋਰਟ ਵਿਭਾਗ ਦੇ ਸਹਿਯੋਗ ਨਾਲ ਇਹ ਉਪਰਾਲਾ ਕੀਤਾ ਗਿਆ ਹੈ। ਇਸ ਫੈਸਲੇ ਦੇ ਤਹਿਤ 5 ਨਵੰਬਰ ਤੋਂ 12 ਨਵੰਬਰ ਤੱਕ ਹਰ ਰੋਜ਼ 1500 ਬੱਸਾਂ ਸੰਗਤਾਂ ਨੂੰ ਸੁਲਤਾਨਪੁਰ ਲੋਧੀ ਦਰਸ਼ਨਾਂ ਲਈ ਲੈ ਕੇ ਜਾਣਗੀਆਂ।
ਉਨਾਂ ਦੱਸਿਆ ਕਿ ਕਿਥੋਂ ਕਿਹੜੀਆਂ ਬੱਸਾਂ ਨੇ ਕਿਸ ਦਿਨ ਜਾਣਾ ਹੈ, ਇਸ ਸਬੰਧੀ ਸਾਰਾ ਪ੍ਰੋਗਰਾਮ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮ ਨੂੰ ਭੇਜ ਦਿੱਤਾ ਗਿਆ ਹੈ। ਸੂਬੇ ਭਰ ਤੋਂ ਵੱਧ ਤੋਂ ਵੱਧ ਲੋਕਾਂ ਨੂੰ ਦਰਸ਼ਨ ਕਰਵਾਉਣ ਲਈ ਹਰ ਵਿਧਾਨ ਸਭਾ ਹਲਕੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਅਨੁਸਾਰ ਬੱਸਾਂ ਅਲਾਟ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਇੱਕ ਟੋਲ ਫਰੀ ਹੈਲਪਲਾਈਨ ਸੇਵਾ (1800-180-0550 ਨੰਬਰ) ਵੀ ਸ਼ੁਰੂ ਕੀਤੀ ਗਈ ਹੈ। ਜਿਸ ਰਾਹੀਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਕੋਈ ਵੀ ਜਾਣਕਾਰੀ ਹਾਸਿਲ ਕੀਤੀ ਜਾ ਸਕੇਗੀ।