ਚੰਡੀਗੜ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਿੱਢੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਜ਼ਿਕਰਯੋਗ ਪ੍ਰਾਪਤੀਆਂ ਕੀਤੀਆਂ ਹਨ ਅਤੇ 23 ਮਾਰਚ 2022 ਤੋਂ ਹੁਣ ਤੱਕ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏ.ਸੀ.ਏ.ਐੱਲ.) ਉਪਰ ਲੋੜੀਂਦੇ ਸਬੂਤਾਂ ਸਮੇਤ ਕੁੱਲ 7,939 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ।
ਹੈਲਪ ਲਾਇਨ ਨੰਬਰ ਜਾਰੀ : ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਿਊਰੋ ਰਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਪ੍ਰਤੀ ਆਪਣੇ ਮਿਸ਼ਨ ਨੂੰ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਕਰਨ ਲਈ ਨੰਬਰ 9501-200-200 ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਗਰਿਕ ਪੱਖੀ ਆਰਟੀਫੀਸ਼ੀਅਲ ਇੰਟੈਲੀਜੈਂਸ ਵਾਲੇ ਪਲੇਟਫਾਰਮ 'ਤੇ ਕੋਈ ਵੀ ਵਿਅਕਤੀ ਰਿਸ਼ਵਤਖੋਰੀ ਦੀ ਮੰਗ ਬਾਰੇ ਲੋੜੀਂਦੀ ਆਡੀਓ ਅਤੇ ਵੀਡੀਓ ਰਿਕਾਰਡਿੰਗ ਦੇ ਨਾਲ 24 ਘੰਟੇ ਸੱਤੇ ਦਿਨ ਸ਼ਿਕਾਇਤਾਂ ਦਰਜ ਕਰਵਾ ਸਕਦਾ ਹੈ।
ਬੁਲਾਰੇ ਨੇ ਦੱਸਿਆ ਕਿ ਨਤੀਜੇ ਵਜੋਂ ਕੁੱਲ 4,02,133 ਇੰਦਰਾਜ਼ਾਂ ਵਿੱਚੋਂ, 3,90,050 ਐਂਟਰੀਆਂ ਦੀ ਪਛਾਣ ਅਪ੍ਰਸੰਗਿਕ ਜਾਂ ਗਲਤ ਪੋਸਟਾਂ ਅਤੇ ਭ੍ਰਿਸ਼ਟਾਚਾਰ ਨਾਲ ਕੋਈ ਸਬੰਧ ਨਾ ਹੋਣ ਬਾਰੇ ਵੀ ਇਸ ਵਿੱਚ ਦੱਸਿਆ ਗਿਆ ਹੈ। ਉਨਾਂ ਦੱਸਿਆ ਕਿ 12,083 ਸ਼ਿਕਾਇਤਾਂ/ਇੰਦਰਾਜ਼ਾਂ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਪਤਾ ਲੱਗਿਆ ਹੈ ਕਿ 4,144 ਸ਼ਿਕਾਇਤਾਂ ਦਾ ਭ੍ਰਿਸ਼ਟਾਚਾਰ ਨਾਲ ਕੋਈ ਸੰਬੰਧ ਨਹੀਂ ਸੀ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਪਾਕੀ 7,939 ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਜਾਂਚਾਂ ਦੇ ਨਤੀਜੇ ਵਜੋਂ 40 ਪੁਲਿਸ ਮੁਲਾਜ਼ਮਾਂ ਸਮੇਤ ਰਿਸ਼ਵਤ ਦੇ ਵੱਖ-ਵੱਖ ਮਾਮਲਿਆਂ ਵਿੱਚ ਸ਼ਾਮਲ 132 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਪ੍ਰੈਲ 2022 ਤੋਂ ਵਿੱਢੀ ਇਸ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਬਿਊਰੋ ਨੇ ਸੂਬੇ ਭਰ ਵਿੱਚ ਭ੍ਰਿਸ਼ਟਾਚਾਰ ਦੇ ਕੁੱਲ 298 ਵੱਖ-ਵੱਖ ਮਾਮਲਿਆਂ ਵਿੱਚ 359 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।