ਚੰਡੀਗੜ੍ਹ: ਸਰਕਾਰੀ ਮੁਲਾਜ਼ਮਾਂ ਨੇ ਅੱਜ ਸਿਵਲ ਸਕੱਤਰੇਤ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਹੈ। ਮੁਲਾਜ਼ਮਾਂ ਨੇ ਇਹ ਪ੍ਰਦਰਸ਼ਨ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਦੇ ਖ਼ਿਲਾਫ਼ ਕੀਤਾ ਹੈ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਦੇ ਮੁਤਾਬਿਕ ਜੇ ਸਰਕਾਰੀ ਮੁਲਾਜ਼ਮ ਪ੍ਰਦਰਸ਼ਨ ਕਰਨਗੇ ਤਾਂ ਉਨ੍ਹਾਂ ਦੀ ਦਿਨ ਦੀ ਤਨਖ਼ਾਹ ਕੱਟੀ ਜਾਵੇਗੀ।
ਇਸ ਮੌਕੇ ਸਾਂਝਾ ਮੁਲਾਜ਼ਮ ਮੰਚ ਪੰਜਾਬ ਅਤੇ ਯੂਟੀ ਦੇ ਪ੍ਰਧਾਨ ਸੁਖਚੈਨ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਸਰਕਾਰ ਦੇ ਵੱਲੋਂ ਬੀਤੇ ਦਿਨ ਜੋ ਨੋਟੀਫਿਕੇਸ਼ਨ ਕੱਢਿਆ ਗਿਆ ਸੀ, ਜਿਸ ਵਿਚ ਲਿਖਿਆ ਗਿਆ ਹੈ ਕਿ ਜੇ ਮੁਲਾਜ਼ਮ ਪ੍ਰਦਰਸ਼ਨ ਕਰਨਗੇ ਜਾਂ ਹੜਤਾਲ ਕਰਨਗੇ ਤਾਂ ਉਨ੍ਹਾਂ ਦੀ ਉਸ ਦਿਨ ਦੀ ਤਨਖਾਹ ਕੱਟੀ ਜਾਵੇਗੀ ਅਤੇ ਉਨ੍ਹਾਂ ਦੇ ਪੱਤੇ ਵੀ ਦੇਰੀ ਨਾਲ ਦਿੱਤੇ ਜਾਣਗੇ, ਇਸ ਨੋਟੀਫਿਕੇਸ਼ਨ ਦੇ ਰੋਸ ਵਜੋਂ ਅੱਜ ਮੁਲਾਜ਼ਮਾਂ ਦੇ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਸੁਖਚੈਨ ਖਹਿਰਾ ਨੇ ਸਰਕਾਰ ਦੇ ਇਸ ਨੋਟੀਫਿਕੇਸ਼ਨ ਨੂੰ ਤੁਗਲਕੀ ਫਰਮਾਨ ਦੱਸਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਅਜਿਹੇ ਫ਼ਰਮਾਨਾਂ ਦੇ ਨਾਲ ਮੁਲਾਜ਼ਮਾਂ ਦੇ ਹੱਕਾਂ ਦੀ ਆਵਾਜ਼ ਦਬਾਉਣਾ ਚਾਹੁੰਦੀ ਹੈ। ਇਸ ਦੇ ਨਾਲ ਹੀ ਪ੍ਰਦਰਸ਼ਨਕਾਰੀਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਨੇ ਇਹ ਤੁਗਲਕੀ ਫਰਮਾਨ ਵਾਪਸ ਨਾ ਲਿਆ ਤਾਂ ਪੰਜਾਬ ਭਰ ਦੇ ਵਿੱਚ ਵਿਰੋਧ ਪ੍ਰਦਰਸ਼ਨ ਹੋਣਗੇ ਅਤੇ ਸਰਕਾਰ ਦੇ ਇਸ ਨੋਟੀਫਿਕੇਸ਼ਨ ਦੇ ਬਾਰੇ ਬੋਲਦੇ ਹੋਏ ਖਹਿਰਾ ਨੇ ਕਿਹਾ ਕਿ ਇੱਟ ਦਾ ਜਵਾਬ ਪੱਥਰ ਨਾਲ ਦਿੱਤਾ ਜਾਵੇਗਾ।
ਇਹ ਵੀ ਪੜੋ: JNU ਹਿੰਸਾ: ਕੈਪਟਨ ਨੇ ਪੰਜਾਬ ਪੁਲਿਸ ਨੂੰ ਯੁਨੀਵਰਸਿਟੀਆਂ ਦੀ ਸੁਰੱਖਿਆ ਵਧਾਉਣ ਦੇ ਦਿੱਤੇ ਨਿਰਦੇਸ਼
ਸੁਖਚੈਨ ਖਹਿਰਾ ਨੇ ਦੱਸਿਆ ਕਿ ਉਹ ਸਾਂਝਾ ਮੁਲਾਜ਼ਮ ਮੰਚ ਦੇ ਨਾਲ ਰਲ ਕੇ ਅਤੇ ਹੋਰ ਜਥੇਬੰਦੀਆਂ ਦੇ ਨਾਲ ਗੱਲ ਕਰਨਗੇ ਅਤੇ ਪੰਜਾਬ ਦੇ ਵਿੱਚ ਵੱਡੇ ਪੱਧਰ 'ਤੇ ਸੰਘਰਸ਼ ਵਿੱਢਿਆ ਜਾਵੇਗਾ ਜੋ ਕਿ ਸਰਕਾਰ ਨੂੰ ਹਿਲਾ ਕੇ ਰੱਖ ਦੇਵੇਗਾ।