ਚੰਡੀਗੜ੍ਹ: ਝੋਨੇ ਦੀ ਸਰਕਾਰੀ ਲਵਾਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋ ਗਈ ਹੈ। ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਵਾਅਦਾ ਕੀਤਾ ਹੈ ਕਿ ਉਹ ਟਿਊਬਵੈਲਾਂ ਲਈ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਸਫਲਤਾਪੂਰਵਕ ਲੁਆਈ ਲਈ ਲੋੜੀਂਦੇ ਪਾਣੀ ਦਾ ਪ੍ਰਬੰਧ ਕਰਨਗੇ।
ਕੈਪਟਨ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਸ਼ੁਰੂਆਤੀ ਨਤੀਜਿਆਂ ਉਪਰ ਸੰਤੁਸ਼ਟੀ ਜ਼ਾਹਿਰ ਕੀਤੀ ਹੈ, ਜਿਸ ਖਾਤਰ ਪੰਜਾਬ ਸਰਕਾਰ ਵੱਲੋਂ ਇਸ ਸੀਜ਼ਨ ਲਈ ਕਿਸਾਨਾਂ ਨੂੰ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਤਰੀਕੇ ਝੋਨੇ ਨੂੰ ਪਾਣੀ ਦੀ ਘੱਟ ਜ਼ਰੂਰਤ ਪੈਣ ਕਾਰਨ ਨਤੀਜੇ ਉਤਸ਼ਾਹ ਭਰੇ ਹਨ। ਸੂਬਾ ਸਰਕਾਰ ਕਿਰਤੀਆਂ ਦੀ ਕਮੀ ਅਤੇ ਹੱਥਾਂ ਰਾਹੀਂ ਰਵਾਇਤੀ ਲੁਆਈ ਵਿੱਚ ਮਹਾਂਮਾਰੀ ਦੇ ਵੱਧ ਖਤਰਿਆਂ ਨੂੰ ਵੇਖਦਿਆਂ ਕਿਸਾਨਾਂ ਨੂੰ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਲਈ ਪ੍ਰੇਰਿਤ ਕਰ ਰਹੀ ਹੈ।
ਕੋਰੋਨਾ ਸੰਕਟ ਦੇ ਦਰਮਿਆਨ ਪੰਜਾਬ ਵਿੱਚ ਸੂਬੇ ਭਰ ਦੀਆਂ 4000 ਮੰਡੀਆਂ ਵਿੱਚੋਂ ਕੋਰੋਨਾ ਦਾ ਇੱਕ ਵੀ ਕੇਸ ਰਿਪੋਰਟ ਹੋਣ ਤੋਂ ਬਿਨ੍ਹਾਂ 128 ਲੱਖ ਮੀਟਰਿਕ ਟਨ ਕਣਕ ਦੀ ਖਰੀਦ ਸਫਲਤਾਪੂਰਵਕ ਮੁਕੰਮਲ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲੂ 40 ਦਿਨਾਂ ਦੀ ਗੁੰਝਲਦਾਰ ਖਰੀਦ ਪਿਆ, ਜਿਸ ਨੂੰ ਕਿਸਾਨਾਂ ਵੱਲੋਂ ਸਾਰੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਦਿਆਂ ਨੇਪਰੇ ਚੜਾਇਆ ਗਿਆ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਮਾਸਕ ਪਹਿਨਣ ਅਤੇ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਦਿੱਤੇ ਮਸ਼ਵਰਿਆਂ ਅਤੇ ਸਿਹਤ ਸੁਰੱਖਿਆ ਪੱਖੋਂ ਜ਼ਰੂਰੀ ਉਪਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਅਪੀਲ ਕੀਤੀ ਗਈ।