ਰੂਪਨਗਰ/ਚੰਡੀਗੜ੍ਹ : ਇਸ ਵਾਰ ਖਾਲਸਾ ਪੰਥ ਦੇ ਜਾਹੋ-ਜਲਾਲ ਦਾ ਪ੍ਰਤੀਕ ਆਨੰਦਪੁਰ ਸਾਹਿਬ ਦਾ ਹੋਲਾ-ਮਹੱਲਾ ਬੰਦੀ ਸਿੰਘਾਂ ਦੀ ਰਿਹਾਈ ਦੀ ਮੁਹਿੰਮ ਦੇ ਰੰਗ ਵਿਚ ਰੰਗਿਆ ਨਜ਼ਰ ਆਵੇਗਾ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੋਲਾ-ਮਹੱਲਾ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਦਸਤਖਤੀ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ ਕੀਤਾ ਗਿਆ ਹੈ। ਇਸ ਮੌਕੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ 'ਤੇ ਦਸਤਖ਼ਤ ਕਰ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ ਹੈ।
ਜ਼ਬਰ-ਜਨਾਹ ਦੇ ਦੋਸ਼ੀ ਨੂੰ 4 ਵਾਰ ਪੈਰੋਲ : ਇਹ ਪ੍ਰਗਟਾਵਾ ਅੱਜ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ 'ਤੇ ਹੋਏ ਭਾਰਤੀ ਫੌਜ ਦੇ ਹਮਲੇ ਤੋਂ ਬਾਅਦ ਸਰਕਾਰੀ ਜ਼ਬਰ ਕਾਰਨ ਹਥਿਆਰਬੰਦ ਸੰਘਰਸ਼ ਦੇ ਰਾਹ ਪੈਣ ਲਈ ਮਜਬੂਰ ਹੋਏ ਬਹੁਤ ਸਾਰੇ ਬੰਦੀ ਸਿੰਘ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਹਨ, ਜਦੋਂਕਿ ਕਾਨੂੰਨ ਅਨੁਸਾਰ ਉਮਰ ਕੈਦੀ ਨੂੰ 10-15 ਸਾਲਾਂ ਦੀ ਕੈਦ ਤੋਂ ਬਾਅਦ ਰਿਹਾਅ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਰਗਿਆਂ ਨੂੰ ਆਪਣੀਆਂ ਸਾਧਵੀਆਂ ਨਾਲ ਜ਼ਬਰ-ਜਨਾਹ ਅਤੇ ਡੇਰਾ ਪ੍ਰਬੰਧਕ ਸਮੇਤ ਇਕ ਪੱਤਰਕਾਰ ਦੇ ਕਤਲ ਵਰਗੇ ਸੰਗੀਨ ਅਪਰਾਧਾਂ ਦੇ ਦੋਸ਼ ‘ਚ ਸਜ਼ਾ ਹੋਣ ਦੇ ਬਾਵਜੂਦ ਪਿਛਲੇ 14 ਮਹੀਨਿਆਂ ਵਿਚ 4 ਵਾਰ ਪੈਰੋਲ ਮਿਲ ਚੁੱਕੀ ਹੈ।
ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖਾਂ ਦੀ ਕੌਮੀ ਚੇਤਨਾ ਦਾ ਹਿੱਸਾ ਬਣਿਆ : ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਇਸ ਵਿਤਕਰੇਬਾਜ਼ੀ ਕਾਰਨ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਸਿੱਖਾਂ ਦੀ ਕੌਮੀ ਚੇਤਨਾ ਦਾ ਹਿੱਸਾ ਬਣ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪੰਥਕ ਭਾਵਨਾਵਾਂ ਦੀ ਨੁਮਾਇੰਦਗੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 1 ਦਸੰਬਰ 2022 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਇਕ ਦਸਤਖਤੀ ਮੁਹਿੰਮ ਆਰੰਭ ਕੀਤੀ ਸੀ, ਜਿਸ ਦਾ ਟੀਚਾ ਘੱਟੋ-ਘੱਟ 30 ਲੱਖ ਦਸਤਖਤ ਕਰਵਾ ਕੇ ਭਾਰਤ ਦੇ ਰਾਸ਼ਟਰਪਤੀ ਅਤੇ ਸੰਯੁਕਤ ਰਾਸ਼ਟਰ ਤੱਕ ਪਹੁੰਚਾਉਣਾ ਹੈ। ਗਰੇਵਾਲ ਨੇ ਕਿਹਾ ਕਿ ਇਸੇ ਦੇ ਮੱਦੇਨਜ਼ਰ ਹੋਲੇ-ਮਹੱਲੇ ਮੌਕੇ 9 ਬੰਦੀ ਸਿੰਘਾਂ ਦੇ ਨਾਵਾਂ 'ਤੇ 9 ਵੱਖ-ਵੱਖ ਦਸਤਖਤੀ ਸਟਾਲ ਲਾਏ ਜਾਣਗੇ, ਜਿਨ੍ਹਾਂ ਵਿਚ ਇਕ ਸਟਾਲ 'ਤੇ ਇਕ ਬੰਦੀ ਸਿੰਘ ਦੇ ਨਾਂਅ ਵਾਲਾ ਇਕ ਸਟਾਲ ਹੋਵੇਗਾ, ਜਿੱਥੇ ਉਨ੍ਹਾਂ ਦੀ ਰਿਹਾਈ ਲਈ ਸੰਗਤਾਂ ਕੋਲੋਂ ਦਸਤਖਤ ਕਰਵਾਏ ਜਾਣਗੇ।
ਇਹ ਵੀ ਪੜ੍ਹੋ : Ludhiana Police Action: ਪੁਲਿਸ ਨੇ 6 ਪਿਸਤੌਲ ਤੇ ਕਾਰਤੂਸਾਂ ਸਣੇ ਕਾਬੂ ਕੀਤੇ ਦੋ ਨੌਜਵਾਨ, ਜੇਲ੍ਹ 'ਚ ਬੰਦ ਗੈਂਗਸਟਰ ਨੇ ਮੰਗਵਾਏ ਸੀ...
ਬੰਦੀ ਸਿੰਘਾਂ ਦੀ ਜੀਵਨੀ ਉਤੇ ਛਪਣਗੇ ਕਿਤਾਬਚੇ : ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ 9 ਬੰਦੀ ਸਿੰਘਾਂ ਦੇ ਸਿੱਖ ਸੰਘਰਸ਼ ਵਿਚ ਯੋਗਦਾਨ, ਸੰਘਰਸ਼ਮਈ ਜੀਵਨ, ਕੁਰਬਾਨੀ ਅਤੇ ਉਨ੍ਹਾਂ ਦੀ ਜੇਲ੍ਹ ਯਾਤਰਾ ਬਾਰੇ ਜਾਣਕਾਰੀ ਸਬੰਧੀ ਕਿਤਾਬਚੇ ਛਪਵਾ ਕੇ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨੇੜੇ ਇਕ ਵੱਡ-ਅਕਾਰੀ ਐਲਸੀਡੀ ਸਕਰੀਨ ਲਗਾ ਕੇ ਵੀ ਬੰਦੀ ਸਿੰਘਾਂ ਦੇ ਜੀਵਨ ਤੇ ਸੰਘਰਸ਼ ਸਬੰਧੀ ਜਾਣਕਾਰੀ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਦੁਆਬਾ ਜ਼ੋਨ ਦੇ ਧਰਮ ਪ੍ਰਚਾਰ ਇੰਚਾਰਜ ਭਾਈ ਗੁਰਬਖਸ਼ ਸਿੰਘ ਖਾਲਸਾ, ਵਧੀਕ ਸਕੱਤਰ ਸਿਮਰਜੀਤ ਸਿੰਘ ਕੰਗ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੋਗਿੰਦਰ ਸਿੰਘ, ਮੈਨੇਜਰ ਗੁਰਦੀਪ ਸਿੰਘ ਕੰਗ, ਵਧੀਕ ਮੈਨੇਜਰ ਐਡਵੋਕੇਟ ਹਰਦੇਵ ਸਿੰਘ ਅਤੇ ਸੰਦੀਪ ਸਿੰਘ ਕਲੋਤਾ ਵੀ ਹਾਜ਼ਰ ਸਨ।