ਚੰਡੀਗੜ੍ਹ: ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਨੈਸ਼ਨਲ ਹੈਲਥ ਮਿਸ਼ਨ ਦੇ ਅਧੀਨ ਪੰਜਾਬ ਦੀ 308 ਨਰਸਾਂ ਦੀ ਨਿਯੁਕਤੀ ਲਈ ਪੱਤਰ ਦਿੱਤੇ ਗਏ ਹਨ। ਇਨ੍ਹਾਂ ਸਟਾਫ ਨਰਸਾਂ ਦੀ ਨਿਯੁਕਤੀ ਰਾਜ ਦੇ ਪੇਂਡੂ ਤੇ ਸ਼ਹਿਰੀ ਖੇਤਰਾਂ ਦੇ ਹਸਪਤਾਲਾਂ ਵਿੱਚ ਹੋਵੇਗੀ।
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਹਸਪਤਾਲਾਂ, ਸਬ ਡਿਵੀਜ਼ਨਲ ਹਸਪਤਾਲਾਂ, ਕਮਿਊਨਿਟੀ ਸਿਹਤ ਅਤੇ ਪ੍ਰਾਇਮਰੀ ਹੈਲਥ ਕੇਂਦਰਾਂ ਦੀ ਕਾਰਗੁਜ਼ਾਰੀ ਲਈ ਸਟਾਫ਼ ਦੀ ਭਰਤੀ ਕੀਤੀ ਜਾ ਚੁੱਕੀ ਹੈ। ਇਸ ਵਿੱਚ 4000 ਦੇ ਕਰੀਬ ਮੈਡੀਕਲ, ਪੈਰਾ-ਮੈਡੀਕਲ ਤੇ ਹੋਰ ਸਟਾਫ਼ ਰਖੇ ਗਏ ਹਨ। ਉਨ੍ਹਾਂ ਦੱਸਿਆ ਕਿ ਇਲਾਜ ਸਹੂਲਤਾਂ ਮੁਹੱਈਆ ਕਰਵਾਉਣ 'ਚ ਸਟਾਫ਼ ਨਰਸਾਂ ਦੀ ਅਹਿਮ ਭੂਮਿਕਾ ਹੁੰਦੀ ਹੈ।
ਸਿਹਤ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਨਰਸਾਂ ਦੀ ਮਈ 2018 'ਚ ਪਾਰਦਰਸ਼ੀ ਢੰਗ ਨਾਲ ਲਿਖਤੀ ਪੇਪਰ 'ਤੇ ਸਕਿੱਲ ਟੈਸਟ ਲਿਆ ਗਿਆ ਸੀ। ਇਸ ਤੋਂ ਪਹਿਲਾਂ 534 ਸਟਾਫ ਨਰਸਾਂ ਦੀ ਨਿਯੁਕਤੀ ਕੀਤੀ ਜਾ ਚੁੱਕੀ ਹੈ। ਹੁਣ 308 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ 'ਚ ਸਿਹਤ ਸੰਸਥਾਵਾਂ 'ਚ ਖਾਲੀ ਅਸਾਮੀਆਂ ਵਿਰੁੱਧ ਪੈਰਾ ਮੈਡੀਕਲ ਸਟਾਫ਼ ਜਿਵੇਂ ਕਿ ਫਾਰਮਾਸਿਸਟ, ਲੈਬ ਟੈਕਨੀਸ਼ਿਅਨ ਆਦਿ ਦੀਆਂ ਨਿਯੁਕਤੀਆਂ ਵੀ ਜਲਦੀ ਹੀ ਕੀਤੀਆ ਜਾਣਗੀਆਂ।
ਇਹ ਵੀ ਪੜ੍ਹੋ: ਕਰਤਾਰਪੁਰ ਸਾਹਿਬ ਗਈਆਂ ਸੰਗਤਾਂ ਹੋਈਆਂ ਖੱਜਲ ਖੁਆਰ
ਬਲਬੀਰ ਸਿੰਘ ਸਿੱਧੂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਨ੍ਹਾਂ ਨੂੰ ਨੌਕਰੀ ਦੇ ਨਾਲ ਸਮਾਜ ਸੇਵਾ ਕਰਨ ਦਾ ਵੀ ਮੌਕਾ ਮਿਲ ਰਿਹਾ ਹੈ। ਇਸ ਲਈ ਉਹ ਸਮਾਜ ਪ੍ਰਤੀ ਆਪਣੀ ਜ਼ਿੰਮਵਾਰੀ ਨੂੰ ਦਿਲਚਸਪੀ ਲੈ ਕੇ ਲੋਕਾਂ ਦੀ ਸੇਵਾ ਕਰਨ।