ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਕੋਰ ਕਮੇਟੀ ਦੀ ਬੈਠਕ ਬੁਲਾਈ ਗਈ ਸੀ ਜਿਸ ਵਿੱਚ ਪਾਰਟੀ ਦੇ ਸਾਰੇ ਵਿਧਾਇਕ ਅਤੇ ਸਾਂਸਦ ਭਗਵੰਤ ਮਾਨ ਵੀ ਸ਼ਾਮਲ ਹੋਏ। ਬੈਠਕ ਤੋਂ ਮੀਡੀਆ ਨਾਲ ਰੂਬਰੂ ਹੁੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਦੀ ਇਸ ਬੈਠਕ ਵਿੱਚ ਤਿੰਨ ਮਤੇ ਪਾਸ ਕੀਤੇ ਗਏ ਹਨ।
ਪਹਿਲਾਂ ਮਤਾ ਦਿੱਲੀ ਦੇ ਵਿੱਚ ਆਮ ਆਦਮੀ ਪਾਰਟੀ ਦੀ ਹੋਈ ਜਿੱਤ ਨੂੰ ਸਮਰਪਿਤ ਕੀਤਾ ਗਿਆ, ਜਿਸ ਦੇ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਧਾਈ ਦੇਣ ਦਾ ਮਤਾ ਪਾਸ ਕੀਤਾ ਗਿਆ।
ਇਸ ਤੋਂ ਇਲਾਵਾ ਬਜਟ ਸੈਸ਼ਨ ਦੇ ਵਿੱਚ ਕਾਂਗਰਸ ਸਰਕਾਰ ਦੇ ਵੱਲੋਂ ਜੇ ਬਿਜਲੀ ਦਰਾਂ ਦੇ ਵਿੱਚ ਕਟੌਤੀ ਬਾਰੇ ਕੋਈ ਫ਼ੈਸਲਾ ਨਹੀਂ ਲਿਆ ਗਿਆ ਤਾਂ 16 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਵੱਲੋਂ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੋਤੀ ਮਹਿਲ ਦੇ ਵੱਲ ਕੂਚ ਕੀਤੀ ਜਾਵੇਗੀ ਤੇ ਉਨ੍ਹਾਂ ਦੇ ਘਰ ਦੀ ਬਿਜਲੀ ਕੱਟੀ ਜਾਵੇਗੀ।
ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਦੇ ਕੁਨੈਕਸ਼ਨ ਕਟਵਾਉਣ ਦਾ ਠੇਕਾ ਸਿਰਫ਼ ਆਮ ਲੋਕਾਂ ਨੇ ਨਹੀਂ ਲੈ ਰੱਖਿਆ ਮੁੱਖ ਮੰਤਰੀ ਦੇ ਘਰ ਦੀ ਬਿਜਲੀ ਵੀ ਕੱਟੀ ਜਾ ਸਕਦੀ ਹੈ। ਤੀਜੇ ਮਤੇ ਬਾਰੇ ਗੱਲ ਕਰਦਿਆਂ ਮਾਨ ਨੇ ਕਿਹਾ ਕਿ ਪਾਰਟੀ ਦੇ ਵੱਲੋਂ ਰਾਸ਼ਟਰ ਲੋਕ ਨਿਰਮਾਣ ਦੀ ਗੱਲ ਕਹੀ ਗਈ ਹੈ ਤੇ ਇਸ ਦੇ ਲਈ ਹਰ ਆਗੂ ਹਰ ਵਿਧਾਇਕ ਘਰ-ਘਰ ਜਾ ਕੇ ਆਮ ਆਦਮੀ ਪਾਰਟੀ ਦੀ ਨੀਤੀਆਂ ਨੂੰ ਲੋਕਾਂ ਨੂੰ ਜਾਣੂ ਕਰਵਾਏਗਾ ਤੇ ਉਨ੍ਹਾਂ ਨੂੰ ਮਿਸ ਕਾਲ ਅਭਿਆਨ ਦੇ ਨਾਲ ਜੋੜੇਗਾ।