ਚੰਡੀਗੜ੍ਹ: ਇੰਸਪੈਕਟਰ ਜਨਰਲ ਆਫ਼ ਪੁਲਿਸ ਹੈੱਡਕੁਆਰਟਰ(Inspector General of Police Headquarters) ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਉੱਤੇ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਫ਼ੈਸਲਾਕੁੰਨ ਜੰਗ ਤਹਿਤ ਪੰਜਾਬ ਪੁਲਿਸ ਵੱਲੋਂ ਪਿਛਲੇ ਹਫ਼ਤੇ ਵਿੱਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟਰੋਪਿਕ ਸਬਸਟੈਂਸ ਐਕਟ ਤਹਿਤ 231 ਐੱਫ.ਆਈ. ਦਰਜ ਕੀਤੀਆਂ ਹਨ ਜਿਨ੍ਹਾਂ ਵਿੱਚ 23 ਕਮਰਸ਼ੀਅਲ ਮਾਮਲੇ ਵੀ ਸ਼ਾਮਲ ਹਨ, ਦਰਜ ਕਰਕੇ 301 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੰਨ ਕਲਚਰ: ਉਨ੍ਹਾਂ ਕਿਹਾ ਕਿ ਹਥਿਆਰ ਰੱਖਣ ਉੱਤੇ ਪਾਬੰਦੀ (No ban on possession of arms) ਨਹੀਂ ਲਗਾਈ ਗਈ ਸਗੋਂ ਹਥਿਆਰਾਂ ਦੀ ਪ੍ਰਦਰਸ਼ਨੀ ਖ਼ਿਲਾਫ਼ ਸਖ਼ਤੀ (Strict action taken against the display of arms) ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜਾਨ ਦਾ ਖਤਰਾ ਹੈ ਤਾਂ ਉਹ ਬਿਨ੍ਹਾਂ ਝਿਜਕ ਆਪਣੀ ਸੁਰੱਖਿਆ ਲਈ ਹਥਿਆਰ ਰੱਖ ਸਕਦਾ ਹੈ।
ਨਸ਼ੇ ਖ਼ਿਲਾਫ਼ ਕਾਰਵਾਈ: ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੁਲਿਸ ਨੇ 4.18 ਕਿਲੋਗ੍ਰਾਮ ਹੈਰੋਇਨ, 6.46 ਕਿਲੋਗ੍ਰਾਮ ਅਫੀਮ, 37 ਕਿਲੋਗ੍ਰਾਮ ਗਾਂਜਾ, 10 ਕੁਇੰਟਲ ਭੁੱਕੀ ਅਤੇ 71 ਹਜ਼ਾਰ ਨਸ਼ੇ ਦੀਆਂ ਗੋਲੀਆਂ,ਕੈਪਸੂਲ,ਇੰਜੈਕਸ਼ਨ,ਸ਼ੀਸ਼ੀਆਂ ਵੀ ਬਰਾਮਦ ਕੀਤੀਆਂ ਹਨ। ਇਸ ਤੋਂ ਇਲਾਵਾ ਮੁਲਜ਼ਮਾਂ ਕੋਲੋਂ 7.45 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ।
ਭਗੌੜਿਆਂ ਨੂੰ ਕੀਤਾ ਗ੍ਰਿਫ਼ਤਾਰ: ਉਨ੍ਹਾਂ ਦੱਸਿਆ ਕਿ ਐੱਨ.ਡੀ.ਪੀ.ਐੱਸ. ਕੇਸਾਂ ਵਿੱਚ ਭਗੌੜੇ ਹੋਏ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਲਈ 5 ਜੁਲਾਈ, 2022 ਨੂੰ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ, ਜਿਸ ਤਹਿਤ ਪਿਛਲੇ ਇਕ ਹਫ਼ਤੇ ਦੌਰਾਨ 15 ਹੋਰ ਵਿਅਕਤੀ ਗ੍ਰਿਫ਼ਤਾਰ ਕੀਤੇ ਜਾਣ ਨਾਲ ਇਨ੍ਹਾਂ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 459 ਤੱਕ ਪਹੁੰਚ ਗਈ ਹੈ।ਜ਼ਿਕਰਯੋਗ ਹੈ ਕਿ ਡਾਇਰੈਕਟਰ ਜਨਰਲ ਆਫ਼ (Director General of Police) ਪੁਲਿਸ ਪੰਜਾਬ ਗੌਰਵ ਯਾਦਵ ਨੇ ਸਾਰੇ ਅਫਸਰਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਉਹ ਹਰੇਕ ਮਾਮਲੇ ਵਿੱਚ, ਖਾਸ ਤੌਰ ਉੱਤੇ ਨਸ਼ਿਆਂ ਦੀ ਬਰਾਮਦਗੀ ਨਾਲ ਜੁੜੀਆਂ ਕੜੀਆਂ ਦੀ ਬਾਰੀਕੀ ਨਾਲ ਜਾਂਚ ਕਰਨ, ਭਾਵੇਂ ਉਨ੍ਹਾਂ ਕੋਲੋਂ ਥੋੜ੍ਹੀ ਮਾਤਰਾ ਵਿੱਚ ਹੀ ਨਸ਼ੇ ਦੀ ਬਰਾਮਦਗੀ ਹੋਈ ਹੋਵੇ।
ਤਸਕਰਾਂ ਦੀ ਜਾਇਦਾਦ ਜ਼ਬਤ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੰਜਾਬ ਪੁਲਿਸ ਵੱਲੋਂ ਇਸ ਸਰਹੱਦੀ ਸੂਬੇ ਵਿੱਚ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਵਿਆਪਕ ਨਸ਼ਾ ਵਿਰੋਧੀ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਨੇ ਪੁਲਿਸ ਮੁਖੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਫੜੇ ਗਏ ਸਾਰੇ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ (Seizure of property of drug traffickers) ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਨਾਜਾਇਜ਼ ਪੈਸੇ ਨੂੰ ਬਰਾਮਦ ਕੀਤਾ ਜਾ ਸਕੇ।