ਚੰਡੀਗੜ੍ਹ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੂਰਬ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਪਾਸੇ ਲਾਂਘੇ ਦਾ ਕੰਮ ਪੂਰੀ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਮੌਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸੋਸ਼ਲ ਮੀਡੀਆ 'ਤੇ ਇੱਕ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਪਾਕਿਸਤਾਨ ਦੁਨੀਆ ਭਰ ਦੇ ਸਿੱਖਾਂ ਲਈ ਆਪਣੇ ਦਰਵਾਜ਼ੇ ਖੋਲ੍ਹਣ ਲਈ ਤਿਆਰ ਹੈ, ਕਿਉਂਕਿ ਕਰਤਾਰਪੁਰ ਪ੍ਰਾਜੈਕਟ ਦਾ ਨਿਰਮਾਣ ਕਾਰਜ ਅੰਤਮ ਪੜਾਅ ਵਿੱਚ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਕਰਤਾਰਪੁਰ ਲਾਂਘੇ ਨੂੰ ਨਵੰਬਰ, 2019 ਵਿੱਚ ਜਨਤਾ ਲਈ ਖੋਲ੍ਹ ਦਿੱਤਾ ਜਾਵੇਗਾ।
ਇਸਰਾਨ ਖ਼ਾਨ ਨੇ ਪੋਸਟ 'ਚ ਲਿਖਿਆ ਕਿ ਵਿਸ਼ਵ ਦੇ ਸਭ ਤੋਂ ਵੱਡੇ ਗੁਰਦੁਆਰੇ ਦਾ ਦੌਰਾ ਪੂਰੇ ਭਾਰਤ ਅਤੇ ਵਿਸ਼ਵ ਦੇ ਹੋਰ ਹਿੱਸਿਆਂ ਦੇ ਸਿੱਖ ਕਰਨਗੇ। ਇਹ ਸਿੱਖ ਕੌਮ ਲਈ ਇੱਕ ਵੱਡਾ ਧਾਰਮਿਕ ਕੇਂਦਰ ਬਣ ਕੇ ਉਭਰੇਗਾ। ਇਸ ਦੇ ਨਾਲ ਹੀ ਇਹ ਸਥਾਨਕ ਆਰਥਿਕਤਾ ਨੂੰ ਵੀ ਹੁਲਾਰਾ ਦੇਵੇਗਾ। ਇਸ ਦੇ ਨਤੀਜੇ ਵਜੋਂ ਦੇਸ਼ 'ਚ ਵਿਦੇਸ਼ੀ ਮੁਦਰਾ ਦਾ ਆਗਮਨ ਹੋਵੇਗਾ ਤੇ ਨਾਲ ਹੀ ਸੈਰ ਸਪਾਟਾ ਸਣੇ ਵੱਖ ਵੱਖ ਸੈਕਟਰਾਂ ਵਿੱਚ ਨੌਕਰੀਆਂ ਪੈਦਾ ਹੋਣਗੀਆਂ।
ਇਸਰਾਨ ਖ਼ਾਨ ਨੇ ਪੋਸਟ 'ਚ ਕਿਹਾ ਕਿ ਪਾਕਿਸਤਾਨ ਵਿੱਚ ਕਰਤਾਰਪੁਰ ਸਾਹਿਬ ਦੀ ਉਸਾਰੀ ਤੋਂ ਬਾਅਦ ਧਾਰਮਿਕ ਸੈਰ-ਸਪਾਟਾ ਵਧੇਗਾ। ਇਸ ਤੋਂ ਪਹਿਲਾਂ ਬੁੱਧ ਭਿਕਸ਼ੂ ਵੱਖ-ਵੱਖ ਥਾਵਾਂ 'ਤੇ ਧਾਰਮਿਕ ਰੀਤੀ ਰਿਵਾਜਾਂ ਲਈ ਗਏ ਸਨ ਅਤੇ ਇਸ ਤੋਂ ਬਾਅਦ ਕਰਤਾਰਪੁਰ ਲਾਂਘਾ ਖੋਲ੍ਹਿਆ ਗਿਆ ਸੀ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਹੋਣ ਦੀ ਉਮੀਦ ਹੈ। ਮੁੱਖ ਮੰਤਰੀ ਅਮਰਿੰਦਰ ਸਿੰਘ ਕਰਤਾਰਪੁਰ ਲਾਂਘੇ ਦੇ ਖੁੱਲ੍ਹਣ ਦੇ ਦਿਨ ਯਾਨੀ ਕਿ 9 ਨਵੰਬਰ ਨੂੰ ਕਰਤਾਰਪੁਰ ਸਾਹਿਬ ਜਾਣ ਵਾਲੇ ਸਰਬਦਲੀ ਵਫ਼ਦ ਦੀ ਅਗਵਾਈ ਕਰਨਗੇ। ਇਸ ਵਫ਼ਦ ਵਿੱਚ ਮੁੱਖ ਮੰਤਰੀ ਦੇ ਨਾਲ ਸਾਰੇ 117 ਵਿਧਾਇਕ, ਪੰਜਾਬ ਤੋਂ ਲੋਕ ਸਭਾ ਤੇ ਰਾਜ ਸਭਾ ਦੇ ਸੰਸਦ ਮੈਂਬਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੇ ਮੈਂਬਰ ਤੇ ਸੰਤ ਸਮਾਜ ਦੇ ਮੈਂਬਰ ਤੇ ਸੂਬੇ ਦੀਆਂ ਸਾਰੀਆਂ ਵੱਡੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਹੋਣਗੇ।