ਚੰਡੀਗੜ੍ਹ : ਪੰਜਾਬ ਦੇ ਸੁਲਤਾਨਪੁਰ ਲੋਧੀ ਵਿੱਚ ਅੰਤਰ-ਰਾਸ਼ਟਰੀ ਕੱਬਡੀ ਟੂਰਨਾਮੈਂਟ 2019, 1 ਦਸੰਬਰ ਨੂੰ ਸ਼ੁਰੂ ਹੋ ਰਿਹਾ। ਇਹ ਕੱਬਡੀ ਟੂਰਨਾਮੈਂਟ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈ। ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਇਸ ਦਾ ਉਦਘਾਟਨ ਕਰਨਗੇ।
ਜਾਣਕਾਰੀ ਮੁਤਾਬਕ ਇਹ ਅੰਤਰ ਰਾਸ਼ਟਰੀ ਕੱਬਡੀ ਟੂਰਨਾਮੈਂਟ ਸੁਲਤਾਨਪੁਰ ਲੋਧੀ 'ਚ ਸਥਿਤ ਗੁਰੂ ਨਾਨਕ ਗੁਰੂ ਨਾਨਕ ਸਟੇਡੀਅਮ 'ਚ ਆਯੋਜਿਤ ਕੀਤਾ ਗਿਆ ਹੈ। ਇਸ ਦੀ ਸ਼ੁਰੂਆਤ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਸਵੇਰੇ 11 ਵਜੇ ਕਰਨਗੇ। ਉਦਘਾਟਨੀ ਸਮਾਰੋਹ ਵੇਲੇਂ ਇੱਕ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਵੀ ਹੋਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਖੇਡ ਵਿਭਾਗ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਟੂਰਨਾਮੈਂਟ ਵਿੱਚ ਹਿੱਸਾ ਲੈਣ ਵਾਲੀਆਂ ਸਾਰੀਆਂ ਟੀਮਾਂ ਪਹੁੰਚ ਚੁੱਕੀਆਂ ਹਨ। ਇਨ੍ਹਾਂ ਟੀਮਾਂ ਨੂੰ ਜਲੰਧਰ ਸ਼ਹਿਰ ਦੇ ਵੱਖ-ਵੱਖ ਹੋਟਲਾਂ ਵਿੱਚ ਠਹਿਰਾਇਆ ਗਿਆ ਹੈ। ਟੂਰਨਾਮੈਂਟ ਵਿੱਚ ਹਿੱਸਾ ਲੈ ਰਹੀਆਂ ਟੀਮਾਂ ਨੂੰ ਦੋ ਗਰੁੱਪਾਂ ਵਿੱਚ ਵੰਡਿਆ ਗਿਆ ਹੈ। ਗਰੁੱਪ 'ਏ' ਵਿੱਚ ਭਾਰਤ, ਇੰਗਲੈਂਡ, ਆਸਟ੍ਰੇਲੀਆ ਅਤੇ ਸ੍ਰੀਲੰਕਾ ਸ਼ਾਮਲ ਹਨ ਜਦਕਿ ਗਰੁੱਪ 'ਬੀ' ਵਿੱਚ ਕੈਨੇਡਾ, ਅਮਰੀਕਾ, ਨਿਊਜ਼ੀਲੈਂਡ ਅਤੇ ਕੀਨੀਆ ਦੀਆਂ ਟੀਮਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਜਾਣਕਾਰੀ ਮੁਤਾਬਕ ਟੂਰਨਾਮੈਂਟ ਦੇ ਪਹਿਲੇ ਦਿਨ ਤਿੰਨ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ 'ਚ ਪਹਿਲਾ ਮੈਚ ਸ਼੍ਰੀਲੰਕਾ ਅਤੇ ਇੰਗਲੈਂਡ ਵਿਚਾਲੇ ਹੋਵੇਗਾ। ਦੂਜਾ ਮੈਚ ਕੈਨੇਡਾ ਅਤੇ ਕੀਨੀਆ ਅਤੇ ਤੀਜਾ ਮੈਚ ਅਮਰੀਕਾ ਅਤੇ ਨਿਊਜ਼ੀਲੈਂਡ ਵਿਚਾਲੇ ਖੇਡੀਆ ਜਾਵੇਗਾ। ਇਹ ਸਾਰੇ ਮੈਚ ਸਵੇਰੇ 11 ਵਜੇ ਤੋਂ ਸ਼ਾਮ 4: 30 ਵਜੇ ਤੱਕ ਖੇਡੇ ਜਾਣਗੇ। ਬਾਕੀ ਦਿਨਾਂ ਦੌਰਾਨ ਦੋ-ਦੋ ਮੈਚ ਹੋਣਗੇ।
ਹੋਰ ਪੜ੍ਹੋ: DAVIS CUP: ਭਾਰਤ ਨੇ ਪਾਕਿਸਤਾਨ ਨੂੰ ਹਰਾਇਆ, ਬਣਾਈ 3-0 ਦੀ ਅਜੇਤੂ ਲੀਡ
ਇਸ ਟੂਰਨਾਮੈਂਟ ਵਿੱਚ ਵੱਖ-ਵੱਖ 8 ਦੇਸ਼ਾਂ ਦੇ 150 ਤੋਂ ਵੱਧ ਖਿਡਾਰੀ ਹਿੱਸਾ ਲੈ ਰਹੇ ਹਨ। ਭਾਰਤ ਤੋਂ ਇਲਾਵਾ ਇਸ ਵਿੱਚ ਅਮਰੀਕਾ, ਆਸਟ੍ਰੇਲੀਆ, ਇੰਗਲੈਂਡ, ਕੈਨੇਡਾ, ਸ੍ਰ਼ੀਲੰਕਾ, ਕੀਨੀਆ ਅਤੇ ਨਿਊਜ਼ੀਲੈਂਡ ਦੇ ਖਿਡਾਰੀ ਹਿੱਸਾ ਲੈਣਗੇ। ਟੂਰਨਮੈਂਟ ਵਿੱਚ ਪਹਿਲੇ ਸਥਾਨ 'ਤੇ ਆਉਣ ਵਾਲੀ ਟੀਮ ਨੂੰ 25 ਲੱਖ ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ ਜਦਕਿ ਦੂਜੇ ਅਤੇ ਤੀਜੇ ਸਥਾਨ 'ਤੇ ਰਹਿਣ ਵਾਲੀਆਂ ਟੀਮਾਂ ਨੂੰ ਕ੍ਰਮਵਾਰ 15 ਲੱਖ ਅਤੇ 10 ਲੱਖ ਰੁਪਏ ਦੀ ਨਕਦ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।