ਚੰਡੀਗੜ੍ਹ: ਕਣਕ ਦੀ ਕਟਾਈ ਸ਼ੁਰੂ ਹੋਣ ਵਾਲੀ ਹੈ। ਹਾੜ੍ਹੀ ਦੌਰਾਨ ਮੰਡੀਆਂ ਵਿੱਚ ਕਣਕ ਦੀ ਰਿਕਾਰਡ ਤੋੜ ਆਮਦ ਹੋਣ ਦੀ ਸੰਭਾਵਨਾ ਹੈ ਪਰ ਕਰੋਨਾ ਵਾਇਰਸ ਕਾਰਨ ਕਣਕ ਦੀ ਕਟਾਈ ਅਤੇ ਮੰਡੀਕਰਨ ਦਾ ਸੀਜਨ ਪਿਛਲੇ ਸਾਲਾਂ ਨਾਲੋਂ ਕੁਝ ਵੱਖਰਾ ਰਹਿਣ ਦੀ ਸੰਭਾਵਨਾ ਹੈ।
ਪੰਜਾਬ ਅਤੇ ਸਿਹਤ ਵਿਭਾਗ ਵੱਲੋਂ ਕਿਸਾਨਾਂ ਲਈ ਕੁੱਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਜਿਨ੍ਹਾਂ ਦੀ ਪਾਲਣਾ ਕਰਨੀ ਜ਼ਰੂਰੀ ਹੈ। ਕਣਕ ਦੀ ਕਟਾਈ ਅਤੇ ਮੰਡੀਕਰਨ ਦੇ ਕੰਮ ਵਿੱਚ ਜ਼ਿਆਦਾ ਮਜ਼ਦੂਰਾਂ ਦੀ ਜ਼ਰੂਰਤ ਹੋਣ ਕਾਰਨ ਉਨ੍ਹਾਂ ਵਿੱਚ ਸਮਾਜਿਕ ਦੂਰੀ, ਸਾਫ ਸਫਾਈ ਦਾ ਧਿਆਨ ਵੀ ਰੱਖਣਾ ਪੈਣਾ ਹੈ।
ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
ਪਿਛਲੇ ਸਮੇਂ ਦੌਰਾਨ ਦੇਖਿਆ ਗਿਆ ਹੈ ਕਿ ਕਣਕ ਦੀ ਕਟਾਈ ਸਮੇਂ ਬਿਜਲੀ ਦੀਆ ਤਾਰਾਂ ਢਿੱਲੀਆ ਹੋਣ, ਬਿਜਲੀ ਦੇ ਟਰਾਂਸਫਾਰਮਰ ਤੋਂ ਨਿਕਲੇ ਚੰਗਿਆੜਿਆਂ ਕਾਰਨ, ਮਜ਼ਦੂਰ ਦੁਆਰਾ ਸੁੱਟੀ ਸੁਲਗਦੀ ਬੀੜੀ ਸਿਗਰਟ ਕਾਰਨ ਜਾਂ ਕਿਸੇ ਹੋਰ ਅਣਗਹਿਲੀ ਕਾਰਨ ਕਣਕ ਦੀ ਫਸਲ ਜਾਂ ਕਣਕ ਦੇ ਨਾੜ ਨੂੰ ਅੱਗ ਲੱਗ ਜਾਂਦੀ ਹੈ। ਇਸ ਲਈ ਖੇਤਾਂ ਵਿੱਚ ਬਿਜਲੀ ਦੀਆਂ ਤਾਰਾਂ ਦੀ ਉੱਚਾਈ ਇੰਨੀ ਹੋਣੀ ਚਾਹੀਦੀ ਹੈ ਕਿ ਕਣਕ ਦੀ ਕਟਾਈ ਸਮੇਂ ਕੰਬਾਈਨ ਹਾਰਵੈਸਟਰ ਛੱਤਰੀ ਸਮੇਤ ਆਸਾਨੀ ਨਾਲ ਨਿਕਲ ਸਕੇ।
ਕੰਬਾਈਨ ਹਾਰਵੈਸਟਰ ਨੂੰ ਚਲਾਉਣ ਤੋਂ ਪਹਿਲਾਂ ਚੰਗੀ ਤਰਾਂ ਮਿਸਤਰੀ ਤੋਂ ਚੈੱਕ ਕਰਵਾ ਲੈਣੀ ਚਾਹੀਦੀ ਹੈ, ਤਾਂ ਜੋ ਕੰਬਾਈਨ ਹਾਰਵੈਸਟਰ ਦੇ ਪੁਰਜ਼ਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।
ਕਣਕ ਦੀ ਕਟਾਈ ਦਾ ਕੰਮ ਮੁਕੰਮਲ ਹੋਣ ਤੱਕ ਤੂੜੀ ਬਨਾਉਣ ਲਈ ਰੀਪਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ।